ਚੰਡੀਗੜ੍ਹ : ਹਾਲ ਹੀ ਵਿੱਚ ਪਾਕਿਸਤਾਨ ਲਈ ਜਾਸੂਸੀ ਕਰਨ ਲਈ ਪੰਜਾਬ ’ਚ ਫੜੇ ਗਏ ਛੇ ਸ਼ੱਕੀਆਂ ਦੇ ਨਾਲ ਸੰਪਰਕ ਰੱਖਣ ਵਾਲੇ ਲਗਭਗ 50 ਵਿਅਕਤੀਆਂ ਦੀਆਂ ਗਤੀਵਿਧੀਆਂ ਅਤੇ ਪਿਛੋਕੜਾਂ ਦਾ ਪਤਾ ਲਗਾਉਣ ਲਈ ਪੰਜਾਬ ਪੁਲਸ ਵੱਡੇ ਪੱਧਰ ’ਤੇ ਜਾਂਚ ਕਰ ਰਹੀ ਹੈ। ਪੁਲਸ ਸੂਤਰਾਂ ਨੇ ਕਿਹਾ ਕਿ ਭਾਰਤ-ਪਾਕਿਸਤਾਨ ਟਕਰਾਅ ਤੋਂ ਬਾਅਦ ਛੇ ਸ਼ੱਕੀਆਂ ਨੂੰ ਪਠਾਨਕੋਟ, ਮਲੇਰਕੋਟਲਾ, ਬਠਿੰਡਾ ਅਤੇ ਗੁਰਦਾਸਪੁਰ ਤੋਂ ਫੜਿਆ ਗਿਆ ਸੀ। ਤਕਨੀਕੀ ਅਤੇ ਮਨੁੱਖੀ ਜਾਂਚ ਤੋਂ ਬਾਅਦ ਇਨ੍ਹਾਂ 50 ਵਿਅਕਤੀਆਂ ਦੀ ਪਛਾਣ ਉਨ੍ਹਾਂ ਦੇ ਸਿੱਧੇ ਜਾਂ ਅਸਿੱਧੇ ਸਹਿਯੋਗੀਆਂ ਵਜੋਂ ਕੀਤੀ ਗਈ ਸੀ ਅਤੇ ਹੁਣ ਉਨ੍ਹਾਂ ਦੀ ਜਾਂਚ ਕੀਤੀ ਜਾ ਰਹੀ ਹੈ। ਹਾਲਾਂਕਿ ਇਨ੍ਹਾਂ ਸ਼ੱਕੀਆਂ ਨੂੰ ਹਿਰਾਸਤ ਵਿੱਚ ਨਹੀਂ ਲਿਆ ਗਿਆ। ਪੁਲਸ ਸੂਤਰਾਂ ਨੇ ਕਿਹਾ ਕਿ ਇਨ੍ਹਾਂ 50 ਵਿਅਕਤੀਆਂ ਦੀਆਂ ਗਤੀਵਿਧੀਆਂ ਦੀ ਡੂੰਘਾਈ ਨਾਲ ਜਾਂਚ ਕਰਨ ਲਈ ਕਥਿਤ ਜਾਸੂਸਾਂ ਦੇ ਸਾਰੇ ਸੰਪਰਕਾਂ ਦੀ ਪੁਸ਼ਟੀ ਕੀਤੀ ਜਾ ਰਹੀ ਹੈ।
ਸੂਤਰਾਂ ਨੇ ਕਿਹਾ ਕਿ ਜਿਨ੍ਹਾਂ ਲੋਕਾਂ ਤੋਂ ਪੁੱਛਗਿੱਛ ਕੀਤੀ ਗਈ ਹੈ, ਉਨ੍ਹਾਂ ਵਿੱਚੋਂ ਜ਼ਿਆਦਾਤਰ ਨੇ ਜਾਸੂਸਾਂ ਦੇ ਗੁਪਤ ਕੰਮ ਬਾਰੇ ਬੇਗੁਨਾਹ ਹੋਣ ਦਾ ਦਾਅਵਾ ਕੀਤਾ ਸੀ, ਪਰ ਪੂਰੀ ਤਰ੍ਹਾਂ ਤਸਦੀਕ ਕਰਨ ਤੋਂ ਬਾਅਦ ਹੀ ਉਨ੍ਹਾਂ ਨੂੰ ਕਲੀਨ ਚਿੱਟ ਮਿਲ ਸਕੇਗੀ। ਗਿ੍ਰਫਤਾਰ ਕੀਤੇ ਗਏ ਜਾਸੂਸਾਂ ਵਿਚ ਪੰਜ ਪੁਰਸ਼ ਅਤੇ ਇਕ ਮਹਿਲਾ ਸ਼ਾਮਲ ਹੈ।




