ਚੰਡੀਗੜ੍ਹ (ਗੁਰਜੀਤ ਬਿੱਲਾ)
ਸੂਬੇ ਭਰ ਦੇ ਸੇਵਾ-ਮੁਕਤ ਟੀਚਿੰਗ ਫੈਕਲਟੀ ਨੂੰ ਲਾਭ ਪਹੁੰਚਾਉਣ ਸੰਬੰਧੀ ਅਹਿਮ ਫੈਸਲਾ ਲੈਂਦਿਆਂ ਪੰਜਾਬ ਸਰਕਾਰ ਨੇ 7ਵੇਂ ਯੂ ਜੀ ਸੀ ਤਨਖਾਹ ਸਕੇਲਾਂ ਅਨੁਸਾਰ ਸਰਕਾਰੀ ਕਾਲਜਾਂ/ ਯੂਨੀਵਰਸਿਟੀਆਂ ਵਿੱਚ 1 ਜਨਵਰੀ, 2016 ਤੋਂ ਪਹਿਲਾਂ ਸੇਵਾ-ਮੁਕਤ ਹੋਏ ਅਧਿਆਪਕਾਂ ਅਤੇ ਹੋਰ ਟੀਚਿੰਗ ਫੈਕਲਟੀ ਲਈ ਪੈਨਸ਼ਨ ਤੇ ਪਰਵਾਰਕ ਪੈਨਸ਼ਨ ਵਿੱਚ ਸੋਧ ਨੂੰ ਮਨਜ਼ੂਰੀ ਦਿੱਤੀ ਹੈ। ਇਹ ਸੋਧ 1 ਜਨਵਰੀ 2016 ਤੋਂ ਲਾਗੂ ਹੋਵੇਗੀ। ਇਸ ਸੰਬੰਧੀ ਨੋਟੀਫ਼ਿਕੇਸ਼ਨ ਜਾਰੀ ਕੀਤਾ ਜਾ ਚੁੱਕਾ ਹੈ।
ਉਚੇਰੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸੋਧੀ ਪੈਨਸ਼ਨ ਨਾਲ ਲਗਭਗ 500 ਸੇਵਾਮੁਕਤ ਟੀਚਿੰਗ ਪੇਸ਼ੇਵਰਾਂ ਨੂੰ ਲਾਭ ਹੋਵੇਗਾ, ਜਿਨ੍ਹਾਂ ਵਿੱਚ 400 ਪੈਨਸ਼ਨਰ ਅਤੇ 100 ਪਰਵਾਰਕ ਪੈਨਸ਼ਨਰ ਸ਼ਾਮਲ ਹਨ, ਜਿਸ ਦੀ ਰਕਮ 38.99 ਕਰੋੜ ਰੁਪਏ ਬਣੇਗੀ। ਸੋਧੀ ਪੈਨਸ਼ਨ 1 ਜਨਵਰੀ 2016 ਤੋਂ ਪਹਿਲਾਂ ਸੇਵਾ-ਮੁਕਤ ਹੋਏ ਪੈਨਸ਼ਨਰਾਂ ਨੂੰ ਅਦਾ ਕੀਤੀ ਜਾਵੇਗੀ, ਜਦੋਂਕਿ 1 ਅਕਤੂਬਰ, 2022 ਤੋਂ ਜਨਵਰੀ 2025 ਤੱਕ ਸੋਧੀ ਪੈਨਸ਼ਨ ਦੇ ਬਕਾਏ ਚਾਰ ਬਰਾਬਰ ਤਿਮਾਹੀ ਕਿਸ਼ਤਾਂ ਵਿੱਚ ਦਿੱਤੇ ਜਾਣਗੇ। ਉਨ੍ਹਾ ਕਿਹਾ ਕਿ ਇਹ ਭੁਗਤਾਨ ਵਿੱਤ ਵਿਭਾਗ ਦੇ 7 ਅਪ੍ਰੈਲ 2025 ਵਾਲੇ ਪੱਤਰ ਵਿੱਚ ਕੀਤੇ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕੀਤਾ ਜਾਵੇਗਾ।ਇਸ ਸਕੀਮ ਤਹਿਤ ਪੈਨਸ਼ਨ ਦੀ ਗਣਨਾ (ਕੈਲਕੁਲੇਸ਼ਨ) 1 ਜਨਵਰੀ, 2016 ਨੂੰ ਨਿਰਧਾਰਤ ਨੋਸ਼ਨਲ ਤਨਖਾਹ ਦੇ 50 ਫੀਸਦੀ ਵਜੋਂ ਕੀਤੀ ਜਾਵੇਗੀ ਅਤੇ ਪਰਵਾਰਕ ਪੈਨਸ਼ਨ ਉਸੇ ਨੋਸ਼ਨਲ ਤਨਖਾਹ ਦਾ 30 ਫੀਸਦੀ ਹੋਵੇਗੀ।