ਚਡੀਗੜ੍ਹ (ਗੁਰਜੀਤ ਬਿੱਲਾ)
ਸੂਬੇ ਦੀ ਸਿੱਖਿਆ ਪ੍ਰਣਾਲੀ ਵਿੱਚ ਕ੍ਰਾਂਤੀਕਾਰੀ ਤਬਦੀਲੀ ਲਿਆਉਣ ਦੀ ਦਿਸ਼ਾ ਵਿੱਚ ਇੱਕ ਹੋਰ ਅਹਿਮ ਕਦਮ ਚੁੱਕਦਿਆਂ ਪੰਜਾਬ ਸਰਕਾਰ 7 ਅਪ੍ਰੈਲ ਤੋਂ ਸ਼ੁਰੂ ਹੋਣ ਵਾਲਾ 54 ਦਿਨਾਂ ਦਾ ਸਿੱਖਿਆ ਦਾ ਤਿਉਹਾਰ ‘ਸਿੱਖਿਆ ਕ੍ਰਾਂਤੀ’ ਦੇ ਆਗਾਜ਼ ਲਈ ਪੂਰੀ ਤਰ੍ਹਾਂ ਤਿਆਰ ਹੈ।ਇਸ ਤਹਿਤ ਸੂਬੇ ਭਰ ਦੇ 12,000 ਸਰਕਾਰੀ ਸਕੂਲਾਂ ਵਿੱਚ 2,000 ਕਰੋੜ ਰੁਪਏ ਦੀ ਲਾਗਤ ਵਾਲੇ ਨਵੇਂ ਬੁਨਿਆਦੀ ਢਾਂਚਾ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਜਾਵੇਗਾ।ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਪ੍ਰੈਸ ਕਾਨਫਰੰਸ ਦੌਰਾਨ ਇਸ ਪਹਿਲਕਦਮੀ ਦਾ ਐਲਾਨ ਕੀਤਾ, ਜਿਸ ਵਿੱਚ ਉਨ੍ਹਾਂ ਨੇ ਸੂਬਾ ਸਰਕਾਰ ਦੀ ਬਰਾਬਰੀ ਅਤੇ ਆਧੁਨਿਕ ਸਿੱਖਿਆ ਪ੍ਰਣਾਲੀ ਵਾਲਾ ਵਾਤਾਵਰਣ ਸਿਰਜਣ ਪ੍ਰਤੀ ਵਚਨਬੱਧਤਾ ’ਤੇ ਜ਼ੋਰ ਦਿੱਤਾ ਤਾਂ ਜੋ ਵਿਦਿਆਰਥੀਆਂ ਨੂੰ ਮੌਜੂਦਾ ਸਮੇਂ ਦੇ ਹਾਣੀ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਇਹ ਵਿਆਪਕ ਬੁਨਿਆਦੀ ਢਾਂਚਾ ਵਿਕਾਸ ਪ੍ਰੋਗਰਾਮ ਆਧੁਨਿਕ ਸਿੱਖਿਆ ਸਹੂਲਤਾਂ ਨਾਲ ਲੈੱਸ ਕਰਨ ਦੇ ਉਦੇਸ਼ ਨਾਲ ਸਰਕਾਰੀ ਸਕੂਲਾਂ ਵਿੱਚ ਨਵੇਂ ਕਮਰਿਆਂ ਦੀ ਉਸਾਰੀ ਅਤੇ ਨਵੀਆਂ ਵਿੱਦਿਅਕ ਤਕਨੀਕਾਂ ‘ਤੇ ਕੇਂਦਰਿਤ ਹੈ।ਸਿੱਖਿਆ ਮੰਤਰੀ ਨੇ ਕਿਹਾ ਕਿ ਇਹ ਪਹਿਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਸੂਬੇ ਦੇ ਸਾਰੇ ਬੱਚਿਆਂ ਲਈ ਮਿਆਰੀ ਸਿੱਖਿਆ ਪ੍ਰਦਾਨ ਕਰਨ ਦੀ ਵਚਨਬੱਧਤਾ ਨੂੰ ਉਜਾਗਰ ਕਰਦੀ ਹੈ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਮਾਨ ਨੇ ਹੁਕਮਾਂ ਮੁਤਾਬਕ ਸਰਕਾਰੀ ਸਕੂਲਾਂ ਨੂੰ ਸਾਰੀਆਂ ਲੋੜੀਂਦੀਆਂ ਬੁਨਿਆਦੀ ਸਹੂਲਤਾਂ ਨਾਲ ਲੈਸ ਕੀਤਾ ਗਿਆ ਹੈ, ਜਿਨ੍ਹਾਂ ਵਿੱਚ ਸਾਫ਼ ਪੀਣ ਵਾਲਾ ਪਾਣੀ, ਹਾਈ-ਸਪੀਡ ਵਾਈਫਾਈ ਕੁਨੈਕਸ਼ਨ, ਲੜਕੀਆਂ ਅਤੇ ਲੜਕਿਆਂ ਲਈ ਵੱਖਰੇ ਪਖਾਨੇ, ਡੈਸਕ ਤੇ ਕੁਰਸੀਆਂ ਤੇ ਚਾਰਦੀਵਾਰੀ ਸ਼ਾਮਲ ਹੈ।ਉਨ੍ਹਾਂ ਕਿਹਾ ਕਿ ਪੰਜਾਬ ਦੇਸ਼ ਦਾ ਪਹਿਲਾ ਸੂਬਾ ਹੈ ਜਿੱਥੇ ਸਕੂਲਾਂ ਵਿੱਚ ਕੈਂਪਸ ਮੈਨੇਜਰ ਅਤੇ ਸੁਰੱਖਿਆ ਗਾਰਡ ਨਿਯੁਕਤ ਕੀਤੇ ਗਏ ਹਨ ਅਤੇ ਵਿਦਿਆਰਥੀਆਂ ਲਈ ਬੱਸ ਸੇਵਾ ਸ਼ੁਰੂ ਕੀਤੀ ਗਈ ਹੈ।ਸਿੱਖਿਆ ਮੰਤਰੀ ਨੇ ਦੱਸਿਆ ਕਿ ਸਰਕਾਰੀ ਸਕੂਲਾਂ ਦੇ ਰੱਖ-ਰਖਾਵ ਤੇ ਸਾਲਾਨਾ 200 ਕਰੋੜ ਰੁਪਏ ਤੋਂ ਵੱਧ ਖਰਚਾ ਕੀਤਾ ਜਾਂਦਾ ਹੈ।ਬੈਂਸ ਨੇ ਕਿਹਾ ਕਿ ‘ਸਿੱਖਿਆ ਕ੍ਰਾਂਤੀ’ ਦੇ ਪਹਿਲੇ ਦਿਨ, ਕੈਬਨਿਟ ਮੰਤਰੀਆਂ ਅਤੇ ਹੋਰ ਪਤਵੰਤਿਆਂ ਵੱਲੋਂ 350 ਤੋਂ ਵੱਧ ਸਰਕਾਰੀ ਸਕੂਲਾਂ ਵਿੱਚ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਜਾਵੇਗਾ।ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਪ ਪੰਜਾਬ ਦੇ ਇੰਚਾਰਜ ਮਨੀਸ਼ ਸਿਸੋਦੀਆ ਸ਼ਹੀਦ ਭਗਤ ਸਿੰਘ ਨਗਰ ਵਿਖੇ ਸਕੂਲ ਆਫ਼ ਐਮੀਨੈਂਸ ਦਾ ਉਦਘਾਟਨ ਕਰਨਗੇ।