ਲਾਅ ਅਫਸਰਾਂ ਦੀ ਭਰਤੀ ’ਚ ਐੱਸ ਸੀ ਵਰਗ ਨੂੰ ਢੁਕਵੀਂ ਨੁਮਾਇੰਦਗੀ ਲਈ ਆਰਡੀਨੈਂਸ ਜਾਰੀ ਹੋਵੇਗਾ

0
14

ਚੰਡੀਗੜ੍ਹ (ਗੁਰਜੀਤ ਬਿੱਲਾ/ਕਿ੍ਰਸ਼ਨ ਗਰਗ)
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਸੂਬੇ ਵਿੱਚ ਅਨੁਸੂਚਿਤ ਜਾਤੀ ਭਾਈਚਾਰੇ ਨੂੰ ਲਾਅ ਅਫ਼ਸਰਾਂ ਵਜੋਂ ਠੇਕੇ ਉਤੇ ਭਰਤੀ ਵਿੱਚ ਢੁਕਵੀਂ ਨੁਮਾਇੰਦਗੀ ਮੁਹੱਈਆ ਕਰਨ ਲਈ ਆਰਡੀਨੈਂਸ ਜਾਰੀ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ।ਮੰਤਰੀ ਮੰਡਲ ਦੀ ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਕੈਬਨਿਟ ਨੇ ਪੰਜਾਬ ਲਾਅ ਆਫ਼ਿਸਰਜ਼ (ਇੰਗੇਜਮੈਂਟ) ਐਕਟ, 2017 ਵਿੱਚ ਸੋਧ ਲਈ ਆਰਡੀਨੈਂਸ ਜਾਰੀ ਕਰਨ ਨੂੰ ਮਨਜ਼ੂਰੀ ਦੇ ਦਿੱਤੀ। ਇਸ ਕਦਮ ਦਾ ਉਦੇਸ਼ ਸੂਬੇ ਵਿੱਚ ਅਨੁਸੂਚਿਤ ਜਾਤੀ ਭਾਈਚਾਰੇ ਨਾਲ ਸਬੰਧਤ ਲਾਅ ਅਫ਼ਸਰਾਂ ਦੀ ਠੇਕੇ ਉਤੇ ਨਿਯੁਕਤੀ ਲਈ ਆਮਦਨ ਦੇ ਮਾਪਦੰਡਾਂ ਵਿੱਚ ਢਿੱਲ ਦੇਣ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਆਮਦਨ ਦੇ ਮਾਪਦੰਡਾਂ ਵਿੱਚ ਢਿੱਲ ਦੇਣ ਦਾ ਉਦੇਸ਼ ਏ ਜੀ ਦਫ਼ਤਰ, ਪੰਜਾਬ ਵਿੱਚ ਲਾਅ ਅਫਸਰਾਂ ਵਜੋਂ ਠੇਕੇ ’ਤੇ ਨਿਯੁਕਤੀ ਲਈ ਅਨੁਸੂਚਿਤ ਜਾਤੀ ਭਾਈਚਾਰੇ ਦੇ ਮੈਂਬਰਾਂ ਨੂੰ ਢੁਕਵੀਂ ਪ੍ਰਤੀਨਿਧਤਾ ਮੁਹੱਈਆ ਕਰਨਾ ਹੈ।
ਇਕ ਹੋਰ ਮਹੱਤਵਪੂਰਨ ਫੈਸਲੇ ਵਿੱਚ ਮੰਤਰੀ ਮੰਡਲ ਨੇ ਸੂਬੇ ਦੇ ਇੰਪਰੂਵਮੈਂਟ ਟਰੱਸਟਾਂ ਦੇ ਅਲਾਟੀਆਂ ਲਈ ਗੈਰ-ਨਿਰਮਾਣ ਫੀਸ ਅਤੇ ਬਕਾਇਆ ਅਲਾਟਮੈਂਟ ਰਕਮ ਸਬੰਧੀ ਯਕਮੁਸ਼ਤ ਰਾਹਤ (ਓ ਟੀ ਆਰ) ਦੇਣ ਦੀ ਨੀਤੀ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ। ਇਹ ਫੈਸਲਾ ਅਲਾਟੀਆਂ ਨੂੰ ਵੱਡੀ ਰਾਹਤ ਦੇਵੇਗਾ, ਕਿਉਕਿ ਉਨ੍ਹਾਂ ਦਾ ਵਿਆਜ ਮੁਆਫ਼ ਹੋਵੇਗਾ।
ਭੂਗੋਲਿਕ ਅਤੇ ਪ੍ਰਸ਼ਾਸਕੀ ਪਹੁੰਚ ਵਧਾਉਣ, ਕਾਰਜ-ਕੁਸ਼ਲਤਾ ਵਧਾਉਣ, ਖ਼ਰਚੇ ਘਟਾਉਣ ਅਤੇ ਵਿਧਾਨਕ ਤਾਲਮੇਲ ਬਣਾਈ ਰੱਖਣ ਲਈ ਮੰਤਰੀ ਮੰਡਲ ਨੇ ਸੂਬੇ ਵਿੱਚ ਮੌਜੂਦਾ ਬਲਾਕਾਂ ਦੇ ਪੁਨਰਗਠਨ ਅਤੇ ਇਸ ਨੂੰ ਤਰਕਸੰਗਤ ਬਣਾਉਣ ਲਈ ਵੀ ਹਰੀ ਝੰਡੀ ਦੇ ਦਿੱਤੀ ਹੈ। ਵਡੇਰੇ ਜਨਤਕ ਹਿੱਤ ਵਿੱਚ ਬਿਹਤਰ ਪ੍ਰਸ਼ਾਸਨ ਯਕੀਨੀ ਬਣਾਉਣ ਲਈ ਇਨ੍ਹਾਂ ਬਲਾਕਾਂ ਦੇ ਪੁਨਰਗਠਨ ਦੀ ਲੋੜ ਹੈ। ਜ਼ਿਕਰਯੋਗ ਹੈ ਕਿ ਮੌਜੂਦਾ ਸਮੇਂ ਵਿੱਚ 154 ਬਲਾਕ ਹਨ ਅਤੇ ਕਈ ਅਸਪੱਸ਼ਟਤਾ ਕਾਰਨ ਇਨ੍ਹਾਂ ਬਲਾਕਾਂ ਵਿੱਚ ਪ੍ਰਸ਼ਾਸਨ ਨੂੰ ਸੁਚਾਰੂ ਤਰੀਕੇ ਨਾਲ ਚਲਾਉਣ ਵਿੱਚ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ।ਇਕ ਹੋਰ ਮਹੱਤਵਪੂਰਨ ਫੈਸਲੇ ਵਿੱਚ ਮੰਤਰੀ ਮੰਡਲ ਨੇ ਮੈਡੀਕਲ ਸਿੱਖਿਆ ਤੇ ਖੋਜ ਵਿਭਾਗ ਅਧੀਨ ਮੈਡੀਕਲ ਕਾਲਜਾਂ ਵਿੱਚ ਸੇਵਾ-ਮੁਕਤੀ ਦੀ ਉਮਰ ਮੌਜੂਦਾ 62 ਸਾਲ ਤੋਂ ਵਧਾ ਕੇ 65 ਸਾਲ ਕਰ ਦਿੱਤੀ ਹੈ। ਇਸ ਫੈਸਲੇ ਨਾਲ ਮੈਡੀਕਲ ਕਾਲਜਾਂ ਵਿੱਚ ਮਿਆਰੀ ਸਿੱਖਿਆ ਮੁਹੱਈਆ ਕਰਵਾਉਣ ਵਿੱਚ ਮਦਦ ਹੋਵੇਗੀ, ਜਿਸ ਨਾਲ ਇਨ੍ਹਾਂ ਕਾਲਜਾਂ ਵਿੱਚ ਪੜ੍ਹ ਰਹੇ ਵਿਦਿਆਰਥੀਆਂ ਨੂੰ ਵੱਡਾ ਲਾਭ ਮਿਲੇਗਾ।
ਮੰਤਰੀ ਮੰਡਲ ਨੇ ਸਰਕਾਰੀ ਹਸਪਤਾਲਾਂ ਵਿੱਚ ਡਾਕਟਰਾਂ ਦੀ ਕਮੀ ਨਾਲ ਨਿਪਟਣ ਲਈ ਸੇਵਾ-ਮੁਕਤ ਡਾਕਟਰਾਂ ਦੀਆਂ ਸੇਵਾਵਾਂ ਹਾਸਲ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਜਨਤਕ ਹਿੱਤ ਵਿੱਚ ਲੋੜ ਪੈਣ ’ਤੇ ਹਰੇਕ ਸਾਲ ਇਨ੍ਹਾਂ ਡਾਕਟਰਾਂ ਦੀਆਂ ਸੇਵਾਵਾਂ ਹਾਸਲ ਕੀਤੀਆਂ ਜਾਣਗੀਆਂ।