ਦੋ ਰਾਜਾਂ ਦੇ ਝਗੜੇ ’ਚ ਫਸੇ ਅਫਸਰ

0
140

ਚੰਡੀਗੜ੍ਹ : ਭਾਖੜਾ ਬਿਆਸ ਮੈਨੇਜਮੈਂਟ ਬੋਰਡ ਨੇ ਹਰਿਆਣਾ ਨੂੰ ਵਾਧੂ ਪਾਣੀ ਦੇਣ ਦੇ ਮਾਮਲੇ ’ਤੇ ਪੰਜਾਬ ਵਿੱਚ ਉੱਠੇ ਸਿਆਸੀ ਉਬਾਲ ਨੂੰ ਦੇਖਦਿਆਂ ਵੀਰਵਾਰ ਬੋਰਡ ਦੇ ਸਕੱਤਰ ਸੁਰਿੰਦਰ ਸਿੰਘ ਮਿੱਤਲ ਦਾ ਤਬਾਦਲਾ ਕਰ ਦਿੱਤਾ। ਮਿੱਤਲ ਹਰਿਆਣਾ ਦੇ ਰਹਿਣ ਵਾਲੇ ਹਨ, ਜਿਨ੍ਹਾ ਦੀ ਹਰਿਆਣਾ ਨੂੰ ਵਾਧੂ ਪਾਣੀ ਦਿੱਤੇ ਜਾਣ ਦੇ ਮਾਮਲੇ ’ਚ ਅਹਿਮ ਭੂਮਿਕਾ ਰਹੀ ਹੈ। ਬੋਰਡ ਨੇ ਹੁਣ ਰਾਜਸਥਾਨ ਦੇ ਇੰਜੀਨੀਅਰ ਬਲਬੀਰ ਸਿੰਘ ਨੂੰ ਡਾਇਰੈਕਟਰ (ਸੁਰੱਖਿਆ) ਦੇ ਨਾਲ-ਨਾਲ ਬੀ ਬੀ ਐੱਮ ਬੀ ਦੇ ਸਕੱਤਰ ਦਾ ਵਾਧੂ ਚਾਰਜ ਦੇ ਦਿੱਤਾ ਹੈ। ਇਸੇ ਤਰ੍ਹਾਂ ਪੰਜਾਬ ਦੇ ਇੰਜੀਨੀਅਰ ਰਾਜੀਵ ਸੈਣੀ ਨੂੰ ਬੀ ਬੀ ਐੱਮ ਬੀ ਦੇ ਚੇਅਰਮੈਨ ਦਾ ਓ ਐੱਸ ਡੀ (ਟੈਕਨੀਕਲ) ਲਗਾ ਦਿੱਤਾ ਗਿਆ ਹੈ।
ਦੱਸਣਯੋਗ ਹੈ ਕਿ ਬੋਰਡ ਨੇ ਹਰਿਆਣਾ ਨੂੰ ਵਾਧੂ ਪਾਣੀ ਦੇਣ ਲਈ ਲਏ ਫੈਸਲੇ ਨੂੰ ਲਾਗੂ ਕਰਾਉਣ ਲਈ ਬੁੱਧਵਾਰ ਰਾਤ ਭਾਖੜਾ ਡੈਮ ਦੇ ਡਾਇਰੈਕਟਰ (ਵਾਟਰ ਰੈਗੂਲੇਸ਼ਨ) ਆਕਾਸ਼ਦੀਪ ਸਿੰਘ ਨੂੰ ਤਬਦੀਲ ਕਰ ਦਿੱਤਾ ਅਤੇ ਉਨ੍ਹਾ ਦੀ ਥਾਂ ’ਤੇ ਹਰਿਆਣਾ ਦੇ ਸੰਜੀਵ ਕੁਮਾਰ ਨੂੰ ਡਾਇਰੈਕਟਰ (ਵਾਟਰ ਰੈਗੂਲੇਸ਼ਨ) ਲਗਾ ਦਿੱਤਾ, ਤਾਂ ਜੋ ਵਾਧੂ ਪਾਣੀ ਛੱਡਣ ਦੇ ਰਾਹ ਵਿਚ ਕੋਈ ਰੁਕਾਵਟ ਨਾ ਆਵੇ। ਆਕਾਸ਼ਦੀਪ ਸਿੰਘ ਪੰਜਾਬ ਦੇ ਇਨਡੈਂਟ ਦੇ ਅਧਾਰ ’ਤੇ ਹੀ ਹਰਿਆਣਾ ਨੂੰ ਵਾਧੂ ਪਾਣੀ ਛੱਡਣ ਲਈ ਅੜ ਗਏ ਸਨ। ਸੰਜੀਵ ਕੁਮਾਰ ਇਸ ਤੋਂ ਪਹਿਲਾਂ ਡਾਇਰੈਕਟਰ (ਡੈਮ ਸੇਫਟੀ) ਵਜੋਂ ਤਾਇਨਾਤ ਸਨ, ਉਨ੍ਹਾ ਦੀ ਥਾਂ ’ਤੇ ਹੁਣ ਆਕਾਸ਼ਦੀਪ ਸਿੰਘ ਨੂੰ ਲਗਾ ਦਿੱਤਾ ਹੈ। ਬੀ ਬੀ ਐੱਮ ਬੀ ਨੇ ਜਾਰੀ ਹੁਕਮਾਂ ਵਿੱਚ ਕਿਹਾ ਹੈ ਕਿ ਆਕਾਸ਼ਦੀਪ ਸਿੰਘ ਦੀ ਬੇਨਤੀ ’ਤੇ ਹੀ ਇਹ ਤਬਾਦਲਾ ਕੀਤਾ ਗਿਆ ਹੈ, ਜਦੋਂ ਕਿ ਆਕਾਸ਼ਦੀਪ ਸਿੰਘ ਨੇ ਬੁੱਧਵਾਰ ਰਾਤ ਕਰੀਬ ਪੌਣੇ ਬਾਰਾਂ ਵਜੇ ਬੀ ਬੀ ਐੱਮ ਬੀ ਨੂੰ ਈਮੇਲ ਜ਼ਰੀਏ ਕਿਹਾ ਕਿ ਉਸ ਨੇ ਤਾਂ ਅਜਿਹੀ ਕੋਈ ਬੇਨਤੀ ਕੀਤੀ ਹੀ ਨਹੀਂ। ਵੀਰਵਾਰ ਪੰਜਾਬ ਦੇ ਮੁੱਖ ਇੰਜਨੀਅਰ ਨੇ ਬੀ ਬੀ ਐੱਮ ਬੀ ਨੂੰ ਪੱਤਰ ਲਿਖਿਆ ਕਿ ਨਵੇਂ ਤਾਇਨਾਤ ਕੀਤੇ ਸੰਜੀਵ ਕੁਮਾਰ ਕੋਲ ਡੈਮ ਸੇਫਟੀ ਦਾ ਹੀ ਤਜਰਬਾ ਹੈ, ਜਦੋਂ ਕਿ ਉਸ ਕੋਲ ਵਾਟਰ ਰੈਗੂਲੇਸ਼ਨ ਦਾ ਕੋਈ ਤਜਰਬਾ ਨਹੀਂ, ਇਸ ਕਰਕੇ ਆਕਾਸ਼ਦੀਪ ਦਾ ਤਬਾਦਲਾ ਫੌਰੀ ਰੱਦ ਕੀਤਾ ਜਾਵੇ।