ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਮੰਗਲਵਾਰ ਕਿਹਾ ਕਿ ਉਹ ਮੁਸਲਮਾਨਾਂ ਨੂੰ ਰਾਖਵਾਂਕਰਨ ਦੇਣ ਵਾਲੇ ਰਾਜ ਦੇ ਕਾਨੂੰਨ ਨੂੰ ਖਾਰਜ ਕਰਨ ਸੰਬੰਧੀ ਆਂਧਰਾ ਪ੍ਰਦੇਸ਼ ਹਾਈ ਕੋਰਟ ਦੇ ਫੈਸਲੇ ਖਿਲਾਫ ਦਾਇਰ ਪਟੀਸ਼ਨਾਂ ਦੀ ਸੁਣਵਾਈ ਤੋਂ ਪਹਿਲਾਂ ਆਰਥਕ ਤੌਰ ’ਤੇ ਕਮਜ਼ੋਰ ਵਰਗ ਦੇ ਲੋਕਾਂ ਨੂੰ ਦਾਖਲਿਆਂ ਤੇ ਨੌਕਰੀਆਂ ’ਚ 10 ਫੀਸਦੀ ਰਾਖਵਾਂਕਰਨ ਦੇਣ ਦੇ ਕੇਂਦਰ ਦੇ ਫੈਸਲੇ ਦੀ ਸੰਵਿਧਾਨਕ ਵੈਧਤਾ ਦੀ ਜਾਂਚ ਕਰੇਗੀ। ਚੀਫ ਜਸਟਿਸ ਉਦੈ ਉਮੇਸ਼ ਲਲਿਤ, ਜਸਟਿਸ ਦਿਨੇਸ਼ ਮਹੇਸ਼ਵਰੀ, ਜਸਟਿਸ ਰਵਿੰਦਰ ਭੱਟ, ਜਸਟਿਸ ਬੇਲਾ ਐੱਮ ਤਿ੍ਰਵੇਦੀ ਅਤੇ ਜਸਟਿਸ ਜੇ ਬੀ ਪਾਰਦੀਵਾਲਾ ਦੀ ਪੰਜ ਮੈਂਬਰੀ ਸੰਵਿਧਾਨਕ ਬੈਂਚ ਨੇ ਕਿਹਾ ਕਿ ਉਹ ਪ੍ਰਕਿਰਿਆ ਦੇ ਪਹਿਲੂਆਂ ਅਤੇ ਹੋਰ ਵੇਰਵਿਆਂ ’ਤੇ 6 ਸਤੰਬਰ ਨੂੰ ਫੈਸਲਾ ਕਰੇਗੀ ਅਤੇ 13 ਸਤੰਬਰ ਤੋਂ ਪਟੀਸ਼ਨਾਂ ’ਤੇ ਸੁਣਵਾਈ ਕਰੇਗੀ। ਕੇਂਦਰ ਨੇ 103ਵੇਂ ਸੰਵਿਧਾਨਕ ਸੋਧ ਕਾਨੂੰਨ 2019 ਰਾਹੀਂ ਆਰਥਕ ਤੌਰ ’ਤੇ ਕਮਜ਼ੋਰ ਵਰਗਾਂ ਲਈ ਦਾਖਲਿਆਂ ਅਤੇ ਜਨਤਕ ਸੇਵਾਵਾਂ ਵਿਚ ਰਾਖਵੇਂਕਰਨ ਦੀ ਵਿਵਸਥਾ ਨੂੰ ਜੋੜਿਆ ਸੀ। ਸੁਪਰੀਮ ਕੋਰਟ ਆਂਧਰਾ ਪ੍ਰਦੇਸ਼ ਹਾਈ ਕੋਰਟ ਦੇ ਹੁਕਮਾਂ ਨੂੰ ਚੁਣੌਤੀ ਦੇਣ ਵਾਲੀਆਂ ਰਾਜ ਸਰਕਾਰ ਦੀ ਪਟੀਸ਼ਨ ਅਤੇ ਹੋਰ ਪਟੀਸ਼ਨਾਂ ’ਤੇ ਸੁਣਵਾਈ ਵੀ ਕਰੇਗੀ। ਆਂਧਰਾ ਪ੍ਰਦੇਸ਼ ਹਾਈ ਕੋਰਟ ਨੇ ਮੁਸਲਮਾਨਾਂ ਨੂੰ ਰਾਖਵਾਂਕਰਨ ਦੇਣ ਵਾਲੇ ਸਥਾਨਕ ਕਾਨੂੰਨ ਨੂੰ ਰੱਦ ਕਰ ਦਿੱਤਾ ਸੀ।
ਗੁਜਰਾਤ ਦੰਗਿਆਂ ਦੇ 9 ’ਚੋਂ 8 ਕੇਸ ਬੰਦ
ਨਵੀਂ ਦਿੱਲੀ : ਸੁਪਰੀਮ ਕੋਰਟ ਨੇ 2002 ਦੇ ਗੁਜਰਾਤ ਦੰਗਿਆਂ ਨਾਲ ਜੁੜੇ 9 ਵਿੱਚੋਂ 8 ਕੇਸ ਬੰਦ ਕਰਨ ਦਾ ਹੁਕਮ ਦਿੱਤਾ ਹੈ। ਇਨ੍ਹਾਂ ਨਾਲ ਸੰਬੰਧਤ ਪਟੀਸ਼ਨਾਂ ਸੁਪਰੀਮ ਕੋਰਟ ਵਿਚ ਵਿਚਾਰਾਧੀਨ ਸਨ।
ਚੀਫ ਜਸਟਿਸ ਯੂ ਯੂ ਲਲਿਤ ਦੀ ਅਗਵਾਈ ਵਾਲੀ ਤਿੰਨ ਮੈਂਬਰੀ ਬੈਂਚ ਨੇ ਮੰਗਲਵਾਰ ਕਿਹਾ ਕਿ ਏਨਾ ਵਕਤ ਲੰਘ ਜਾਣ ਦੇ ਬਾਅਦ ਇਨ੍ਹਾਂ ਮਾਮਲਿਆਂ ’ਤੇ ਸੁਣਵਾਈ ਕਰਨ ਦਾ ਕੋਈ ਮਤਲਬ ਨਹੀਂ ਹੈ।