ਹੁਸ਼ਿਆਰਪੁਰ (ਓਮ ਪ੍ਰਕਾਸ਼ ਰਾਣਾ)
ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਸੋਮਵਾਰ ਕਿਹਾ ਕਿ ਪਿਛਲੀਆਂ ਸਰਕਾਰਾਂ ਦੀ ਨਸ਼ਾ ਤਸਕਰਾਂ ਨਾਲ ਮਿਲੀਭੁਗਤ ਹੋਣ ਕਾਰਨ ਨਸ਼ਿਆਂ ਨੇ ਸੂਬੇ ਨੂੰ ਆਪਣੀ ਲਪੇਟ ਵਿੱਚ ਲੈ ਲਿਆ ਸੀ।
ਨਸ਼ਾ ਮੁਕਤੀ ਯਾਤਰਾ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਕੇਜਰੀਵਾਲ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਨਾ ਸਿਰਫ ਨਸ਼ਾ ਵੇਚਣ ਵਾਲਿਆਂ ਨੂੰ ਸਰਪ੍ਰਸਤੀ ਦਿੱਤੀ, ਸਗੋਂ ਉਨ੍ਹਾਂ ਖੁਦ ਆਪਣੇ ਸਰਕਾਰੀ ਵਾਹਨਾਂ ਵਿੱਚ ਇਹ ਕਾਰੋਬਾਰ ਚਲਾਇਆ। ਉਹਨਾ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨਸ਼ਿਆਂ ਦੇ ਖਤਰੇ ਵਿਰੁੱਧ ਸਖਤੀ ਨਾਲ ਕਾਰਵਾਈ ਕਰ ਰਹੀ ਹੈ। ਨਸ਼ਿਆਂ ਦੀ ਸਪਲਾਈ ਲਾਈਨ ਤੋੜਨ ਉਪਰੰਤ ਸੂਬਾ ਸਰਕਾਰ ਦਾ ਮੁੱਖ ਧਿਆਨ ਹੁਣ ਨਸ਼ਾ ਪੀੜਤਾਂ ਦੇ ਮੁੜ ਵਸੇਬੇ ’ਤੇ ਕੇਂਦਰਤ ਹੈ। ਉਨ੍ਹਾ ਕਿਹਾ ਕਿ ਸੂਬਾ ਸਰਕਾਰ ਪਹਿਲਾਂ ਹੀ ਨਸ਼ਾ ਛੁਡਾਊ ਕੇਂਦਰਾਂ ਵਿੱਚ ਬਿਸਤਰਿਆਂ ਦੀ ਗਿਣਤੀ ਵਧਾਉਣ ਲਈ ਯਤਨਸ਼ੀਲ ਹੈ। ਉਹਨਾ ਕਿ ਨਸ਼ਿਆਂ ਦੇ ਖਾਤਮੇ ਲਈ ਸੂਬਾ ਸਰਕਾਰ ਦੋਹਰੀ ਨੀਤੀ ਅਪਣਾਏਗੀ, ਜਿਸ ਤਹਿਤ ਇੱਕ ਪਾਸੇ ਨਸ਼ਾ ਤਸਕਰੀ ਨੂੰ ਠੱਲ੍ਹ ਪਾਈ ਜਾਵੇਗੀ, ਦੂਜੇ ਪਾਸੇ ਨਸ਼ਿਆਂ ਦੀ ਲਾਹਨਤ ਨਾਲ ਨਜਿੱਠਣ ਲਈ ਨੌਜਵਾਨਾਂ ਦੀ ਸਕਾਰਾਤਮਕ ਊਰਜਾ ਨੂੰ ਸਹੀ ਦਿਸ਼ਾ ਵਿੱਚ ਲਾਇਆ ਜਾਵੇਗਾ।


