ਨਵੀਂ ਦਿੱਲੀ : ਸੁਪਰੀਮ ਕੋਰਟ ਭਾਜਪਾ ਸੰਸਦ ਮੈਂਬਰ ਨਿਸ਼ੀਕਾਂਤ ਦੂਬੇ ਵੱਲੋਂ ਸਿਖਰਲੀ ਕੋਰਟ ਅਤੇ ਭਾਰਤ ਦੇ ਚੀਫ ਜਸਟਿਸ ਸੰਜੀਵ ਖੰਨਾ ਬਾਰੇ ਕੀਤੀਆਂ ਆਲੋਚਨਾਤਮਕ ਟਿੱਪਣੀਆਂ ਦੇ ਹਵਾਲੇ ਨਾਲ ਦਾਇਰ ਪਟੀਸ਼ਨ ’ਤੇ ਅਗਲੇ ਹਫਤੇ ਸੁਣਵਾਈ ਲਈ ਸਹਿਮਤ ਹੋ ਗਈ ਹੈ। ਇਸ ਮਾਮਲੇ ਨੂੰ ਜਸਟਿਸ ਬੀ ਆਰ ਗਵਈ ਅਤੇ ਜਸਟਿਸ ਅਗਸਟੀਨ ਜੌਰਜ ਮਸੀਹ ਦੀ ਬੈਂਚ ਅੱਗੇ ਫੌਰੀ ਸੂਚੀਬੱਧ ਕਰਨ ਲਈ ਕਿਹਾ ਗਿਆ ਸੀ।
ਵਕੀਲ ਨੇ ਬੈਂਚ ਨੂੰ ਦੱਸਿਆ ਕਿ ਦੂਬੇ ਨੇ ਕਿਹਾ ਸੀ ਕਿ ਚੀਫ ਜਸਟਿਸ ਦੇਸ਼ ਵਿੱਚ ਖਾਨਾਜੰਗੀ ਲਈ ਜ਼ਿੰਮੇਵਾਰ ਹੈ ਅਤੇ ਉਸ ਦੀਆਂ ਟਿੱਪਣੀਆਂ ਵਾਲਾ ਵੀਡੀਓ ਵਾਇਰਲ ਹੋਣ ਤੋਂ ਬਾਅਦ, ਸੋਸ਼ਲ ਮੀਡੀਆ ’ਤੇ ਸੁਪਰੀਮ ਕੋਰਟ ਲਈ ਅਪਮਾਨਜਨਕ ਭਾਸ਼ਾ ਦੀ ਵਰਤੋਂ ਕੀਤੀ ਜਾ ਰਹੀ ਹੈ। ਵਕੀਲ ਨੇ ਕਿਹਾ, ‘‘ਇਹ ਬਹੁਤ ਹੀ ਗੰਭੀਰ ਮੁੱਦਾ ਹੈ।’’ ਜਸਟਿਸ ਗਵਈ ਨੇ ਕਿਹਾ, ‘‘ਤੁਸੀਂ ਕੀ ਦਾਇਰ ਕਰਨਾ ਚਾਹੁੰਦੇ ਹੋ? ਤੁਸੀਂ ਇੱਕ ਹੱਤਕ ਪਟੀਸ਼ਨ ਦਾਇਰ ਕਰਨਾ ਚਾਹੁੰਦੇ ਹੋ?’’ ਵਕੀਲ, ਜੋ ਪਹਿਲਾਂ ਹੀ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕਰ ਚੁੱਕਾ ਹੈ, ਨੇ ਕਿਹਾ ਕਿ ਸਰਕਾਰ ਦੂਬੇ ਵਿਰੁੱਧ ਕਾਰਵਾਈ ਨਹੀਂ ਕਰ ਰਹੀ ਹੈ। ਵਕੀਲ ਨੇ ਕਿਹਾ ਕਿ ਉਨ੍ਹਾ ਦੇ ਇੱਕ ਸਾਥੀ ਨੇ ਅਟਾਰਨੀ ਜਨਰਲ ਆਰ ਵੈਂਕਟਰਮਨੀ ਨੂੰ ਪੱਤਰ ਲਿਖ ਕੇ ਦੂਬੇ ਵਿਰੁੱਧ ਹੱਤਕ ਕਾਰਵਾਈ ਸ਼ੁਰੂ ਕਰਨ ਲਈ ਸਹਿਮਤੀ ਮੰਗੀ ਸੀ, ਪਰ ਅੱਜ ਤੱਕ ਕੋਈ ਕਾਰਵਾਈ ਨਹੀਂ ਕੀਤੀ ਗਈ।
ਵਕੀਲ ਨੇ ਕਿਹਾ, ‘‘ਮਸਲਾ ਇਹ ਹੈ ਕਿ ਘੱਟੋ-ਘੱਟ ਸੋਸ਼ਲ ਮੀਡੀਆ ਪਲੇਟਫਾਰਮਾਂ ਨੂੰ ਇਹ ਵੀਡੀਓ ਹਟਾਉਣ ਲਈ ਨਿਰਦੇਸ਼ ਦਿੱਤੇ ਜਾਣ।’’ ਇਸ ’ਤੇ ਬੈਂਚ ਨੇ ਕਿਹਾ ਕਿ ਮਾਮਲਾ ਅਗਲੇ ਹਫਤੇ ਸੁਣਵਾਈ ਲਈ ਸੂਚੀਬੱਧ ਕੀਤਾ ਜਾਵੇਗਾ।