ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਕਰਨੈਲ ਸਿੰਘ ਪੀਰ ਮੁਹੰਮਦ ਨੇ ਦਲ ਦੀ ਵਰਕਿੰਗ ਕਮੇਟੀ ਦੀ ਮੀਟਿੰਗ ਤੋਂ ਐਨ ਇੱਕ ਦਿਨ ਪਹਿਲਾਂ ਸੋਮਵਾਰ ਸਾਰੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ।
ਉਸ ਨੇ ਅਕਾਲੀ ਲੀਡਰਸ਼ਿਪ ਉਤੇ ਜ਼ੋਰਦਾਰ ਹਮਲੇ ਕਰਦਿਆਂ ਦੋਸ਼ ਲਾਇਆ ਕਿ ਪਾਰਟੀ ਨੇ ਅਕਾਲ ਤਖਤ ਦੇ ਆਦੇਸ਼ਾਂ ਦੀ ਉਲੰਘਣਾ ਕੀਤੀ ਹੈ।
ਦੂਜੇ ਪਾਸੇ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਪੀਰ ਮੁਹੰਮਦ ਨੇ ਬੜੀ ਹੁਸ਼ਿਆਰੀ ਨਾਲ ਵਰਕਿੰਗ ਕਮੇਟੀ ਦੀ ਮੀਟਿੰਗ ਤੋਂ ਪਹਿਲਾਂ ਅਸਤੀਫਾ ਦਿੱਤਾ ਹੈ। ਮੰਗਲਵਾਰ ਨੂੰ ਵਰਕਿੰਗ ਕਮੇਟੀ ਦੀ ਮੀਟਿੰਗ ਮਗਰੋਂ ਸਮੁੱਚਾ ਢਾਂਚਾ ਉਂਜ ਹੀ ਭੰਗ ਹੋ ਜਾਣਾ ਸੀ, ਪਰ ਪੀਰ ਮੁਹੰਮਦ ਨੇ ਦਿਖਾਵੇ ਲਈ ਐਨ ਪਹਿਲਾਂ ਇਹ ਕਦਮ ਚੁੱਕਿਆ ਹੈ। ਡਾ. ਚੀਮਾ ਨੇ ਕਿਹਾ ਕਿ ਇਹ ਪੀਰ ਮੁਹੰਮਦ ਦੀ ਕਲਾ ਹੈ।




