ਚੰਡੀਗੜ੍ਹ (ਗੁਰਜੀਤ ਬਿੱਲਾ, ਕਿ੍ਰਸ਼ਨ ਗਰਗ)
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੇ ਮੰਤਰੀ ਮੰਡਲ ਨੇ ਮੰਗਲਵਾਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸਹੀਦੀ ਦਿਵਸ ਨੂੰ ਵੱਡੇ ਪੱਧਰ ’ਤੇ ਮਨਾਉਣ ਲਈ ਸੂਬਾ ਸਰਕਾਰ ਵੱਲੋਂ ਕਰਵਾਏ ਜਾਣ ਵਾਲੇ ਲੜੀਵਾਰ ਸਮਾਗਮਾਂ ਨੂੰ ਪ੍ਰਵਾਨਗੀ ਦੇ ਦਿੱਤੀ।
ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਗੁਰੂ ਸਾਹਿਬ ਦੇ ਜੀਵਨ ਤੇ ਫ਼ਲਸਫ਼ੇ ’ਤੇ ਖੋਜ ਕਾਰਜਾਂ ਲਈ ਪੰਜਾਬੀ ਯੂਨੀਵਰਸਿਟੀ (ਪਟਿਆਲਾ) ਵਿੱਚ ਚੇਅਰ ਸਥਾਪਤ ਕਰੇਗੀ। ਗੁਰੂ ਸਾਹਿਬ ਦੇ ਇਤਿਹਾਸ ਨੂੰ ਬਿਆਨਦਾ ਕਿਤਾਬਚਾ ਜਾਰੀ ਕਰਨ ਦੇ ਨਾਲ-ਨਾਲ ਗੁਰੂ ਸਾਹਿਬ ਦੀ ਬਾਣੀ ’ਤੇ ਵੀ ਬੁੱਕਲੈੱਟ (ਕਿਤਾਬਚਾ) ਜਾਰੀ ਕੀਤੀ ਜਾਵੇਗੀ।
ਮੰਤਰੀ ਮੰਡਲ ਨੇ ਸ੍ਰੀ ਆਨੰਦਪੁਰ ਸਾਹਿਬ ਵਿਖੇ ਅੰਡਰ-17 ਫੁੱਟਬਾਲ ਟੂਰਨਾਮੈਂਟ ਦੇ ਨਾਲ-ਨਾਲ ਰਾਜ ਭਰ ਵਿੱਚ ਵਿਸ਼ਵ ਸ਼ਾਂਤੀ ਸੰਮੇਲਨ ਅਤੇ ਵਿਸ਼ਵ ਅੰਤਰ-ਧਰਮ ਸੰਮੇਲਨ ਕਰਵਾਉਣ ਦੀ ਵੀ ਪ੍ਰਵਾਨਗੀ ਦਿੱਤੀ ਹੈ। ਮਾਨ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਬੇਮਿਸਾਲ ਅਤੇ ਵਿਲੱਖਣ ਕੁਰਬਾਨੀ, ਜੋ ਆਉਣ ਵਾਲੀਆਂ ਪੀੜ੍ਹੀਆਂ ਲਈ ਹਮੇਸ਼ਾ ਪ੍ਰੇਰਨਾਸਰੋਤ ਰਹੇਗੀ, ਨੂੰ ਸਿਜਦਾ ਕਰਨ ਲਈ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਸੈਮੀਨਾਰ ਵੀ ਕਰਵਾਏ ਜਾਣਗੇ ।
ਮੁੱਖ ਮੰਤਰੀ ਨੇ ਕਿਹਾ ਕਿ ਖੇਡ, ਉਚੇਰੀ ਸਿੱਖਿਆ, ਸੈਰ-ਸਪਾਟਾ ਅਤੇ ਸੱਭਿਆਚਾਰ, ਸੂਚਨਾ ਤੇ ਲੋਕ ਸੰਪਰਕ ਵਿਭਾਗ ਵੱਲੋਂ ਹੋਰਨਾਂ ਵਿਭਾਗਾਂ ਨਾਲ ਤਾਲਮੇਲ ਜ਼ਰੀਏ ਗੁਰੂ ਸਾਹਿਬ ਦੇ ਸ਼ਹੀਦੀ ਦਿਵਸ ਦੀ ਯਾਦ ਵਿੱਚ ਸੈਮੀਨਾਰ, ਕਾਨਫਰੰਸਾਂ, ਕੀਰਤਨ ਦਰਬਾਰ, ਲਾਈਟ ਐਂਡ ਸਾਊਂਡ ਸੋਅ, ਕਿਤਾਬਾਂ ਪ੍ਰਕਾਸ਼ਤ ਕਰਨ ਅਤੇ ਹੋਰ ਬਹੁਤ ਸਾਰੇ ਪ੍ਰੋਗਰਾਮ ਉਤਸ਼ਾਹ ਨਾਲ ਕਰਵਾਏ ਜਾਣਗੇ। ਮਾਨ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ, ਜੋ ਵਿਸ਼ਵ ਭਰ ਵਿੱਚ ਮਨੁੱਖੀ ਅਧਿਕਾਰਾਂ ਦੇ ਪਹਿਲੇ ਸਮਰਥਕ ਸਨ, ਦੀ ਸ਼ਾਨਾਮੱਤੀ ਵਿਰਾਸਤ ਨੂੰ ਸਦੀਵੀ ਰੱਖਣ ਲਈ ਜੰਮੂ ਤੋਂ ਦਿੱਲੀ ਵਾਇਆ ਬਾਬਾ ਬਕਾਲਾ ਅਤੇ ਸ੍ਰੀ ਅਨੰਦਪੁਰ ਸਾਹਿਬ ਤੱਕ ਯਾਤਰਾ ਕੱਢੀ ਜਾਵੇਗੀ। ਉਨ੍ਹਾ ਕਿਹਾ ਕਿ ਰੂਪਨਗਰ, ਮਾਨਸਾ, ਬਠਿੰਡਾ, ਪਟਿਆਲਾ, ਜਲੰਧਰ, ਸੰਗਰੂਰ, ਐੱਸ ਬੀ ਐੱਸ ਨਗਰ, ਤਰਨ ਤਾਰਨ, ਸ੍ਰੀ ਫਤਿਹਗੜ੍ਹ ਸਾਹਿਬ, ਬਰਨਾਲਾ, ਸ੍ਰੀ ਮੁਕਤਸਰ ਸਾਹਿਬ, ਅੰਮਿ੍ਰਤਸਰ, ਐੱਸ ਏ ਐੱਸ ਨਗਰ ਸਮੇਤ ਜ਼ਿਲ੍ਹਿਆਂ ਵਿੱਚ ਗੁਰੂ ਸਾਹਿਬ ਦੀ ਚਰਨ ਛੋਹ ਪ੍ਰਾਪਤ 63 ਥਾਵਾਂ ’ਤੇ ਬੁਨਿਆਦੀ ਢਾਂਚੇ ਦੇ ਵਿਕਾਸ ਨੂੰ ਵੱਡਾ ਹੁਲਾਰਾ ਦਿੱਤਾ ਜਾਵੇਗਾ।
ਮਾਨ ਨੇ ਕਿਹਾ ਕਿ ਇਸ ਤੋਂ ਇਲਾਵਾ ਸੂਬਾ ਸਰਕਾਰ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਤੇ ਫਲਸਫੇ ’ਤੇ ਯਾਦਗਾਰੀ ਡਾਕ ਟਿਕਟ ਜਾਰੀ ਕਰਨ ਲਈ ਭਾਰਤ ਸਰਕਾਰ ਨੂੰ ਅਪੀਲ ਵੀ ਕਰੇਗੀ। ਉਨ੍ਹਾ ਕਿਹਾ ਕਿ ਗੁਰੂ ਜੀ, ਜਿਨ੍ਹਾਂ ਨੂੰ ‘ਹਿੰਦ ਦੀ ਚਾਦਰ’ ਵਜੋਂ ਜਾਣਿਆ ਜਾਂਦਾ ਹੈ, ਧਰਮ ਦੇ ਰਖਵਾਲੇ ਅਤੇ ਧਾਰਮਿਕ ਆਜ਼ਾਦੀ ਦੇ ਯੋਧੇ ਸਨ।




