ਕੇਜਰੀਵਾਲ ਤੇ ਮਾਨ ਨੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਜੰਗ ’ਚ ਯੋਧੇ ਬਣਨ ਲਈ ਸਹੁੰ ਚੁਕਾਈ

0
76

ਲੰਗੜੋਆ (ਐੱਸ ਬੀ ਐੱਸ ਨਗਰ)
ਆਮ ਆਦਮੀ ਨੂੰ ਨਸ਼ਿਆਂ ਵਿਰੁੱਧ ਜੰਗ ਦਾ ਅਨਿੱਖੜਵਾਂ ਅੰਗ ਬਣਾਉਣ ਦੀ ਕੋਸ਼ਿਸ਼ ਤਹਿਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਸ਼ੁੱਕਰਵਾਰ ਨੂੰ ਸੂਬੇ ਦੇ ਵਸਨੀਕਾਂ ਨੂੰ ਨਸ਼ਿਆਂ ਵਿਰੁੱਧ ਲੜਾਈ ਵਿੱਚ ਯੋਧੇ ਬਣਨ ਦੀ ਸਹੁੰ ਚੁਕਾਈ।ਇੱਥੇ ਇਕ ਸਮਾਗਮ ਵਿੱਚ ਮੁੱਖ ਮੰਤਰੀ ਨੇ ਸਹੁੰ ਚੁਕਾਉਦੇ ਹੋਏ ਨਸ਼ਿਆਂ ਵਿਰੁੱਧ ਜੰਗ ਵਿੱਚ ਲੋਕਾਂ ਦੇ ਪੂਰਨ ਸਮਰਥਨ ਅਤੇ ਸਹਿਯੋਗ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਲਾਹਨਤ ਸੂਬੇ ਦੇ ਚਿਹਰੇ ’ਤੇ ਇਕ ਧੱਬਾ ਹੈ ਅਤੇ ਇਸ ਲਾਹਨਤ ਨੂੰ ਮਿਟਾਉਣ ਲਈ ਸੂਬਾ ਸਰਕਾਰ ਨੂੰ ਰਣਨੀਤੀ ਬਣਾਉਣ ਵਿੱਚ ਦੋ ਸਾਲਾਂ ਤੋਂ ਵੱਧ ਸਮਾਂ ਲੱਗਿਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ਨਸ਼ਿਆਂ ਦੀ ਸਪਲਾਈ ਲਾਈਨ ਤੋੜ ਦਿੱਤੀ ਗਈ ਹੈ ਅਤੇ ਅਜਿਹੇ ਘਿਨਾਉਣੇ ਅਪਰਾਧਾਂ ਵਿੱਚ ਸ਼ਾਮਲ ਵੱਡੀਆਂ ਮੱਛੀਆਂ ਨੂੰ ਸਲਾਖਾਂ ਪਿੱਛੇ ਡੱਕ ਦਿੱਤਾ ਗਿਆ, ਨਸ਼ਾ ਪੀੜਤਾਂ ਦਾ ਮੁੜ-ਵਸੇਬਾ ਯਕੀਨੀ ਬਣਾਇਆ ਗਿਆ ਅਤੇ ਇੱਥੋਂ ਤੱਕ ਕਿ ਨਸ਼ਾ ਤਸਕਰਾਂ ਦੀ ਜਾਇਦਾਦ ਵੀ ਜ਼ਬਤ ਕਰ ਕੇ ਨਸ਼ਟ ਕੀਤੀ ਗਈ।
ਮਾਨ ਨੇ ਕਿਹਾ ਕਿ ਜਿਸ ਤਰ੍ਹਾਂ ਇਸ ਪਿੰਡ ਨੇ ਪੁਲਸ ਨੂੰ ਪੂਰਾ ਸਹਿਯੋਗ ਦੇਣ ਤੋਂ ਬਾਅਦ ਆਪਣੇ ਆਪ ਨੂੰ ਨਸ਼ਾ ਮੁਕਤ ਐਲਾਨਿਆ ਹੈ, ਉਸੇ ਤਰ੍ਹਾਂ ਇਸ ਨੂੰ ਸੂਬੇ ਦੇ ਹੋਰ ਹਿੱਸਿਆਂ ਵਿੱਚ ਵੀ ਦੁਹਰਾਇਆ ਜਾਣਾ ਚਾਹੀਦਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਦੇਖ ਕੇ ਖ਼ੁਸ਼ੀ ਹੁੰਦੀ ਹੈ ਕਿ ਇਸ ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਔਰਤਾਂ ਹਿੱਸਾ ਲੈ ਰਹੀਆਂ ਹਨ, ਜੋ ਚੰਗਾ ਸੰਕੇਤ ਹੈ। ਉਨ੍ਹਾ ਕਿਹਾ ਕਿ ਜੇ ਔਰਤਾਂ ਕਿਸੇ ਵੀ ਖ਼ਤਰੇ ਨੂੰ ਖ਼ਤਮ ਕਰਨ ਲਈ ਇੰਨੀ ਵੱਡੀ ਪੱਧਰ ’ਤੇ ਲਾਮਬੰਦ ਹੁੰਦੀਆਂ ਹਨ ਤਾਂ ਇਹ ਬਹੁਤ ਜਲਦੀ ਖ਼ਤਮ ਹੋ ਜਾਵੇਗਾ।
ਕੇਜਰੀਵਾਲ ਨੇ ਲੋਕਾਂ ਦੇ ਸਰਗਰਮ ਸਮਰਥਨ ਨਾਲ ਨਸ਼ਿਆਂ ਵਿਰੁੱਧ ਜੰਗ ਨੂੰ ਪਿੰਡ ਅਤੇ ਗਲੀ ਪੱਧਰ ’ਤੇ ਲੈ ਜਾਣ ਦਾ ਐਲਾਨ ਕੀਤਾ।ਕੇਜਰੀਵਾਲ ਨੇ ਕਿਹਾ ਕਿ ਸੂਬਾ ਸਰਕਾਰ ਨੇ ਨਸ਼ਿਆਂ ਦੀ ਰੀੜ੍ਹ ਦੀ ਹੱਡੀ ਤੋੜ ਦਿੱਤੀ ਹੈ ਅਤੇ ਹੁਣ ਉਹ ਦਿਨ ਦੂਰ ਨਹੀਂ, ਜਦੋਂ ਪੰਜਾਬ ਵਿੱਚੋਂ ਨਸ਼ਿਆਂ ਦਾ ਮੁਕੰਮਲ ਖ਼ਾਤਮਾ ਹੋ ਜਾਵੇਗਾ।ਉਨ੍ਹਾ ਕਿਹਾ ਕਿ ਨਸ਼ਾ ਮੁਕਤੀ ਯਾਤਰਾ ਤਹਿਤ ਸੂਬੇ ਦੇ ਹਰ ਪਿੰਡ ਅਤੇ ਕਸਬੇ ਤੱਕ ਪਹੁੰਚ ਕੀਤੀ ਜਾਵੇਗੀ ਤਾਂ ਜੋ ਨਸ਼ਿਆਂ ਵਿਰੁੱਧ ਇਸ ਜੰਗ ਵਿੱਚ ਵੱਧ ਤੋਂ ਵੱਧ ਲੋਕਾਂ ਨੂੰ ਸ਼ਾਮਲ ਕਰ ਕੇ ਪੰਜਾਬ ਨੂੰ ਪੂਰੀ ਤਰ੍ਹਾਂ ਨਸ਼ਾ ਮੁਕਤ ਬਣਾਇਆ ਜਾ ਸਕੇ। ਉਨ੍ਹਾ ਸਪੱਸ਼ਟ ਤੌਰ ’ਤੇ ਕਿਹਾ ਕਿ ਉਹ ਦਿਨ ਦੂਰ ਨਹੀਂ, ਜਦੋਂ ਸੂਬਾ ਸਰਕਾਰ ਦੇ ਸਖ਼ਤ ਯਤਨਾਂ ਸਦਕਾ ਪੰਜਾਬ ਨਾ ਸਿਰਫ਼ ਨਸ਼ਾ ਮੁਕਤ ਹੋਵੇਗਾ, ਸਗੋਂ ਹਰ ਪੱਖ ਤੋਂ ਦੇਸ਼ ਦਾ ਮੋਹਰੀ ਸੂਬਾ ਵੀ ਬਣੇਗਾ।ਉਨ੍ਹਾ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੂੰ ਯੁੱਧ ਨਸ਼ਿਆਂ ਵਿਰੁੱਧ ਦੀ ਸ਼ਾਨਦਾਰ ਸਫ਼ਲਤਾ ਲਈ ਵਧਾਈ ਦਿੱਤੀ। ਉਨ੍ਹਾ ਕਿਹਾ ਕਿ ਇਹ ਬਹੁਤ ਖੁਸ਼ੀ ਦੀ ਗੱਲ ਹੈ ਕਿ ਸੂਬਾ ਸਰਕਾਰ ਦੇ ਠੋਸ ਯਤਨਾਂ ਸਦਕਾ ਜਿਹੜੇ ਪਿੰਡ ਨਸ਼ੇ ਦੇ ਕੇਂਦਰ ਸਨ, ਹੁਣ ਨਸ਼ਿਆਂ ਤੋਂ ਮੁਕਤ ਹੋ ਰਹੇ ਹਨ। ਕੇਜਰੀਵਾਲ ਨੇ ਕਿਹਾ ਕਿ ਪਹਿਲਾਂ ਬਾਲੀਵੁੱਡ ਫਿਲਮਾਂ ਨਸ਼ਿਆਂ ਦੀ ਦਲਦਲ ਦੇ ਹਾਲਾਤ ’ਤੇ ਬਣਨ ਲੱਗ ਗਈਆਂ ਸਨ, ਹੁਣ ਸਮਾਂ ਬਦਲ ਗਿਆ ਹੈ ਅਤੇ ਸੂਬੇ ਦੇ ਨੌਜਵਾਨ ਖੇਡਾਂ ਦੇ ਖੇਤਰ ਵਿੱਚ ਨਾਮਣਾ ਖੱਟ ਰਹੇ ਹਨ।ਉਨ੍ਹਾ ਕਿਹਾ ਕਿ ਪਹਿਲਾਂ ਪਿਛਲੀਆਂ ਸਰਕਾਰਾਂ ਦੇ ਮੰਤਰੀ ਨਸ਼ੇ ਦੇ ਸੌਦਾਗਰਾਂ ਦੀ ਸਰਪ੍ਰਸਤੀ ਕਰਦੇ ਸਨ ਅਤੇ ਇੱਥੋਂ ਤੱਕ ਕਿ ਆਪਣੀਆਂ ਸਰਕਾਰੀ ਗੱਡੀਆਂ ਵਿੱਚ ਨਸ਼ੇ ਵੇਚਦੇ/ਸਪਲਾਈ ਕਰਦੇ ਸਨ। ਹੁਣ ਪੁਲਸ ਵੱਲੋਂ ਕੁਇੰਟਲਾਂ ਦੀ ਮਾਤਰਾ ਵਿੱਚ ਨਸ਼ੇ ਜ਼ਬਤ ਕੀਤੇ ਜਾ ਰਹੇ ਹਨ ਅਤੇ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ ਤਾਂ ਜੋ ਹੋਰ ਅਪਰਾਧੀਆਂ ਲਈ ਮਿਸਾਲ ਕਾਇਮ ਕੀਤੀ ਜਾ ਸਕੇ। ਉਨ੍ਹਾ ਕਿਹਾ ਕਿ ਪਹਿਲਾਂ ਦੇ ਸਮੇਂ ਦੇ ਉਲਟ ਜਦੋਂ ਨਸ਼ੇ ਦੇ ਸੌਦਾਗਰਾਂ ਨੂੰ ਸਰਕਾਰ ਵੱਲੋਂ ਬਚਾਇਆ ਜਾਂਦਾ ਸੀ, ਹੁਣ ‘ਆਪ’ ਸਰਕਾਰ ਵੱਲੋਂ 10,000 ਨਸ਼ਾ ਤਸਕਰ, ਜਿਨ੍ਹਾਂ ਵਿੱਚ 8500 ਵੱਡੀਆਂ ਮੱਛੀਆਂ ਹਨ, ਨੂੰ ਗਿ੍ਰਫ਼ਤਾਰ ਕੀਤਾ ਗਿਆ ਹੈ।
ਉਨ੍ਹਾ ਕਿਹਾ ਕਿ ਨੌਜਵਾਨਾਂ ਦੀ ਬੇਅੰਤ ਊਰਜਾ ਨੂੰ ਸਕਾਰਾਤਮਕ ਦਿਸ਼ਾ ਵਿੱਚ ਲਾਉਣ ਲਈ ਸੂਬਾ ਸਰਕਾਰ ਸੂਬੇ ਦੇ ਹਰ ਪਿੰਡ ਵਿੱਚ ਇਕ ਸਟੇਡੀਅਮ ਬਣਾਏਗੀ। ਉਨ੍ਹਾ ਕਿਹਾ ਕਿ ਸੂਬੇ ਵਿੱਚ ਖੇਡਾਂ ਨੂੰ ਵੱਡੇ ਪੱਧਰ ’ਤੇ ਉਤਸ਼ਾਹਤ ਕਰਨ ਲਈ ਸੂਬੇ ਦੇ 3000 ਵੱਡੇ ਪਿੰਡਾਂ ਵਿੱਚ 3000 ਜਿੰਮ ਬਣਾਏ ਜਾਣਗੇ। ਕੇਜਰੀਵਾਲ ਨੇ ਕਿਹਾ ਕਿ ਸੂਬੇ ਨੇ ਪਹਿਲਾਂ ਹੀ ਨੌਜਵਾਨਾਂ ਨੂੰ ਲਗਪਗ 54000 ਨੌਕਰੀਆਂ ਦਿੱਤੀਆਂ ਹਨ ਅਤੇ ਸਰਕਾਰ ਨੇ ਹਰ ਪਿੰਡ ਦੇ ਨੌਜਵਾਨਾਂ ਲਈ ਰੋਜ਼ਗਾਰ ਨੂੰ ਯਕੀਨੀ ਬਣਾਉਣ ਲਈ ਵੱਡੇ ਪੱਧਰ ’ਤੇ ਯੋਜਨਾ ਉਲੀਕੀ ਹੈ।