ਮਾਨ ਨਿਊ ਮੋਤੀ ਮਹਿਲ ’ਚ ਵਿਜੀਲੈਂਸ ਘੱਲਣ : ਬਾਜਵਾ

0
431

ਪਟਿਆਲਾ : ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਐਤਵਾਰ ਇੱਥੇ ਪ੍ਰੈੱਸ ਕਾਨਫਰੰਸ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਚੁਣੌਤੀ ਦਿੱਤੀ ਕਿ ਜੇ ਉਹ ਇਮਾਨਦਾਰ ਹਨ ਤਾਂ ਕੈਪਟਨ ਅਮਰਿੰਦਰ ਸਿੰਘ ਦੇ ਸਮੇਂ ਹੋਏ ਕਰੋੜਾਂ ਰੁਪਏ ਦੇ ਘਪਲਿਆਂ ਦੀ ਜਾਂਚ ਕਰਾਉਣ। ਉਨ੍ਹਾ ਕਿਹਾ ਕਿ ਪਿਛਲੇ ਸਮੇਂ ਦੌਰਾਨ ਕਾਂਗਰਸ ਨੇਤਾ ਰਣਦੀਪ ਸਿੰਘ ਨਾਭਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਸ ਬਾਰੇ ਪੱਤਰ ਭੇਜਿਆ ਸੀ ਕਿ ਬਠਿੰਡਾ ਵਿਚ ਖੇਤੀਬਾੜੀ ਮਸ਼ੀਨਰੀ ਨਾਲ ਸੰਬੰਧਤ ਚੌਂਤੀ ਸੌ ਕਰੋੜ ਰੁਪਏ ਦਾ ਗਬਨ ਹੋਇਆ ਹੈ। ਉਸ ਵੇਲੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਨ ਤੇ ਇਸ ਨਾਤੇ ਇਸ ਦੀ ਜਾਂਚ ਕੀਤੀ ਜਾਵੇ। ਮਾਨ ਨੂੰ ਚਾਹੀਦਾ ਹੈ ਕਿ ਉਹ ਨਿਊ ਮੋਤੀ ਮਹਿਲ ਵਿਚ ਵਿਜੀਲੈਂਸ ਨੂੰ ਭੇਜ ਕੇ ਇਸ ਮਾਮਲੇ ਦੀ ਜਾਂਚ ਕਰਾਉਣ।
ਇਸੇ ਦੌਰਾਨ ਉਨ੍ਹਾ ਕਿਹਾ ਕਿ ਪਟਿਆਲਾ ਲੋਕ ਸਭਾ ਹਲਕੇ ਤੋਂ ਮੈਂਬਰ ਪਰਨੀਤ ਕੌਰ ਹੁਣ ਕਾਂਗਰਸ ਦਾ ਹਿੱਸਾ ਨਹੀਂ ਹਨ। ਪਰਨੀਤ ਕੌਰ ਆਪਣੀ ਲੋਕ ਸਭਾ ਮੈਂਬਰੀ ਭੰਗ ਹੋਣ ਦੇ ਡਰੋਂ ਕਾਂਗਰਸ ਨੂੰ ਚਿੰਬੜੇ ਹੋਏ ਹਨ। ਬਾਜਵਾ ਨੇ ਇਹ ਗੱਲ ਜ਼ੋਰ ਦੇ ਕੇ ਕਹੀ ਕਿ ਜੇ ਪਰਨੀਤ ਕੌਰ ’ਚ ਰੱਤੀ ਭਰ ਵੀ ਇਖ਼ਲਾਕ ਹੈ ਤਾਂ ਉਹ ਹੁਣ ਤਾਂ ਕਾਂਗਰਸ ਦਾ ਖਹਿੜਾ ਛੱਡ ਦੇਣ। ਬਾਜਵਾ ਨੇ ਕਿਹਾ ਕਿ ਇਹ ਚਿੱਟੇ ਦਿਨ ਵਾਂਗ ਸਾਫ਼ ਹੈ ਕਿ 2024 ਦੀਆਂ ਚੋਣਾਂ ਵਿਚ ਪਰਨੀਤ ਕੌਰ ਭਾਜਪਾ ਉਮੀਦਵਾਰ ਹੋਣਗੇ। ਇਸੇ ਦੌਰਾਨ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੇ ਮਾਮਲੇ ਵਿਚ ਬਾਜਵਾ ਨੇ ਕਿਹਾ ਕਿ ਉਨ੍ਹਾ ਦਾ ਅੱਗੇ ਭਵਿੱਖ ਚੰਗਾ ਹੈ, ਪਰ ਨਾਲ ਹੀ ਉਨ੍ਹਾ ਖਹਿਰਾ ਨੂੰ ਅਨੁਸ਼ਾਸਨ ’ਚ ਰਹਿਣ ਦਾ ਸੁਝਾਅ ਵੀ ਦਿੱਤਾ ਤੇ ਕਿਹਾ ਕਿ ਪਾਰਟੀ ਲੀਡਰਸ਼ਿਪ ਵੱਲੋਂ ਜਿਸ ਨੂੰ ਵੀ ਨੂੰ ਮੋਢੀ ਬਣਾਇਆ ਜਾਂਦਾ ਹੈ, ਉਸ ਨੂੰ ਮੋਢੀ ਮੰਨਣਾ ਹਰੇਕ ਪਾਰਟੀ ਆਗੂ ਦੀ ਜ਼ਿੰਮੇਵਾਰੀ ਬਣ ਜਾਂਦੀ ਹੈ।
ਪ੍ਰੈੱਸ ਕਾਨਫਰੰਸ ਵਿਚ ਲਾਲ ਸਿੰਘ, ਹਰਦਿਆਲ ਕੰਬੋਜ, ਹੈਰੀ ਮਾਨ, ਜ਼ਿਲ੍ਹਾ ਪ੍ਰਧਾਨ ਗੁਰਦੀਪ ਸਿੰਘ, ਚੇਅਰਮੈਨ ਸੰਤੋਖ ਸਿੰਘ ਸਮੇਤ ਕਈ ਹੋਰ ਆਗੂ ਮੌਜੂਦ ਸਨ।

LEAVE A REPLY

Please enter your comment!
Please enter your name here