ਨਵੀਂ ਦਿੱਲੀ : ਕੇਂਦਰ ਸਰਕਾਰ ਨੇ ਅਕਤੂਬਰ ਤੋਂ ਸ਼ੁਰੂ ਹੋਣ ਵਾਲੇ 2025-26 ਸੀਜ਼ਨ ਲਈ ਗੰਨੇ ਦੇ ਵਾਜਬ ਅਤੇ ਲਾਹੇਵੰਦ ਮੁੱਲ (ਐੱਫ ਆਰ ਪੀ) ਵਿੱਚ 4.41 ਫ਼ੀਸਦੀ ਵਾਧਾ ਕਰਕੇ ਇਸ ਨੂੰ 355 ਰੁਪਏ ਪ੍ਰਤੀ ਕੁਇੰਟਲ ਕਰਨ ਦਾ ਫੈਸਲਾ ਕੀਤਾ ਹੈ। ਇਹ ਫੈਸਲਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਹੋਈ ਆਰਥਿਕ ਮਾਮਲਿਆਂ ਦੀ ਕੈਬਨਿਟ ਕਮੇਟੀ ਦੀ ਮੀਟਿੰਗ ਵਿੱਚ ਲਿਆ ਗਿਆ। ਮੌਜੂਦਾ 2024-25 ਸੀਜ਼ਨ ਲਈ ਗੰਨੇ ਦੀ ਐੱਫ ਆਰ ਪੀ 340 ਰੁਪਏ ਪ੍ਰਤੀ ਕੁਇੰਟਲ ਤੈਅ ਕੀਤੀ ਗਈ ਸੀ। ਐੱਫ ਆਰ ਪੀ ਭਾਰਤ ਸਰਕਾਰ ਵੱਲੋਂ ਤੈਅ ਉਹ ਘੱਟੋ-ਘੱਟ ਮੁੱਲ ਹੈ, ਜੋ ਖੰਡ ਮਿੱਲਾਂ ਗੰਨਾ ਕਾਸ਼ਤਕਾਰਾਂ ਨੂੰ ਉਨ੍ਹਾਂ ਦੀ ਪੈਦਾਵਾਰ ਲਈ ਅਦਾ ਕਰਨ ਵਾਸਤੇ ਕਾਨੂੰਨਨ ਪਾਬੰਦ ਹਨ। ਸੂਚਨਾ ਅਤੇ ਪ੍ਰਸਾਰਣ ਮੰਤਰੀ ਅਸ਼ਵਨੀ ਵੈਸ਼ਨਵ ਨੇ ਕਿਹਾ ਕਿ 10.25 ਫੀਸਦੀ ਦੀ ਮੂਲ ਰਿਕਵਰੀ ਦਰ ਲਈ 355 ਰੁਪਏ ਪ੍ਰਤੀ ਕੁਇੰਟਲ ਦੀ ਐੱਫ ਆਰ ਪੀ ਨੂੰ ਮਨਜ਼ੂਰੀ ਦਿੱਤੀ ਗਈ ਹੈ। ਸਰਕਾਰ ਨੇ ਇਹ ਵੀ ਫੈਸਲਾ ਕੀਤਾ ਹੈ ਕਿ ਜਿੱਥੇ ਰਿਕਵਰੀ 9.5 ਫੀਸਦੀ ਤੋਂ ਘੱਟ ਹੋਵੇਗੀ, ਉੱਥੇ ਕਿਸਾਨਾਂ ਨੂੰ 329.05 ਰੁਪਏ ਪ੍ਰਤੀ ਕੁਇੰਟਲ ਮਿਲਣਗੇ।




