ਪਾਣੀਆਂ ਦੇ ਮਸਲੇ ਨੂੰ ਹੱਲ ਕਰਵਾਉਣ ਲਈ ਕਮਰਕੱਸਾ ਕਰਨ ਦਾ ਸੱਦਾ

0
125

ਨੰਗਲ (ਸੁਰਜੀਤ ਸਿੰਘ)
ਬੀ ਬੀ ਐੱਮ ਬੀ ਵੱਲੋਂ ਹਰਿਆਣਾ ਨੂੰ ਫੌਰੀ ਵਾਧੂ ਪਾਣੀ ਦਿੱਤੇ ਜਾਣ ਦੇ ਫੈਸਲੇ ਨੂੰ ਰੱਦ ਕਰਨ ਦੀ ਮੰਗ ਨੂੰ ਲੈ ਕੇ ਸੋਮਵਾਰ ਕਿਸਾਨਾਂ ਨੇ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਦੇ ਮੁਖੀ ਦੇ ਦਫਤਰ ਸਾਹਮਣੇ ਰੋਸ ਧਰਨਾ ਦਿੱਤਾ ਗਿਆ। ਇਸ ਧਰਨੇ ’ਚ ਬੀ ਕੇ ਯੂ (ਰਾਜੇਵਾਲ), ਭਾਰਤੀ ਕਿਸਾਨ ਯੂਨੀਅਨ ਕਾਦੀਆਂ, ਕਿਰਤੀ ਕਿਸਾਨ ਯੂਨੀਅਨ, ਕਿਰਤੀ ਕਿਸਾਨ ਮੋਰਚਾ ਰੋਪੜ ਅਤੇ ਕੁਲ ਹਿੰਦ ਕਿਸਾਨ ਸਭਾ ਦੇ ਪ੍ਰਤੀਨਿਧੀਆਂ ਨੇ ਸ਼ਮੂਲੀਅਤ ਕੀਤੀ।
ਧਰਨੇ ਨੂੰ ਸੰਬੋਧਨ ਕਰਦਿਆਂ ਬਲਬੀਰ ਸਿੰਘ ਰਾਜੇਵਾਲ ਨੇ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਦੇ ਹਰਿਆਣਾ ਨੂੰ ਵਾਧੂ ਪਾਣੀ ਦੇਣ ਦੇ ਫੈਸਲੇ ਨੂੰ ਆੜੇ ਹੱਥੀ ਲੈਂਦਿਆਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪੰਜਾਬ ਨਾਲ ਧੱਕੇਸ਼ਾਹੀ ਕੀਤੀ ਜਾ ਰਹੀ ਹੈ। ਉਨ੍ਹਾ ਪਾਣੀਆਂ ਦੇ ਗੰਭੀਰ ਹੋ ਰਹੇ ਸੰਕਟ ਬਾਰੇ ਬੋਲਦਿਆਂ ਕਿਹਾ ਕਿ ਹਰ ਖੇਤ ਤੱਕ ਨਹਿਰੀ ਪਾਣੀ ਅਤੇ ਹਰ ਘਰ ਨੂੰ ਪੀਣ ਵਾਲਾ ਸਾਫ ਪਾਣੀ ਮਹੁੱਈਆ ਕਰਵਾਉਣ ਲਈ ਇਕ ਮੁਹਿੰਮ ਵਿੱਢਣ ਦੀ ਲੋੜ ਹੈ, ਕਿਉਕਿ ਮੌਜੂਦਾ ਸਮੇਂ ਜ਼ਮੀਨ ਹੇਠਲਾ ਪਾਣੀ ਲਗਾਤਾਰ ਖਾਤਮੇ ਵੱਲ ਵਧ ਰਿਹਾ ਤੇ ਉਪਰੋਂ ਇਸ ਪਾਣੀ ਵਿੱਚ ਭਾਰੇ ਅਤੇ ਜ਼ਹਿਰੀਲੇ ਤੱਤ ਸ਼ਾਮਲ ਹਨ, ਜੋ ਕਿ ਕੈਂਸਰ ਵਰਗੀਆਂ ਭਿਆਨਕ ਬਿਮਾਰੀਆਂ ਦਾ ਕਾਰਨ ਬਣੇਗਾ। ਇਸ ਲਈ ਦਰਿਆਈ ਪਾਣੀਆਂ ਦੇ ਮਸਲੇ ਨੂੰ ਰਿਪੇਰੀਅਨ ਸਿਧਾਂਤ ਦੀ ਕਸਵੱਟੀ ’ਤੇ ਹੱਲ ਕਰਨ ਦੇ ਨਾਲ-ਨਾਲ ਮੀਂਹ ਦੇ ਪਾਣੀ ਦੀ ਸੰਭਾਲ ਅਤੇ ਘੱਟ ਪਾਣੀ ਲੈਣ ਵਾਲੀਆਂ ਫ਼ਸਲਾਂ ਦੀ ਕਾਸ਼ਤ ਵੱਲ ਤੁਰਨਾ ਪਵੇਗਾ। ਉਨ੍ਹਾ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਕਰਨ ਦੀ ਥਾਂ ਪੰਜਾਬ ਨੂੰ ਪਾਣੀ ਦੇ ਸੰਕਟ ਨੂੰ ਹੱਲ ਕਰਨ ਲਈ ਵੱਡਾ ਵਿੱਤੀ ਪੈਕੇਜ ਦਿੱਤਾ ਜਾਵੇ।ਧਰਨੇ ਨੂੰ ਸੰਬੋਧਨ ਕਰਦਿਆਂ ਵੱਖ-ਵੱਖ ਬੁਲਾਰਿਆਂ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਵਲੋਂ ਬੀਤੇ ਦਿਨ ਕਿਸਾਨ ਜਥੇਬੰਦੀਆਂ ਵਿਰੁੱਧ ਕੀਤੀ ਗਈ ਬਿਆਨਬਾਜ਼ੀ ਅਪਮਾਨਜਨਕ ਹੈ। ਉਨ੍ਹਾ ਕਿਹਾ ਕਿ ਭਗਵੰਤ ਸਿੰਘ ਮਾਨ ਆਪਣੀ ਜ਼ਿੰਮੇਵਾਰੀ ਨੂੰ ਨਿਭਾਉਣ ਦੀ ਥਾਂ ਕਿਸਾਨ ਲਹਿਰ ਨੂੰ ਬਦਨਾਮ ਕਰਨ ਲਈ ਸਾਜ਼ਿਸ਼ੀ ਮੁਹਿੰਮ ਚਲਾ ਰਹੇ ਹਨ। ਆਗੂਆਂ ਨੇ ਕਿਹਾ ਕਿ ਬੀਤੇ ਵਿੱਚ ਮੰਗ ਕੀਤੀ ਗਈ ਸੀ ਕਿ ਕੇਂਦਰ ਸਰਕਾਰ ਦੇ ਕੰਟਰੋਲ ਨੂੰ ਵਧਾਉਣ ਵਾਲੇ ਡੈਮ ਸੇਫਟੀ ਐਕਟ ਨੂੰ ਰੱਦ ਕਰਨ ਦਾ ਮਤਾ ਪੰਜਾਬ ਵਿਧਾਨ ਸਭਾ ਵਿੱਚ ਪਾਸ ਕੀਤਾ ਜਾਵੇ, ਪਰ ਪੰਜਾਬ ਸਰਕਾਰ ਨੇ ਇਸ ਵੱਲ ਕੋਈ ਤਵੱਜੋਂ ਨਹੀਂ ਦਿੱਤੀ।
ਹੁਣ ਇਸੇ ਕਾਰਨ ਕੇਂਦਰ ਸਰਕਾਰ ਪੰਜਾਬ ਦੇ ਹੱਕ ’ਤੇ ਡਾਕਾ ਮਾਰ ਕੇ ਵਾਧੂ ਪਾਣੀ ਹੋਰ ਸੂਬਿਆਂ ਨੂੰ ਦੇ ਰਹੀ ਹੈ। ਉਨ੍ਹਾ ਇਸ ਅਣਗਹਿਲੀ ਲਈ ਮੁੱਖ ਮੰਤਰੀ ਪੰਜਾਬ ਨੂੰ ਜ਼ਿੰਮੇਵਾਰ ਠਹਿਰਾਉਦਿਆਂ ਕਿਹਾ ਕਿ ਮੁੱਖ ਮੰਤਰੀ ਨੂੰ ਆਪਣੀ ਸੰਵਿਧਾਨਕ ਜ਼ਿੰਮੇਵਾਰੀ ਨਿਭਾਉਣ ਵੱਲ ਧਿਆਨ ਕੇਂਦਰਤ ਕਰਕੇ ਪੰਜਾਬ ਦੇ ਹੱਕਾਂ ਦੀ ਰਾਖੀ ਕਰਨ ਲਈ ਸਾਰੇ ਪੰਜਾਬੀਆਂ ਦਾ ਸਹਿਯੋਗ ਲੈਣਾ ਚਾਹੀਦਾ ਹੈ।ਬੁਲਾਰਿਆਂ ਨੇ ਇੱਕਮੱਤ ਹੋ ਕੇ ਹੋਕਾ ਦਿੱਤਾ ਕਿ ਭਵਿੱਖ ਵਿੱਚ ਪਾਣੀਆਂ ਦੇ ਮਸਲੇ ’ਤੇ ਜ਼ੋਰਦਾਰ ਸੰਘਰਸ਼ ਵਿੱਢਣ ਲਈ ਕਮਰਕੱਸਾ ਕਰਨ ਦੀ ਲੋੜ ਹੈ। ਧਰਨੇ ਨੂੰ ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਪ੍ਰੈੱਸ ਸਕੱਤਰ ਰਾਮਿੰਦਰ ਸਿੰਘ ਪਟਿਆਲਾ, ਬੀ ਕੇ ਯੂ ਰਾਜੇਵਾਲ ਦੇ ਜਨਰਲ ਸਕੱਤਰ ਪਰਮਿੰਦਰ ਸਿੰਘ ਚਲਾਕੀ, ਮੁਕੇਸ਼ ਚੰਦਰ ਸ਼ਰਮਾ, ਘੁੰਮਣ ਸਿੰਘ ਰਾਜਗੜ੍ਹ, ਹਰਦੀਪ ਸਿੰਘ ਘਨੁੜਕੀ ਬੀ ਕੇ ਯੂ ਕਾਦੀਆਂ ਦੇ ਤਲਵਿੰਦਰ ਸਿੰਘ ਗੱਗੋਂ, ਸਰਬਜੀਤ ਸਿੰਘ, ਕਿਰਤੀ ਕਿਸਾਨ ਮੋਰਚਾ ਦੇ ਪ੍ਰਧਾਨ ਵੀਰ ਸਿੰਘ ਬੜਵਾ ਅਤੇ ਕੁਲ ਹਿੰਦ ਕਿਸਾਨ ਸਭਾ ਦੇ ਗੁਰਨਾਮ ਸਿੰਘ ਅਤੇ ਪੰਜਾਬ ਸਟੂਡੈਂਟਸ ਯੂਨੀਅਨ ਦੇ ਸੂਬਾ ਪ੍ਰਧਾਨ ਰਣਬੀਰ ਸਿੰਘ ਕੁਰੜ ਨੇ ਸੰਬੋਧਨ ਕੀਤਾ।