ਸੀ ਪੀ ਆਈ ਲੁਧਿਆਣਾ ਪੱਛਮੀ ਉਪ ਚੋਣ ਲੋਕ ਮੁੱਦਿਆਂ ਨੂੰ ਲੈ ਕੇ ਲੜੇਗੀ

0
150

ਲੁਧਿਆਣਾ (ਰੈਕਟਰ ਕਥੂਰੀਆ)
ਭਾਰਤੀ ਕਮਿਊਨਿਸਟ ਪਾਰਟੀ (ਸੀ ਪੀ ਆਈ) ਦੀ ਜ਼ਿਲ੍ਹਾ ਐਗਜ਼ੈਕਟਿਵ ਕਮੇਟੀ ਦੀ ਮੀਟਿੰਗ ਸ਼ੁੱਕਰਵਾਰ ਇਥੇ ਸ਼ਹੀਦ ਕਰਨੈਲ ਸਿੰਘ ਈਸੜੂ ਭਵਨ ਵਿਖੇ ਡਾਕਟਰ ਗੁਲਜ਼ਾਰ ਪੰਧੇਰ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੇ ਸ਼ੁਰੂ ਵਿੱਚ ਪਹਿਲਗਾਮ ਵਿੱਚ ਅੱਤਵਾਦੀਆਂ ਹੱਥੋਂ ਮਾਰੇ ਗਏ 28 ਦੇਸ਼ ਵਾਸੀਆਂ ਨੂੰ ਸ਼ਰਧਾਂਜਲੀ ਦੇਣ ਲਈ ਦੋ ਮਿੰਟ ਕਾ ਮੌਨ ਧਾਰਿਆ ਗਿਆ ਅਤੇ ਜ਼ਖਮੀਆਂ ਦੀ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ ਗਈ।ਮੀਟਿੰਗ ਵਿੱਚ ਇੱਕ ਮਤਾ ਪਾਸ ਕੀਤਾ ਗਿਆ, ਜਿਸ ਵਿਚ ਅੱਤਵਾਦੀ ਕਾਰੇ ਦੀ ਨਿਖੇਧੀ ਕੀਤੀ ਗਈ। ਲੋਕਾਂ ਨੂੰ ਆਪਸੀ ਭਾਈਚਾਰਾ ਬਣਾਈ ਰੱਖਣ ਦੀ ਅਪੀਲ ਕੀਤੀ ਗਈ। ਗੋਦੀ ਮੀਡੀਆ ਨੂੰ ਇਸ ਘਟਨਾ ਨੂੰ ਫਿਰਕੂ ਰੰਗਤ ਦੇਣ ਦੀ ਕੋਸ਼ਿਸ਼ ਨੂੰ ਬੰਦ ਕਰਨ ਲਈ ਤਾੜਿਆ ਗਿਆ।ਸਰਕਾਰ ਵੱਲੋਂ ਹੋਈ ਸੁਰੱਖਿਆ ਦੀ ਨਾਕਾਮੀ ਲਈ ਆਲੋਚਨਾ ਕੀਤੀ ਗਈ ਅਤੇ ਇਹੋ ਜਿਹੀ ਘਟਨਾ ਦੁਬਾਰਾ ਨਾ ਹੋਵੇ, ਇਸ ਦੀ ਮੰਗ ਕੀਤੀ ਗਈ।
ਮੀਟਿੰਗ ਦਾ ਮੁੱਖ ਏਜੰਡਾ ਹਰ ਸਾਲ ਦੀ ਤਰ੍ਹਾਂ 14 ਮਈ ਨੂੰ ਜ਼ਿਲ੍ਹੇ ਦੇ ਸ਼ਹੀਦ ਗੁਰਮੇਲ ਸਿੰਘ ਹੂੰਜਣ ਅਤੇ ਉਹਨਾ ਦੇ ਸਾਥੀ ਜੋਗਿੰਦਰ ਸਿੰਘ, ਜੋ 1989 ਵਿੱਚ ਅੱਤਵਾਦੀਆਂ ਹੱਥੋਂ ਦੇਸ਼ ਦੀ ਏਕਤਾ ਤੇ ਅਖੰਡਤਾ ਨੂੰ ਬਚਾਉਣ ਲਈ ਸ਼ਹੀਦ ਹੋਏ, ਦੀ ਬਰਸੀ ਪਿੰਡ ਪੰਧੇਰ ਖੇੜੀ ਵਿਖੇ ਮਨਾਉਣ ਦੀਆਂ ਤਿਆਰੀਆਂ ਬਾਰੇ ਸਨ। ਇਸ ਦੇ ਨਾਲ ਹੀ ਪਾਰਟੀ ਦੀ 25ਵੀਂ ਕੌਮੀ ਪਾਰਟੀ ਕਾਂਗਰਸ, ਜੋ 21 ਤੋਂ 25 ਸਤੰਬਰ ਤੱਕ ਚੰਡੀਗੜ੍ਹ ਵਿਖੇ ਹੋਣੀ ਹੈ, ਵਿਚ ਲੁਧਿਆਣਾ ਜ਼ਿਲ੍ਹੇ ਦੀ ਸ਼ਮੂਲੀਅਤ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ। ਪਾਰਟੀ ਦੇ 100 ਸਾਲਾਂ ਦੇ ਪ੍ਰੋਗਰਾਮਾਂ ਨੂੰ ਲੁਧਿਆਣਾ ਜ਼ਿਲੇ੍ਹ ਵਿੱਚ ਕਰਨ ਲਈ ਵਿਚਾਰ-ਵਟਾਂਦਰਾ ਕੀਤਾ ਗਿਆ। ਇੱਕ ਮਤੇ ਰਾਹੀਂ ਮੀਟਿੰਗ ਵਿੱਚ ਲੁਧਿਆਣਾ ਪੱਛਮੀ ਹਲਕੇ ਦੀ ਉਪ ਚੋਣ ਲੜਨ ਦਾ ਫੈਸਲਾ ਕੀਤਾ ਗਿਆ। ਇਸ ਸੰਬੰਧ ਵਿੱਚ ਸੂਬਾ ਪਾਰਟੀ ਨੂੰ ਲਿਖਿਆ ਜਾਵੇਗਾ। ਮੀਟਿੰਗ ਦੇ ਅੰਤ ਵਿੱਚ ਫੈਸਲਾ ਕੀਤਾ ਗਿਆ ਕਿ ਲੁਧਿਆਣਾ ਜ਼ਿਲ੍ਹੇ ਤੋਂ ਪਾਰਟੀ ਦੇ 2000 ਸਾਥੀਆਂ ਦਾ ਇੱਕ ਕਾਫਲਾ ਚੰਡੀਗੜ੍ਹ ਵਿਖੇ ਪਾਰਟੀ ਕਾਂਗਰਸ ਦੇ ਪਹਿਲੇ ਦਿਨ ਕੀਤੀ ਜਾ ਰਹੀ ਰੈਲੀ ਵਿੱਚ ਪਹੁੰਚੇਗਾ।
ਇਸ ਲਈ ਜ਼ਿਲੇ੍ਹ ਦੇ ਵੱਖ-ਵੱਖ ਪਿੰਡਾਂ ਅਤੇ ਬਲਾਕਾਂ ਵਿੱਚ ਜਾ ਕੇ ਮੀਟਿੰਗਾਂ ਕੀਤੀਆਂ ਜਾਣਗੀਆਂ ਅਤੇ ਲੋਕਾਂ ਨੂੰ ਪਾਰਟੀ ਪ੍ਰੋਗਰਾਮ ਬਾਰੇ ਦੱਸਿਆ ਜਾਵੇਗਾ। ਮੀਟਿੰਗ ਦੌਰਾਨ ਜ਼ਿਲ੍ਹਾ ਸਕੱਤਰ ਵੱਲੋਂ ਰੱਖੇ ਗਏ ਅਜੰਡੇ ’ਤੇ ਵੱਖ-ਵੱਖ ਸਾਥੀਆਂ ਨੇ ਆਪਣੇ ਵਿਚਾਰ ਰੱਖੇ, ਜਿਨ੍ਹਾਂ ਵਿੱਚ ਐੱਮ ਐੱਸ ਭਾਟੀਆ, ਰਮੇਸ਼ ਰਤਨ, ਚਮਕੌਰ ਸਿੰਘ, ਕੇਵਲ ਸਿੰਘ ਬਨਵੈਤ, ਭਗਵਾਨ ਸਿੰਘ ਸੋਮਲਖੇੜੀ, ਕੁਲਵੰਤ ਸਿੰਘ ਤੇ ਪਿ੍ਰੰਸੀਪਲ ਜਗਜੀਤ ਸਿੰਘ ਆਦਿ ਸ਼ਾਮਲ ਸਨ।