ਛਾਜਲੀ (ਸੰਗਰੂਰ) (ਅਸ਼ੋਕ ਬਾਂਸਲ/ ਹਾਕਮ ਭੱਟੀ)
ਪੰਜਾਬ ਵਿੱਚ 50 ਬੰਬ ਆਉਣ ਦੇ ਦਾਅਵੇ ਦਾ ਖੁਲਾਸਾ ਕਰਨ ਤੋਂ ਭੱਜਣ ਲਈ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ’ਤੇ ਮੁੜ ਨਿਸ਼ਾਨਾ ਸਾਧਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਗਲਵਾਰ ਕਿਹਾ ਕਿ ਬਾਜਵਾ ਆਪਣੇ ਸੌੜੇ ਮੁਫਾਦ ਲਈ ਕਿਸੇ ਅਣਸੁਖਾਵੀਂ ਘਟਨਾ ਦੇ ਵਾਪਰਨ ਦੀ ਉਡੀਕ ਕਰ ਰਹੇ ਹਨ, ਤਾਂ ਕਿ ਲੋਕਾਂ ਵਿੱਚ ਦਹਿਸ਼ਤ ਫੈਲਾਈ ਜਾ ਸਕੇ।
ਇੱਥੇ ‘ਸਕੂਲ ਆਫ ਐਮੀਨੈਂਸ’ ਲੋਕਾਂ ਨੂੰ ਸਮਰਪਿਤ ਕਰਨ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਜੇਕਰ ਬਾਜਵਾ ਕੋਲ ਬੰਬਾਂ ਬਾਰੇ ਕਿਸੇ ਤਰ੍ਹਾਂ ਦੀ ਜਾਣਕਾਰੀ ਹੈ ਤਾਂ ਉਹ ਇਸ ਨੂੰ ਜਨਤਕ ਕਰਨ ਤੋਂ ਝਿਜਕ ਕਿਉ ਰਹੇ ਹਨ। ਜਦੋਂ ਸਰਕਾਰ ਨੇ ਬਾਜਵਾ ਦੇ ਇਸ ਗੁੰਮਰਾਹਕੁਨ ਬਿਆਨ ਖਿਲਾਫ਼ ਕੇਸ ਦਰਜ ਕੀਤਾ ਤਾਂ ਹੁਣ ਉਹ ਕਾਨੂੰਨੀ ਕਾਰਵਾਈ ਤੋਂ ਬਚਣ ਲਈ ਵਕੀਲਾਂ ਦੇ ਹਾੜੇ ਕੱਢ ਰਹੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਵਿਰੋਧੀ ਧਿਰ ਦੇ ਨੇਤਾ ਨੂੰ ਅਜਿਹੀ ਹੋਛੀ ਸਿਆਸਤ ਤੋਂ ਗੁਰੇਜ਼ ਕਰਨਾ ਚਾਹੀਦਾ ਹੈ, ਕਿਉਕਿ ਆਮ ਲੋਕਾਂ ਵਿੱਚ ਦਹਿਸ਼ਤ ਪੈਦਾ ਕਰਕੇ ਵੋਟਾਂ ਹਾਸਲ ਕਰਨ ਦਾ ਭਰਮ ਨਹੀਂ ਪਾਲਣਾ ਚਾਹੀਦਾ। ਮੁੱਖ ਮੰਤਰੀ ਨੇ ਕਿਹਾ ਕਿ ਵਿਰੋਧੀ ਧਿਰ ਨੂੰ ਅਜਿਹੀ ਬੇਹੂਦਾ ਬਿਆਨਬਾਜ਼ੀ ਕਰਨ ਦੀ ਬਜਾਏ ਮੁੱਦਿਆਂ ’ਤੇ ਆਧਾਰਿਤ ਰਾਜਨੀਤੀ ’ਤੇ ਧਿਆਨ ਕੇਂਦਰਤ ਕਰਨਾ ਚਾਹੀਦਾ ਹੈ।
ਉਹਨਾ ਕਿਹਾ ਕਿ ਲੋਕਾਂ ਦੀ ਖੁਸ਼ਹਾਲੀ ਅਤੇ ਸੂਬੇ ਦੀ ਭਲਾਈ ਲਈ ਉਹ ਸਮਰਪਿਤ ਹੋ ਕੇ ਕੰਮ ਕਰ ਰਹੇ ਹਨ, ਪਰ ਕੁਝ ਸਿਆਸੀ ਲੀਡਰਾਂ ਨੂੰ ਇਹ ਹਜ਼ਮ ਨਹੀਂ ਹੋ ਰਿਹਾ, ਜਿਸ ਕਰਕੇ ਉਹ ਵਾਰ-ਵਾਰ ਉਹਨਾ ਖਿਲਾਫ਼ ਜ਼ਹਿਰ ਉਗਲ ਰਹੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਸੁਖਬੀਰ ਬਾਦਲ ਸਿਆਸੀ ਤੌਰ ਉਤੇ ਨਾਕਾਮ ਹੋ ਚੁੱਕਾ ਸਿਆਸਤਦਾਨ ਹੈ, ਜੋ ਆਪਣੇ ਬੱਜਰ ਗੁਨਾਹਾਂ ਦੀ ਸਜ਼ਾ ਭੁਗਤ ਰਿਹਾ ਹੈ। ਉਹਨਾ ਕਿਹਾ ਕਿ ਕਾਂਗਰਸ ਪਾਟੋਧਾੜ ਦਾ ਸ਼ਿਕਾਰ ਹੋ ਚੁੱਕੀ ਹੈ, ਜਿਸ ਕਰਕੇ ਇਸ ਦੇ ਲੀਡਰ ਇਕ-ਦੂਜੇ ਦੇ ਖਿਲਾਫ ਦੋਸ਼ ਮੜ੍ਹ ਰਹੇ ਹਨ।
ਮਾਨ ਨੇ ਸੰਗਰੂਰ ’ਚ ਜ਼ਿਲ੍ਹਾ ਸਿੱਖਿਆ ਤੇ ਸਿਖਲਾਈ ਸੰਸਥਾ (ਡਾਈਟ) ਦਾ ਨਵਾਂ ਬਣਿਆ ਆਡੀਟੋਰੀਅਮ ਲੋਕਾਂ ਨੂੰ ਸਮਰਪਿਤ ਕਰਨ ਮਗਰੋਂ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਖਿੱਤੇ ਵਿੱਚ ਐਲੀਮੈਂਟਰੀ ਸਿੱਖਿਆ ਦੀ ਗੁਣਵੱਤਾ ਵਿੱਚ ਸੁਧਾਰ ਲਈ ਇਹ ਮਿਆਰੀ ਸੰਸਥਾ ਅਹਿਮ ਭੂਮਿਕਾ ਨਿਭਾ ਰਹੀ ਹੈ। ਉਨ੍ਹਾ ਕਿਹਾ ਕਿ 1993 ਵਿੱਚ ਸੰਗਰੂਰ ਵਿੱਚ ਸਥਾਪਤ ਡਾਈਟ ਨੇ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਖੋਲ੍ਹਣ ਵਿੱਚ ਮੁੱਖ ਭੂਮਿਕਾ ਨਿਭਾਈ। ਮਾਨ ਨੇ ਕਿਹਾ ਕਿ ਇੰਜੀਨੀਅਰਿੰਗ ਦਾ ਉੱਤਮ ਨਮੂਨਾ ਇਸ 400 ਸੀਟਾਂ ਦੇ ਅਤਿ-ਆਧੁਨਿਕ ਆਡੀਟੋਰੀਅਮ ਦੇ ਨਿਰਮਾਣ ਉਤੇ 4.16 ਕਰੋੜ ਰੁਪਏ ਦੀ ਲਾਗਤ ਆਈ ਹੈ। ਇਹ ਆਡੀਟੋਰੀਅਮ ਪ੍ਰਾਜੈਕਟਰਾਂ, ਏਅਰ ਕੰਡੀਸ਼ਨਰ ਤੇ ਹੋਰ ਤਕਨੀਕਾਂ ਸਮੇਤ ਆਧੁਨਿਕ ਤਕਨੀਕੀ ਉਪਕਰਨਾਂ ਨਾਲ ਲੈਸ ਹੈ।