ਚੰਡੀਗੜ੍ਹ : ਕੇਂਦਰ ਸਰਕਾਰ ਵੱਲੋਂ ਰਾਜਪੁਰਾ-ਮੁਹਾਲੀ ਰੇਲ ਲਾਈਨ ਨੂੰ ਹਰੀ ਝੰਡੀ ਦੇ ਦਿੱਤੀ ਗਈ ਹੈ ਅਤੇ ਇਸ ਪ੍ਰੋਜੈਕਟ ਲਈ 202.99 ਕਰੋੜ ਰੁਪਏ ਜਾਰੀ ਕਰ ਦਿੱਤੇ ਗਏ ਹਨ। ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਇਹ ਜਾਣਕਾਰੀ ਦਿੰਦਿਆਂ ਕਿਹਾ ਕਿ ਮਾਲਵਾ ਖਿੱਤੇ ਨੂੰ ਇਸ ਰੇਲ ਲਾਈਨ ਦਾ ਵੱਡਾ ਲਾਭ ਪੁੱਜੇਗਾ। ਇਸ ਰੇਲ ਪ੍ਰੋਜੈਕਟ ਨੂੰ ਕਰੀਬ ਦੋ ਵਰ੍ਹਿਆਂ ਵਿੱਚ ਮੁਕੰਮਲ ਕੀਤਾ ਜਾਵੇਗਾ। ਇਸ ਪ੍ਰੋਜੈਕਟ ਦੇ ਸਿਰੇ ਚੜ੍ਹਨ ਨਾਲ ਸਮੁੱਚਾ ਮਾਲਵਾ ਖਿੱਤਾ ਰੇਲ ਮਾਰਗ ਰਾਹੀਂ ਚੰਡੀਗੜ੍ਹ ਨਾਲ ਜੁੜ ਜਾਵੇਗਾ।
ਚੇਤੇ ਰਹੇ ਕਿ ਰਾਜਪੁਰਾ-ਮੁਹਾਲੀ ਰੇਲ ਲਾਈਨ ਲਈ ਜ਼ਮੀਨ ਪ੍ਰਾਪਤੀ ਵੱਡਾ ਅੜਿੱਕਾ ਬਣੀ ਹੋਈ ਸੀ। ਪੰਜਾਬ ਵਿਧਾਨ ਸਭਾ ਦੀਆਂ 2027 ਦੀਆਂ ਚੋਣਾਂ ਦੇ ਮੱਦੇਨਜ਼ਰ ਭਾਜਪਾ ਦੀ ਅਗਵਾਈ ਵਾਲੀ ਕੇਂਦਰੀ ਹਕੂਮਤ ਨੇ ਪੰਜਾਬ ਵਿੱਚ ਲਟਕੇ ਪਏ ਰੇਲ ਪ੍ਰੋਜੈਕਟਾਂ ’ਤੇ ਫੈਸਲੇ ਲੈਣੇ ਸ਼ੁਰੂ ਕੀਤੇ ਹਨ। ਦੇਖਣਾ ਹੋਵੇਗਾ ਕਿ ਹੁਣ ਕੇਂਦਰ ਸਰਕਾਰ ਇਸ ਪ੍ਰੋਜੈਕਟ ਲਈ ਜ਼ਮੀਨ ਪ੍ਰਾਪਤੀ ਦਾ ਕੰਮ ਕਿੰਨੇ ਕੁ ਸਮੇਂ ਵਿੱਚ ਨੇਪਰੇ ਚਾੜ੍ਹਦੀ ਹੈ।




