ਪਟਿਆਲਾ : ਬਿਜਲੀ ਮੁਲਾਜ਼ਮਾਂ ਦੀਆਂ ਵੱਖ-ਵੱਖ ਜਥੇਬੰਦੀਆਂ ’ਤੇ ਅਧਾਰਤ ਬਣੇ ਪੀ ਐੱਸ ਈ ਬੀ ਇੰਪਲਾਈਜ਼ ਜੁਆਇੰਟ ਫੋਰਮ, ਬਿਜਲੀ ਮੁਲਾਜ਼ਮ ਏਕਤਾ ਮੰਚ ਪੰਜਾਬ ਅਤੇ ਐਸੋਸੀਏਸ਼ਨ ਆਫ ਜੂਨੀਅਰ ਇੰਜੀਨੀਅਰ ਦੀ ਹੰਗਾਮੀ ਵਰਚੂਅਲ ਮੀਟਿੰਗ ਰਤਨ ਸਿੰਘ ਮਜਾਰੀ ਅਤੇ ਗੁਰਪ੍ਰੀਤ ਸਿੰਘ ਗੰਡੀਵਿੰਡ ਦੀ ਪ੍ਰਧਾਨਗੀ ਹੇਠ ਹੋਈ।ਇਸ ਮੀਟਿੰਗ ਵਿੱਚ ਪੰਜਾਬ ਸਰਕਾਰ ਅਤੇ ਬਿਜਲੀ ਨਿਗਮ ਦੀ ਮੈਨੇਜਮੈਂਟ ਵੱਲੋਂ ਅਦਾਰੇ ਦੀਆਂ ਦੋ ਡਵੀਜ਼ਨਾਂ ਖਰੜ ਅਤੇ ਲਾਲੜੂ ਦਾ 11 ਕੇ ਵੀ ਫੀਡਰ ਪ੍ਰਬੰਧਨ ਨਿੱਜੀ ਹੱਥਾਂ ਵਿੱਚ ਸੌਂਪਣ ਦੇ ਫੈਸਲੇ ਦੀ ਜ਼ੋਰਦਾਰ ਨਿੰਦਾ ਕੀਤੀ ਗਈ। ਮੀਟਿੰਗ ਵਿੱਚ ਹਿੱਸਾ ਲੈਣ ਵਾਲੇ ਆਗੂਆਂ ਨੇ ਪਾਵਰ ਮੈਨੇਜਮੈਂਟ ਦੇ ਇਸ ਮੁਲਾਜ਼ਮ ਅਤੇ ਖਪਤਕਾਰ ਵਿਰੋਧੀ ਤੁਗਲਕੀ ਫੁਰਮਾਨ ਖਿਲਾਫ ਡਟਵਾਂ ਵਿਰੋਧ ਕਰਨ ਦਾ ਫ਼ੈਸਲਾ ਕੀਤਾ।
ਆਗੂਆਂ ਨੇ ਕਿਹਾ ਕਿ ਅਦਾਰੇ ਅੰਦਰ ਤਕਨੀਕੀ ਕਰਮਚਾਰੀਆਂ ਦੀਆਂ ਕੁੱਲ ਅਸਾਮੀਆਂ ਵਿੱਚੋਂ 60 ਪ੍ਰਤੀਸ਼ਤ ਖਾਲੀ ਪਈਆਂ ਹਨ, ਜਿਨ੍ਹਾਂ ਨੂੰ ਨਵੀਂ ਭਰਤੀ ਰਾਹੀਂ ਭਰਨ ਦੀ ਬਜਾਏ ਮੈਨੇਜਮੈਂਟ 11 ਕੇ ਵੀ ਫੀਡਰਾਂ ਨੂੰ ਨਿੱਜੀ ਹੱਥਾਂ ਵਿੱਚ ਸੌਂਪਣ ਦੇ ਇਕਪਾਸੜ ਅਤੇ ਘਾਤਕ ਫੈਸਲਿਆਂ ਰਾਹੀਂ ਪਬਲਿਕ ਸੈਕਟਰ ਦੇ ਵੱਡੇ ਅਦਾਰੇ ਦਾ ਭੋਗ ਪਾਉਣ ਦੀਆਂ ਵਿਉਤਬੰਦੀਆਂ ਦੇ ਤੌਰ ’ਤੇ ਦੋ ਡਵੀਜ਼ਨਾਂ ਵਿੱਚ ਪੂਰੀ ਤਰ੍ਹਾਂ ਅਤੇ ਬਾਕੀ ਡਵੀਜ਼ਨਾਂ ਵਿੱਚ ਲਾਈਨਾਂ ਦੀ ਮੇਨਟੀਨੈਸ ਦੇ ਕੰਮ ਨੂੰ ਆਊਟਸੋਰਸਿੰਗ ਰਾਹੀਂ ਕਰਵਾਉਣ ਦੇ ਫੈਸਲੇ ਨੂੰ ਪੱਬਾਂ ਭਾਰ ਹੋ ਕੇ ਲਾਗੂ ਕਰ ਰਹੀ ਹੈ। ਆਗੂਆਂ ਨੇ ਕਿਹਾ ਕਿ ਇਸ ਨੀਤੀ ਨੂੰ ਕਦਾਚਿਤ ਬਰਦਾਸ਼ਤ ਨਹੀਂ ਕਰਾਂਗੇ। ਉਨ੍ਹਾਂ ਕਿਹਾ ਕਿ ਸਟਾਫ ਦੀ ਭਾਰੀ ਕਮੀ ਹੋਣ ਦੇ ਬਾਵਜੂਦ ਆਪਣੀ ਜਾਨ ਜੋਖਮ ਵਿੱਚ ਪਾ ਕੇ ਬਿਜਲੀ ਮੁਲਾਜ਼ਮ ਦਿਨ-ਰਾਤ ਡਿਊਟੀਆਂ ਕਰਕੇ ਪੰਜਾਬ ਦੇ ਲੋਕਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਮੁਹੱਈਆ ਕਰਵਾ ਰਹੇ ਹਨ, ਪਰ ਸਰਕਾਰ ਅਤੇ ਬਿਜਲੀ ਨਿਗਮ ਦੀ ਮੈਨੇਜਮੈਂਟ ਕਿਸ਼ਤਾਂ ਦੇ ਰੂਪ ਵਿੱਚ ਮਹੱਤਵਪੂਰਨ ਅਦਾਰੇ ਨੂੰ ਪੂੰਜੀਪਤੀਆਂ ਦੇ ਹਵਾਲੇ ਕਰਕੇ ਇਕ ਤੀਰ ਨਾਲ ਕਈ ਨਿਸ਼ਾਨੇ ਲਗਾ ਰਹੀ ਹੈ। ਆਗੂਆਂ ਨੇ ਠੇਕੇਦਾਰੀ ਪ੍ਰਬੰਧਨ ਉੱਪਰ ਚਿੰਤਾ ਜ਼ਾਹਰ ਕਰਦੇ ਹੋਏ ਕਿਹਾ ਕਿ ਠੇਕੇਦਾਰਾਂ ਵੱਲੋਂ ਕਰਵਾਏ ਜਾਂਦੇ ਕੰਮ ਗੈਰ ਮਿਆਰੀ ਹੋਣ ਕਰਕੇ ਬੀਤੇ ਸਾਲਾਂ ਵਿੱਚ ਜਿੱਥੇ ਸੈਂਕੜੇ ਬਿਜਲੀ ਮੁਲਾਜ਼ਮ ਹਾਦਸਿਆਂ ਦਾ ਸ਼ਿਕਾਰ ਹੋ ਕੇ ਆਪਣੀਆਂ ਕੀਮਤੀ ਜਾਨਾਂ ਗਵਾ ਬੈਠੇ ਹਨ, ਉਥੇ ਇਸ ਲੋਕ ਅਤੇ ਮੁਲਾਜ਼ਮ ਵਿਰੋਧੀ ਨੀਤੀ ਨੇ ਭਿ੍ਰਸ਼ਟਾਚਾਰ ਵਿੱਚ ਵੀ ਵਾਧਾ ਕੀਤਾ ਹੈ।ਇਸ ਲਈ ਮੈਨੇਜਮੈਂਟ ਇਹ ਫੈਸਲਾ ਵਾਪਸ ਲੈਂਦੇ ਹੋਏ ਤੁਰੰਤ ਖ਼ਾਲੀ ਅਸਾਮੀਆਂ ਵਿਰੁੱਧ ਨਵੀਂ ਭਰਤੀ ਕਰੇ ਤਾਂ ਜੋ ਪੰਜਾਬ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਮਿਲ ਸਕਣ। ਇਸ ਮੀਟਿੰਗ ਵਿੱਚ ਮੁਲਾਜ਼ਮ ਆਗੂਆਂ ਬਲਦੇਵ ਸਿੰਘ ਮੰਢਾਲੀ, ਹਰਪਾਲ ਸਿੰਘ, ਗੁਰਵੇਲ ਸਿੰਘ ਬੱਲਪੁਰੀਆ, ਰਣਜੀਤ ਸਿੰਘ ਢਿੱਲੋਂ, ਰਵੇਲ ਸਿੰਘ ਸਹਾਏਪੁਰ, ਸੁਰਿੰਦਰਪਾਲ ਲਾਹੌਰੀਆ, ਦਵਿੰਦਰ ਸਿੰਘ ਪਿਸੋਰ, ਜਗਤਾਰ ਸਿੰਘ, ਕੁਲਵਿੰਦਰ ਸਿੰਘ ਢਿੱਲੋਂ, ਜਰਨੈਲ ਸਿੰਘ, ਕੌਰ ਸਿੰਘ ਸੋਹੀ, ਸੁਖਵਿੰਦਰ ਸਿੰਘ ਦੁੱਮਣਾ, ਸਰਬਜੀਤ ਸਿੰਘ ਭਾਣਾ, ਸੁਖਵਿੰਦਰ ਸਿੰਘ ਚਾਹਲ, ਪੂਰਨ ਸਿੰਘ ਖਾਈ, ਰਛਪਾਲ ਸਿੰਘ ਪਾਲੀ, ਬਲਜੀਤ ਸਿੰਘ ਮੋਦਲਾ, ਰਘਬੀਰ ਸਿੰਘ, ਬਲਵਿੰਦਰ ਸਿੰਘ, ਗੁਰਪਿਆਰ ਸਿੰਘ, ਗੁਰਤੇਜ ਸਿੰਘ ਪੱਖੋ, ਇੰਜ. ਹਰਮਨਦੀਪ ਆਦਿ ਨੇ ਹਿੱਸਾ ਲਿਆ।ਆਗੂਆਂ ਨੇ ਪੰਜਾਬ ਸਰਕਾਰ ਅਤੇ ਬਿਜਲੀ ਨਿਗਮ ਦੀ ਮੈਨੇਜਮੈਂਟ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਅਜਿਹੇ ਲੋਕ ਅਤੇ ਮੁਲਾਜ਼ਮ ਵਿਰੋਧੀ ਫੈਸਲੇ ਤੁਰੰਤ ਰੱਦ ਨਾ ਕੀਤੇ ਤਾਂ ਬਿਜਲੀ ਮੁਲਾਜ਼ਮ ਡਟਵਾਂ ਵਿਰੋਧ ਕਰਦਿਆਂ ਤਿੱਖਾ ਸੰਘਰਸ਼ ਕਰਨਗੇ, ਜਿਸ ਤੋਂ ਨਿਕਲੇ ਸਿੱਟਿਆਂ ਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਅਤੇ ਪਾਵਰ ਮੈਨੇਜਮੈਂਟ ਦੀ ਹੋਵੇਗੀ ।




