ਪੰਜਾਬ ਪੁਲਸ ਨੰਗਲ ਡੈਮ ਦੇ ਕੰਮਕਾਜ ’ਚ ਦਖਲ ਨਾ ਦੇਵੇ : ਹਾਈ ਕੋਰਟ

0
116

ਚੰਡੀਗੜ੍ਹ : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀ ਬੀ ਐੱਮ ਬੀ) ਵੱਲੋਂ ਦਾਇਰ ਪਟੀਸ਼ਨ ਦਾ ਨਿਬੇੜਾ ਕਰਦਿਆਂ ਪੰਜਾਬ ਸਰਕਾਰ ਨੂੰ ਹੁਕਮ ਦਿੱਤੇ ਹਨ ਕਿ ਪੰਜਾਬ ਪੁਲਸ ਭਾਖੜਾ ਨੰਗਲ ਡੈਮ ਅਤੇ ਲੋਹੰਦ ਖੱਡ ਦੇ ਅਪਰੇਸ਼ਨ ਅਤੇ ਰੈਗੂਲੇਸ਼ਨ ਵਿੱਚ ਕੋਈ ਦਖਲਅੰਦਾਜ਼ੀ ਨਾ ਕਰੇ।
ਪੰਜਾਬ ਪੁਲਸ ਨੂੰ ਡੈਮਾਂ ਦੀ ਸੁਰੱਖਿਆ ਕਰਨ ਦੀ ਖੁੱਲ੍ਹ ਦਿੱਤੀ ਗਈ ਹੈ। ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਇਹ ਵੀ ਹੁਕਮ ਦਿੱਤੇ ਹਨ ਕਿ ਉਹ ਦੋ ਮਈ ਨੂੰ ਕੇਂਦਰੀ ਗ੍ਰਹਿ ਸਕੱਤਰ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਦੇ ਫੈਸਲੇ ਦੀ ਪਾਲਣਾ ਕਰੇ।
ਅਦਾਲਤ ਨੇ ਇਹ ਵੀ ਕਿਹਾ ਕਿ ਜੇ ਪੰਜਾਬ ਸਰਕਾਰ ਨੂੰ ਕੇਂਦਰ ਦੇ ਕਿਸੇ ਫੈਸਲੇ ਪ੍ਰਤੀ ਇਤਰਾਜ਼ ਹੈ ਤਾਂ ਉਹ ਬੀ ਬੀ ਐੱਮ ਬੀ ਦੇ ਚੇਅਰਮੈਨ ਰਾਹੀਂ ਕੇਂਦਰ ਸਰਕਾਰ ਤੱਕ ਇਤਰਾਜ਼ ਪੁੱਜਦਾ ਕਰ ਸਕਦੀ ਹੈ। ਅਦਾਲਤ ਨੇ ਕੇਂਦਰ ਨੂੰ ਵੀ ਆਦੇਸ਼ ਦਿੱਤੇ ਹਨ ਕਿ ਅਜਿਹਾ ਇਤਰਾਜ਼ ਆਉਣ ਦੀ ਸੂਰਤ ਵਿੱਚ ਇਸ ਦਾ ਨਿਤਾਰਾ ਤੁਰੰਤ ਕੀਤਾ ਜਾਵੇ। ਦੱਸਣਯੋਗ ਹੈ ਕਿ ਬੀ ਬੀ ਐੱਮ ਬੀ ਨੇ ਦੋ ਦਿਨ ਪਹਿਲਾਂ ਡੈਮਾਂ ਨੂੰ ਪੰਜਾਬ ਪੁਲਸ ਦੇ ਕੰਟਰੋਲ ਤੋਂ ਮੁਕਤ ਕਰਵਾਉਣ ਲਈ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ।