ਇੱਕ ਬੀਬੀ ਸਣੇ ਚਾਰ ਸਿੱਖ ਮਾਰੇ ਗਏ : ਜਥੇਦਾਰ

0
94

ਅੰਮਿ੍ਰਤਸਰ : ਸ੍ਰੀ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਭਾਰਤ ਤੇ ਪਾਕਿਸਤਾਨ ਵੱਲੋਂ ਇੱਕ-ਦੂਜੇ ਉੱਤੇ ਕੀਤੇ ਗਏ ਹਮਲਿਆਂ ਦੌਰਾਨ ਕਸ਼ਮੀਰ ਦੇ ਪੁਣਛ ਖੇਤਰ ਵਿੱਚ ਮਾਰੇ ਗਏ ਸਿੱਖਾਂ ਤੇ ਹੋਰ ਲੋਕਾਂ ਅਤੇ ਗੁਰਦੁਆਰਾ ਸਾਹਿਬ ਉੱਤੇ ਹਮਲੇ ਦੀ ਕਾਰਵਾਈ ਦੀ ਕਰੜੀ ਨਿੰਦਾ ਕੀਤੀ ਹੈ। ਜਥੇਦਾਰ ਨੇ ਕਿਹਾ ਕਿ ਭਾਰਤ ਵੱਲੋਂ ਕੀਤੇ ਗਏ ਅਪਰੇਸ਼ਨ ਸਿੰਧੂਰ ਦੇ ਜਵਾਬੀ ਹਮਲੇ ਵਿੱਚ ਪਾਕਿਸਤਾਨ ਵੱਲੋਂ ਪੁਣਛ ਵਿੱਚ ਕੀਤੀ ਗਈ ਗੋਲਾਬਾਰੀ ਵਿੱਚ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਕੇਂਦਰੀ ਉੱਤੇ ਹਮਲਾ ਕੀਤਾ ਗਿਆ ਹੈ। ਇਸ ਦੌਰਾਨ ਤਿੰਨ ਗੁਰਸਿੱਖਭਾਈ ਅਮਰੀਕ ਸਿੰਘ ਰਾਗੀ, ਅਮਰਜੀਤ ਸਿੰਘ ਸਾਬਕਾ ਫੌਜੀ ਅਤੇ ਰਣਜੀਤ ਸਿੰਘ ਦੁਕਾਨਦਾਰ ਮਾਰੇ ਗਏ ਹਨ। ਇਸ ਤੋਂ ਇਲਾਵਾ ਮਾਨਕੋਟ ਖੇਤਰ ਵਿੱਚ ਇੱਕ ਸਿੱਖ ਬੀਬੀ ਰੂਬੀ ਕੌਰ ਦੇ ਮਾਰੇ ਜਾਣ ਦੀ ਖਬਰ ਹੈ। ਪੁਣਛ ਵਿਖੇ ਹੋਰ ਲੋਕਾਂ ਦੇ ਮਾਰੇ ਜਾਣ ਦੀ ਗੱਲ ਵੀ ਸਾਹਮਣੇ ਆਈ ਹੈ। ਉਨ੍ਹਾ ਕਿਹਾ ਕਿ ਦੋਵੇਂ ਦੇਸ਼ਾਂ ਦੀਆਂ ਸਰਕਾਰਾਂ ਨੂੰ ਤੁਰੰਤ ਸ਼ਾਂਤੀ ਬਹਾਲ ਕਰਨ ਲਈ ਸੰਜੀਦਾ ਯਤਨ ਕਰਨੇ ਚਾਹੀਦੇ ਹਨ।