ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਸੋਮਵਾਰ ਜੰਮੂ-ਕਸ਼ਮੀਰ ਦੇ ਦੂਰ-ਦੁਰਾਡੇ ਪਹਾੜੀ ਇਲਾਕਿਆਂ ’ਚ ਪਹਿਲਗਾਮ ਅੱਤਵਾਦੀ ਹਮਲੇ ਦੇ ਮੱਦੇਨਜ਼ਰ ਸੈਲਾਨੀਆਂ ਦੀ ਸੁਰੱਖਿਆ ਦੀ ਮੰਗ ਕਰਨ ਵਾਲੀ ਇੱਕ ਲੋਕ ਹਿੱਤ ਪਟੀਸ਼ਨ ਖਾਰਜ ਕਰ ਦਿੱਤੀ। ਜਸਟਿਸ ਸੂਰੀਆ ਕਾਂਤ ਤੇ ਜਸਟਿਸ ਐੱਨ ਕੋਟੀਸ਼ਵਰ ਸਿੰਘ ਦੀ ਬੈਂਚ ਨੇ ਲੋਕ ਹਿੱਤ ਪਟੀਸ਼ਨ ਦਾਇਰ ਕਰਨ ਲਈ ਵਕੀਲ ਵਿਸ਼ਾਲ ਤਿਵਾੜੀ ਦੀ ਖਿਚਾਈ ਕੀਤੀ ਤੇ ਕਿਹਾ ਕਿ ਇਹ ਬਿਨਾਂ ਕਿਸੇ ਜਨਤਕ ਮਕਸਦ ਦੇ ਸਿਰਫ ਪ੍ਰਚਾਰ ਲਈ ਲਿਆਂਦੀ ਗਈ ਹੈ। ਜਸਟਿਸ ਸੂਰੀਆ ਕਾਂਤ ਨੇ ਪਟੀਸ਼ਨਰ ਨੂੰ ਕਿਹਾ, ‘ਤੁਸੀਂ ਇਸ ਤਰ੍ਹਾਂ ਦੀ ਲੋਕ ਹਿੱਤ ਪਟੀਸ਼ਨ ਕਿਉਂ ਦਾਇਰ ਕੀਤੀ ਹੈ? ਤੁਹਾਡਾ ਅਸਲ ਮਕਸਦ ਕੀ ਹੈ? ਕੀ ਤੁਸੀਂ ਮੁੱਦੇ ਦੀ ਸੰਵੇਦਨਸ਼ੀਲਤਾ ਨੂੰ ਨਹੀਂ ਸਮਝਦੇ? ਮੈਨੂੰ ਲੱਗਦਾ ਹੈ ਕਿ ਤੁਸੀਂ ਚਾਹੁੰਦੇ ਹੋ ਕਿ ਇਹ ਲੋਕ ਹਿੱਤ ਪਟੀਸ਼ਨ ਦਾਇਰ ਕਰਨ ਲਈ ਤੁਹਾਨੂੰ ਕੁਝ ਮਿਸਾਲੀ ਡੰਨ ਲਾਇਆ ਜਾਵੇ।’


