ਪਟਿਆਲਾ : ਅੰਬੇਡਕਰ ਜੈਅੰਤੀ ਮੌਕੇ ਪੰਜਾਬੀ ਯੂਨੀਵਰਸਿਟੀ ਵਿੱਚ ਰਾਜ ਪੱਧਰੀ ਸਮਾਗਮ ਲਈ ਪੁੱਜੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸੀਨੀਅਰ ਕਾਂਗਰਸੀ ਆਗੂ ਤੇ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਗੈਰ-ਜ਼ਿੰਮੇਵਾਰਾਨਾ ਭੂਮਿਕਾ ਨਿਭਾ ਰਹੇ ਹਨ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਜੇ ਬੰਬਾਂ ਵਾਲੀ ਕੋਈ ਗੱਲ ਹੁੰਦੀ ਤਾਂ ਕੇਂਦਰ ਤੇ ਪੰਜਾਬ ਦੀਆਂ ਏਜੰਸੀਆਂ ਇਕ-ਦੂਜੇ ਨਾਲ ਰਾਬਤਾ ਜ਼ਰੂਰ ਕਰਦੀਆਂ, ਪਰ ਅਜਿਹਾ ਕੁਝ ਨਹੀਂ ਹੋਇਆ। ਉਨ੍ਹਾ ਕਿਹਾ ਕਿ ਬਾਜਵਾ ਨੇ ਦਹਿਸ਼ਤ ਫੈਲਾਉਣ ਲਈ ਅਜਿਹਾ ਕੀਤਾ ਜਾਂ ਫਿਰ ਉਹ ਕੋਈ ਰਾਜ਼ ਛੁਪਾ ਰਹੇ ਹਨ।
ਬਾਜਵਾ ਨੇ ਪਿਛਲੇ ਦਿਨੀਂ ਇਕ ਨਿੱਜੀ ਟੀ ਵੀ ਚੈਨਲ ਨੂੰ ਦਿੱਤੀ ਇੰਟਰਵਿਊ ਵਿੱਚ ਦਾਅਵਾ ਕੀਤਾ ਸੀ ਕਿ ਪੰਜਾਬ ਵਿਚ 50 ਬੰਬ ਆਏ ਹਨ, ਜਿਨ੍ਹਾਂ ਵਿੱਚੋਂ 18 ਚੱਲ ਚੁੱਕੇ ਹਨ, ਜਦੋਂਕਿ 32 ਅਜੇ ਚੱਲਣੇ ਬਾਕੀ ਹਨ। ਪੰਜਾਬ ਪੁਲਸ ਨੇ ਐਤਵਾਰ ਰਾਤੀਂ ਬਾਜਵਾ ਖਿਲਾਫ ਮੁਹਾਲੀ ਦੇ ਥਾਣੇ ਵਿੱਚ ਕੇਸ ਦਰਜ ਕਰ ਲਿਆ ਸੀ।
ਸੂਬੇ ਦੀ ਸ਼ਾਂਤੀ, ਤਰੱਕੀ ਅਤੇ ਖ਼ੁਸ਼ਹਾਲੀ ਦੇ ਰਾਹ ਵਿੱਚ ਰੋੜਾ ਬਣਨ ਦੀਆਂ ਕੋਸ਼ਿਸ਼ਾਂ ਕਰ ਰਹੀਆਂ ਫੁੱਟਪਾਊ ਤਾਕਤਾਂ ’ਤੇ ਨਿਸ਼ਾਨਾਂ ਵਿੰਨ੍ਹਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅਜਿਹੀਆਂ ਤਾਕਤਾਂ ਹੁਣ ਪੰਜਾਬ ਵਿੱਚ ਡਾ. ਬੀ ਆਰ ਅੰਬੇਡਕਰ ਦੇ ਬੁੱਤਾਂ ਨੂੰ ਤੋੜਨ ਦੀ ਕੋਸ਼ਿਸ਼ ਕਰ ਰਹੀਆਂ ਹਨ। ਉਨ੍ਹਾ ਕਿਹਾ ਕਿ ਇਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਇਸ ਘਿਨਾਉਣੇ ਅਪਰਾਧ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ। ਮਾਨ ਨੇ ਕਿਹਾ ਕਿ ਇਸ ਘਿਨਾਉਣੇ ਕਾਰੇ ਵਿੱਚ ਸ਼ਾਮਲ ਦੋਸ਼ੀਆਂ ਨੂੰ ਮਿਸਾਲੀ ਸਜ਼ਾ ਦਿੱਤੀ ਜਾਵੇਗੀ।ਮੁੱਖ ਮੰਤਰੀ ਨੇ ਇਹ ਵੀ ਐਲਾਨ ਕੀਤਾ ਕਿ ਸੂਬਾ ਸਰਕਾਰ ਵੱਲੋਂ ਨੌਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਵੱਡੇ ਪੱਧਰ ’ਤੇ ਮਨਾਉਣ ਲਈ ਕਈ ਪ੍ਰੋਗਰਾਮ ਕਰਵਾਏ ਜਾਣਗੇ।