ਪਾਕਿਸਤਾਨੀ ਫੌਜ ਵੱਲੋਂ ਕੰਟਰੋਲ ਰੇਖਾ ਦੇ ਨਾਲ ਫਾਇਰਿੰਗ

0
20

ਜੰਮੂ : ਪਹਿਲਗਾਮ ਦਹਿਸ਼ਤੀ ਹਮਲੇ ਨੂੰ ਲੈ ਕੇ ਵਧਦੇ ਤਣਾਅ ਦਰਮਿਆਨ ਪਾਕਿਸਤਾਨ ਨੇ ਸ਼ੁੱਕਰਵਾਰ ਵੱਡੇ ਤੜਕੇ ਜੰਮੂ-ਕਸ਼ਮੀਰ ਵਿੱਚ ਕੰਟਰੋਲ ਰੇਖਾ ਦੇ ਨਾਲ ਕਈ ਥਾਵਾਂ ’ਤੇ ਗੋਲੀਬੰਦੀ ਦੀ ਉਲੰਘਣਾ ਕੀਤੀ। ਭਰੋਸੇਯੋਗ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਪਾਕਿਸਤਾਨ ਨੇ ਸਰਹੱਦ ਦੇ ਇਸ ਪਾਸੇ ਭਾਰਤੀ ਚੌਕੀਆਂ ਨੂੰ ਨਿਸ਼ਾਨਾ ਬਣਾਉਣ ਲਈ ਛੋਟੇ ਹਥਿਆਰਾਂ ਦੀ ਵਰਤੋਂ ਕੀਤੀ।
ਸ਼ੁਰੂਆਤੀ ਜਾਣਕਾਰੀ ਅਨੁਸਾਰ ਰਾਜੌਰੀ ਅਤੇ ਪੁਣਛ ਸੈਕਟਰ ਵਿੱਚ ਵੀ ਗੋਲੀਬੰਦੀ ਦੀ ਉਲੰਘਣਾ ਕੀਤੀ ਗਈ ਹੈ। ਖੁਫੀਆ ਸੂਤਰਾਂ ਨੇ ਦੱਸਿਆ ਕਿ ਪਾਕਿਸਤਾਨ ਵੱਲੋਂ ਐੱਲ ਓ ਸੀ ’ਤੇ ਕੁਝ ਥਾਵਾਂ ’ਤੇ ਛੋਟੇ ਹਥਿਆਰਾਂ ਨਾਲ ਗੋਲੀਬਾਰੀ ਕੀਤੀ ਗਈ। ਪਾਕਿਸਤਾਨ ਦੀ ਇਸ ਹਿਮਾਕਤ ਦਾ ਮੂੰਹ-ਤੋੜ ਜਵਾਬ ਦਿੱਤਾ ਗਿਆ। ਇਸ ਦੌਰਾਨ ਇੱਧਰਲੇ ਪਾਸੇ ਕੋਈ ਜਾਨੀ ਨੁਕਸਾਨ ਨਹੀਂ ਹੋਇਆ।
ਪਹਿਲਗਾਮ ਦੇ ਟੂਰਿਸਟ ਰਿਜ਼ੋਰਟ ’ਤੇ ਅੱਤਵਾਦੀਆਂ ਵੱਲੋਂ ਕੀਤੇ ਗਏ ਭਿਆਨਕ ਹਮਲੇ ਤੋਂ ਬਾਅਦ ਭਾਰਤ ਅਤੇ ਪਾਕਿਸਤਾਨ ਵਿਚਕਾਰ ਤਣਾਅ ਵਧ ਰਿਹਾ ਹੈ। ਇਸੇ ਦੌਰਾਨ ਜੰਮੂ-ਕਸ਼ਮੀਰ ਦੇ ਬਾਂਦੀਪੋਰਾ ਜ਼ਿਲ੍ਹੇ ਵਿਚ ਸ਼ੁੱਕਰਵਾਰ ਮੁਕਾਬਲੇ ਵਿੱਚ ਇੱਕ ਅੱਤਵਾਦੀ ਮਾਰਿਆ ਗਿਆ, ਜਦੋਂ ਕਿ ਸੁਰੱਖਿਆ ਬਲਾਂ ਦੇ ਦੋ ਜਵਾਨ ਜ਼ਖਮੀ ਹੋ ਗਏ। ਅਧਿਕਾਰੀਆਂ ਨੇ ਕਿਹਾ ਕਿ ਇਲਾਕੇ ਵਿਚ ਅੱਤਵਾਦੀਆਂ ਦੀ ਮੌਜੂਦਗੀ ਬਾਰੇ ਸੂਚਨਾ ਮਿਲਣ ਤੋਂ ਬਾਅਦ ਸੁਰੱਖਿਆ ਬਲਾਂ ਨੇ ਬਾਂਦੀਪੋਰਾ ਜ਼ਿਲ੍ਹੇ ਦੇ ਕੁਲਨਾਰ ਬਾਜ਼ੀਪੋਰਾ ਵਿੱਚ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਵਿੱਢੀ ਸੀ। ਉਨ੍ਹਾਂ ਕਿਹਾ ਕਿ ਇਕ ਥਾਂ ਲੁਕੇ ਅੱਤਵਾਦੀਆਂ ਵੱਲੋਂ ਸੁਰੱਖਿਆ ਬਲਾਂ ’ਤੇ ਗੋਲੀਬਾਰੀ ਕਰਨ ਤੋਂ ਬਾਅਦ ਤਲਾਸ਼ੀ ਮੁਹਿੰਮ ਮੁਕਾਬਲੇ ਵਿੱਚ ਬਦਲ ਗਈ। ਇਸ ਦੌਰਾਨ ਅੱਤਵਾਦੀਆਂ ਵੱਲੋਂ ਕੀਤੀ ਗਈ ਗੋਲੀਬਾਰੀ ਵਿਚ ਦੋ ਪੁਲਸ ਕਰਮਚਾਰੀ ਜ਼ਖਮੀ ਹੋ ਗਏ।