ਨਵਾਂਸ਼ਹਿਰ/ਬੰਗਾ (ਕੁਲਵਿੰਦਰ ਸਿੰਘ ਦੁਰਗਾਪੁਰੀਆ/ਅਵਤਾਰ ਕਲੇਰ)
ਸੂਬੇ ਵਿੱਚ ‘ਸਿੱਖਿਆ ਕ੍ਰਾਂਤੀ’ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਮਵਾਰ ਸੂਬੇ ਵਿੱਚ ‘ਸਿੱਖਿਆ ਕ੍ਰਾਂਤੀ’ ਤਹਿਤ 2000 ਕਰੋੜ ਰੁਪਏ ਦੀ ਲਾਗਤ ਨਾਲ ਸਿੱਖਿਆ ਖੇਤਰ ਨੂੰ ਵੱਡਾ ਹੁਲਾਰਾ ਦਿੱਤਾ।ਇੱਥੇ ਅਤਿ-ਆਧੁਨਿਕ ‘ਸਕੂਲ ਆਫ਼ ਐਮੀਨੈਂਸ’ ਦਾ ਨਵਾਂ ਬਲਾਕ ਲੋਕਾਂ ਨੂੰ ਸਮਰਪਿਤ ਕਰਨ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਸਿਹਤ ਅਤੇ ਸਿੱਖਿਆ ਪ੍ਰਣਾਲੀ ਨੂੰ ਸੁਰਜੀਤ ਕਰਨ ਲਈ ਠੋਸ ਯਤਨ ਕਰ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਹੁਣ ਤੱਕ ਆਪਣੇ ਬੱਚੇ ਨੂੰ ਸਰਕਾਰੀ ਸਕੂਲ ਭੇਜਣਾ ਆਮ ਆਦਮੀ ਦੀ ਮਜਬੂਰੀ ਸੀ, ਪਰ ਹੁਣ ਸਿੱਖਿਆ ਪ੍ਰਣਾਲੀ ਨੂੰ ਨਵਾਂ ਰੂਪ ਦੇਣ ਨਾਲ ਹੁਣ ਮਾਪਿਆਂ ਦੀ ਇੱਛਾ ਹੋਵੇਗੀ ਕਿ ਉਨ੍ਹਾਂ ਦਾ ਬੱਚਾ ਸਰਕਾਰੀ ਸਕੂਲ ਵਿੱਚੋਂ ਤਾਲੀਮ ਹਾਸਲ ਕਰੇ। ਉਹਨਾ ਕਿਹਾ ਕਿ ਜਿਨ੍ਹਾਂ ਲੋਕਾਂ ਨੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਤੋਂ ਵਾਂਝਾ ਰੱਖਿਆ ਅਤੇ ਜਿਨ੍ਹਾਂ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕੀਤੀ ਹੈ, ਉਨ੍ਹਾਂ ਨੂੰ ਆਪਣੇ ਪਾਪਾਂ ਦੀ ਸਜ਼ਾ ਮਿਲ ਰਹੀ ਹੈ। ਲੋਕਾਂ ਨੇ ਅਜਿਹੇ ਆਗੂਆਂ ਨੂੰ ਪਹਿਲਾਂ ਹੀ ਸੱਤਾ ਤੋਂ ਲਾਂਭੇ ਕਰ ਦਿੱਤਾ ਹੈ ਅਤੇ ਹੁਣ ਉਹ ਸਿਆਸੀ ਗੁੰਮਨਾਮੀ ਵਿੱਚ ਹਨ।ਮਾਨ ਨੇ ਕਿਹਾ ਕਿ ਪੰਜਾਬੀ ਇਨ੍ਹਾਂ ਦੋਸ਼ੀਆਂ ਨੂੰ ਉਨ੍ਹਾਂ ਦੇ ਪਾਪਾਂ ਲਈ ਕਦੇ ਮੁਆਫ਼ ਨਹੀਂ ਕਰਨਗੇ ਅਤੇ ਉਨ੍ਹਾਂ ਨੂੰ ਸਬਕ ਸਿਖਾਉਣਗੇ।ਇਸ ਦੌਰਾਨ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਕਿਹਾ ਕਿ ਬੀਤੇ ਤਿੰਨ ਸਾਲਾਂ ਵਿੱਚ ਸੂਬੇ ਦੇ 12000 ਤੋਂ ਵੱਧ ਸਕੂਲਾਂ ਦੀ ਦਿਸ਼ਾ ਤੇ ਦਸ਼ਾ ਪੂਰੀ ਤਰ੍ਹਾਂ ਬਦਲ ਚੁੱਕੀ ਹੈ। ਉਨ੍ਹਾ ਕਿਹਾ ਕਿ ਤਿੰਨ ਸਾਲਾਂ ਪਹਿਲਾਂ ਸਰਕਾਰੀ ਸਕੂਲਾਂ ਦੀ ਤਸਵੀਰ ਬਦਹਾਲ ਹੁੰਦੀ ਸੀ, ਪਰ ਇਸ ਵੇਲੇ ਸੂਬਾ ਭਰ ਦੇ ਸਰਕਾਰੀ ਸਕੂਲਾਂ ਵਿੱਚ 29 ਲੱਖ ਵਿਦਿਆਰਥੀਆਂ ਨੂੰ ਆਹਲਾ ਦਰਜੇ ਦੀਆਂ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ। ਇਸ ਮੌਕੇ ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ, ਵਿਧਾਇਕ ਡਾ. ਸੁਖਵਿੰਦਰ ਕੁਮਾਰ ਸੁੱਖੀ, ਨਛੱਤਰ ਪਾਲ, ਸਕੱਤਰ ਸਿੱਖਿਆ ਅਨੰਦਿਤਾ ਮਿੱਤਰਾ ਤੇ ਹੋਰ ਸ਼ਖਸੀਅਤਾਂ ਵੀ ਮੌਜੂਦ ਸਨ।