ਅੰਮਿ੍ਰਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਮੰਗਲਵਾਰ ਭਾਰਤੀ ਫੌਜ ਦੇ ਇਸ ਦਾਅਵੇ ਨੂੰ ਰੱਦ ਕੀਤਾ ਕਿ ਸ੍ਰੀ ਹਰਿਮੰਦਰ ਸਾਹਿਬ ਵਿਖੇ ਹਵਾਈ ਸੁਰੱਖਿਆ ਗੰਨਾਂ ਤਾਇਨਾਤ ਕੀਤੀਆਂ ਗਈਆਂ ਸਨ। ਭਾਰਤੀ ਫੌਜ ਦੇ ਲੈਫਟੀਨੈਂਟ ਜਨਰਲ ਸੁਮੇਰ ਇਵਾਨ ਨੇ ਬੀਤੇ ਦਿਨ ਇੱਕ ਚੈਨਲ ਨਾਲ ਇੰਟਰਵਿਊ ਦੌਰਾਨ ਭਾਰਤ-ਪਾਕਿਸਤਾਨ ਤਣਾਅ ਦਰਮਿਆਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਫੌਜ ਦੀਆਂ ਹਵਾਈ ਸੁਰੱਖਿਆ ਗੰਨਾਂ ਲਗਾਉਣ ਸੰਬੰਧੀ ਦਾਅਵਾ ਕੀਤਾ ਸੀ।
ਇਸ ਦਾਅਵੇ ਨੂੰ ਮੂਲੋਂ ਰੱਦ ਕਰਦਿਆਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਐਡੀਸ਼ਨਲ ਮੁੱਖ ਗ੍ਰੰਥੀ ਗਿਆਨੀ ਅਮਰਜੀਤ ਸਿੰਘ ਨੇ ਇਸ ਨੂੰ ਹੈਰਾਨੀਜਨਕ ਕਰਾਰ ਦਿੱਤਾ ਹੈ। ਉਨ੍ਹਾ ਸਪੱਸ਼ਟ ਕੀਤਾ ਹੈ ਕਿ ਬੀਤੇ ਦਿਨੀਂ ਅੰਮਿ੍ਰਤਸਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸ਼ਹਿਰ ਵਿੱਚ ਬਲੈਕਆਊਟ ਸੰਬੰਧੀ ਕੀਤੀਆਂ ਗਈਆਂ ਹਦਾਇਤਾਂ ਦੇ ਮੱਦੇਨਜ਼ਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਪ੍ਰਬੰਧ ਵੱਲੋਂ ਸਹਿਯੋਗ ਕੀਤਾ ਗਿਆ, ਇਸ ਦੌਰਾਨ ਸ੍ਰੀ ਦਰਬਾਰ ਸਾਹਿਬ ਸਮੂਹ ਦੀਆਂ ਬਾਹਰਲੀਆਂ ਤੇ ਉੱਪਰਲੀਆਂ ਲਾਈਟਾਂ ਤੈਅ ਸਮੇਂ ਸੀਮਾ ਅਨੁਸਾਰ ਬੰਦ ਕੀਤੀਆਂ ਗਈਆਂ ਪਰ ਜਿੱਥੇ-ਜਿੱਥੇ ਗੁਰੂ ਦਰਬਾਰ ਦੀ ਮਰਿਆਦਾ ਚੱਲਦੀ ਹੈ, ਉਨ੍ਹਾਂ ਥਾਵਾਂ ਉੱਤੇ ਲਾਈਟਾਂ ਚੱਲਦੀਆਂ ਰੱਖ ਕੇ ਪੂਰੀ ਜ਼ਿੰਮੇਵਾਰੀ ਨਾਲ ਮਰਿਆਦਾ ਨਿਭਾਈ ਗਈ ਹੈ।
ਉਨ੍ਹਾ ਕਿਹਾ ਕਿ ਲੈਫਟੀਨੈਂਟ ਜਨਰਲ ਵੱਲੋਂ ਇਹ ਦਾਅਵਾ ਕਰਨਾ ਕਿ ‘ਅਪ੍ਰੇਸ਼ਨ ਸਿੰਧੂਰ’ ਦੌਰਾਨ ਹੈੱਡ ਗ੍ਰੰਥੀ ਵੱਲੋਂ ਫੌਜ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਆਪਣੀਆਂ ਹਵਾਈ ਸੁਰੱਖਿਆ ਗੰਨਾਂ ਲਗਾਉਣ ਦੀ ਪ੍ਰਵਾਨਗੀ ਦਿੱਤੀ ਗਈ, ਇਹ ਮੂਲੋਂ ਗਲਤ ਹੈ ਕਿਉਂਕਿ ਅਜਿਹੀ ਕੋਈ ਪ੍ਰਵਾਨਗੀ ਨਹੀਂ ਦਿੱਤੀ ਗਈ ਅਤੇ ਨਾ ਹੀ ਕੋਈ ਗੰਨਾਂ ਇਸ ਪਾਵਨ ਅਸਥਾਨ ’ਤੇ ਤਾਇਨਾਤ ਕੀਤੀਆਂ ਗਈਆਂ ਸਨ। ਉਨ੍ਹਾ ਕਿਹਾ ਕਿ ਸ੍ਰੀ ਦਰਬਾਰ ਸਾਹਿਬ ਸਮੂਹ, ਲੰਗਰ ਸ੍ਰੀ ਗੁਰੂ ਰਾਮਦਾਸ, ਅਖੰਡ ਪਾਠ ਵਾਲੇ ਅਸਥਾਨ ਅਤੇ ਹੋਰ ਸੰਬੰਧਤ ਗੁਰੂ ਅਸਥਾਨਾਂ ਦੀ ਰੋਜ਼ਾਨਾ ਚੱਲਣ ਵਾਲੀ ਮਰਿਆਦਾ ਲਾਜ਼ਮੀ ਹੁੰਦੀ ਹੈ, ਜਿਸ ਵਿੱਚ ਕਿਸੇ ਕਿਸਮ ਦਾ ਵਿਘਨ ਪਾਉਣ ਦਾ ਅਧਿਕਾਰ ਕਿਸੇ ਨੂੰ ਨਹੀਂ ਹੈ। ਗਿਆਨੀ ਅਮਰਜੀਤ ਸਿੰਘ ਨੇ ਕਿਹਾ ਕਿ ਬੀਤੇ ਦਿਨੀਂ ਬਣੇ ਹਾਲਾਤ ਦੇ ਮੱਦੇਨਜ਼ਰ ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਖੇ ਗੁਰੂ ਦਰਬਾਰ ਦੀ ਸਮੁੱਚੀ ਮਰਿਆਦਾ ਪੂਰਨ ਸਮਰਪਣ ਭਾਵ ਅਤੇ ਦਿ੍ਰੜ੍ਹਤਾ ਨਾਲ ਜਾਰੀ ਰੱਖੀ ਗਈ ਹੈ। ਉਨ੍ਹਾ ਕਿਹਾ ਕਿ ਬਲੈਕਆਊਟ ਸਮੇਂ ਕਿਸੇ ਵੀ ਗੁਰ ਅਸਥਾਨ, ਜਿੱਥੇ ਮਰਿਆਦਾ ਚੱਲਦੀ ਸੀ, ਦੀਆਂ ਲਾਈਟਾਂ ਬੰਦ ਨਹੀਂ ਕੀਤੀਆਂ ਗਈਆਂ।
ਉਨ੍ਹਾ ਕਿਹਾ ਕਿ ਭਾਰਤੀ ਫੌਜ ਦੇ ਅਧਿਕਾਰੀ ਨੇ ਅਜਿਹਾ ਬਿਆਨ ਕਿਉਂ ਦਿੱਤਾ, ਇਸ ਬਾਰੇ ਤਾਂ ਉਹ ਹੀ ਸਪੱਸ਼ਟ ਕਰ ਸਕਦੇ ਹਨ, ਪਰ ਅਜਿਹਾ ਕਹਿਣਾ ਬਹੁਤ ਗਲਤ ਤੇ ਹੈਰਾਨੀਜਨਕ ਹੈ। ਉਨ੍ਹਾ ਕਿਹਾ ਕਿ ਐਡੀਸ਼ਨਲ ਮੁੱਖ ਗ੍ਰੰਥੀ ਵਜੋਂ ਉਹ ਇਹ ਗੱਲ ਦਾਅਵੇ ਨਾਲ ਕਹਿ ਰਹੇ ਹਨ ਕਿ ਗੰਨਾਂ ਲਗਾਉਣ ਸੰਬੰਧੀ ਕੋਈ ਪ੍ਰਵਾਨਗੀ ਫੌਜ ਨੂੰ ਨਹੀਂ ਦਿੱਤੀ ਗਈ।
ਇਸੇ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਉਨ੍ਹਾ ਨਾਲ ਬਲੈਕਆਊਟ ਦੇ ਸਮੇਂ ਲਾਈਟਾਂ ਬੰਦ ਕਰਵਾਉਣ ਸੰਬੰਧੀ ਸੰਪਰਕ ਕੀਤਾ ਗਿਆ ਸੀ, ਜਿਸ ਸੰਬੰਧੀ ਪ੍ਰਬੰਧਕੀ ਤੌਰ ’ਤੇ ਜ਼ਿੰਮੇਵਾਰੀ ਸਮਝਦਿਆਂ ਉਨ੍ਹਾ ਪੂਰਨ ਸਹਿਯੋਗ ਕੀਤਾ। ਉਨ੍ਹਾ ਕਿਹਾ ਕਿ ਭਾਰਤੀ ਫੌਜ ਦੇ ਅਧਿਕਾਰੀਆਂ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹਵਾਈ ਸੁਰੱਖਿਆ ਗੰਨਾਂ ਲਗਾਉਣ ਸੰਬੰਧੀ ਕਿਸੇ ਕਿਸਮ ਦਾ ਸੰਪਰਕ ਨਹੀਂ ਕੀਤਾ ਗਿਆ। ਉਨ੍ਹਾ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਾਰੀ ਹਦਾਇਤਾਂ ਦਾ ਪਾਲਣ ਕਰਨ ਲਈ ਐਡੀਸ਼ਨਲ ਮੁੱਖ ਗ੍ਰੰਥੀ ਨਾਲ ਸਲਾਹ ਕਰਕੇ ਬਾਹਰੀ ਲਾਈਟਾਂ ਹੀ ਬੰਦ ਕਰਵਾਈਆਂ ਗਈਆਂ ਸਨ। ਐਡਵੋਕੇਟ ਧਾਮੀ ਨੇ ਕਿਹਾ ਕਿ ਬਲੈਕਆਊਟ ਦੌਰਾਨ ਵੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ਵਿੱਚ ਸੰਗਤ ਨਤਮਸਤਕ ਹੋਣ ਤੇ ਸੇਵਾ ਕਰਨ ਪੁੱਜਦੀ ਰਹੀ ਹੈ ਅਤੇ ਜੇ ਗੰਨਾਂ ਲਾਉਣ ਜਿਹੀ ਕੋਈ ਘਟਨਾ ਵਾਪਰੀ ਹੁੰਦੀ ਤਾਂ ਸੰਗਤ ਨੇ ਵੀ ਇਸ ਨੂੰ ਜ਼ਰੂਰ ਦੇਖਿਆ ਅਤੇ ਨੋਟ ਕੀਤਾ ਹੁੰਦਾ। ਫੌਜ ਦੇ ਇੱਕ ਅਧਿਕਾਰੀ ਵੱਲੋਂ ਅਜਿਹੀ ਗੱਲ ਕਰਨਾ ਹੈਰਾਨੀਜਨਕ ਹੈ।
ਉਨ੍ਹਾ ਕਿਹਾ ਭਾਰਤ ਸਰਕਾਰ ਨੂੰ ਇਹ ਗੱਲ ਸਪੱਸ਼ਟ ਕਰਨੀ ਚਾਹੀਦੀ ਹੈ ਕਿ ਅਜਿਹੇ ਬਿਆਨ ਫੌਜ ਦੇ ਅਧਿਕਾਰੀਆਂ ਵੱਲੋਂ ਕਿਉਂ ਦਿੱਤੇ ਜਾ ਰਹੇ ਹਨ। ਉਨ੍ਹਾ ਕਿਹਾ ਕਿ ਬੀਤੇ ਦਿਨੀਂ ਬਣੇ ਤਣਾਅਪੂਰਨ ਹਾਲਾਤ ਵਿੱਚ ਦੇਸ਼ ਅਤੇ ਫੌਜ ਵੱਲੋਂ ਨਿਭਾਈ ਭੂਮਿਕਾ ਸ਼ਲਾਘਾਯੋਗ ਹੈ, ਪਰ ਸਿੱਖਾਂ ਦੇ ਕੇਂਦਰੀ ਧਾਰਮਕ ਅਸਥਾਨ ਬਾਰੇ ਕਈ ਦਿਨਾਂ ਬਾਅਦ ਅਜਿਹੀ ਗਲਤ ਜਾਣਕਾਰੀ ਫੈਲਾਉਣੀ ਹੈਰਾਨੀਜਨਕ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹੋਣ ਵਜੋਂ ਐਡਵੋਕੇਟ ਧਾਮੀ ਨੇ ਸਪੱਸ਼ਟ ਕੀਤਾ ਕਿ ਗੰਨਾਂ ਲਗਾਉਣ ਜਿਹੀ ਕੋਈ ਪ੍ਰਵਾਨਗੀ ਨਹੀਂ ਦਿੱਤੀ ਗਈ।
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਨੇ ਵੀ ਸਪੱਸ਼ਟ ਕੀਤਾ ਕਿ ਬੀਤੇ ਦਿਨੀਂ ਜਦੋਂ ਫੌਜ ਦੀ ਕਾਰਵਾਈ ਚੱਲ ਰਹੀ ਸੀ, ਉਹ ਉਸ ਸਮੇਂ ਵਿਦੇਸ਼ ਦੌਰੇ ਉੱਤੇ ਸਨ, ਪਰ ਇਸ ਦੌਰਾਨ ਉਨ੍ਹਾ ਨਾਲ ਗੰਨਾਂ ਲਗਾਉਣ ਸੰਬੰਧੀ ਕੋਈ ਗੱਲ ਨਹੀਂ ਹੋਈ ਅਤੇ ਨਾ ਹੀ ਅਜਿਹੀ ਕੋਈ ਗੱਲ ਸ੍ਰੀ ਦਰਬਾਰ ਸਾਹਿਬ ਵਿਖੇ ਵਾਪਰੀ ਹੈ। ਮੁੱਖ ਗ੍ਰੰਥੀ ਨੇ ਫੌਜ ਦੇ ਅਧਿਕਾਰੀ ਵੱਲੋਂ ਕੀਤੀ ਗਈ ਬਿਆਨਬਾਜ਼ੀ ਨੂੰ ਹੈਰਾਨੀਜਨਕ ਦੱਸਿਆ।




