ਚੰਡੀਗੜ੍ਹ (ਗੁਰਜੀਤ ਬਿੱਲਾ,
ਕਿ੍ਰਸ਼ਨ ਗਰਗ)
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਗਲਵਾਰ ਨਵੇਂ ਭਰਤੀ ਹੋਏ ਨੌਜਵਾਨਾਂ ਨੂੰ ਭਿ੍ਰਸ਼ਟਾਚਾਰ ਅਤੇ ਨਸ਼ਿਆਂ ਦੇ ਦੋਹਰੇ ਖ਼ਤਰੇ ਵਿਰੁੱਧ ਸੂਬਾ ਸਰਕਾਰ ਦੇ ਯੁੱਧ ਵਿੱਚ ਮੂਹਰਲੀ ਕਤਾਰ ਦੇ ਸਿਪਾਹੀ ਬਣਨ ਦੀ ਅਪੀਲ ਕੀਤੀ।
ਇੱਥੇ 450 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪਣ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਨੌਜਵਾਨਾਂ ਦੀ ਇਹ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਨਸ਼ਿਆਂ ਅਤੇ ਭਿ੍ਰਸ਼ਟਾਚਾਰ ਵਿਰੁੱਧ ਲੜਾਈ ਵਿੱਚ ਦਿਲੋਂ ਯੋਗਦਾਨ ਪਾਉਣ। ਉਨ੍ਹਾ ਕਿਹਾ ਕਿ ਸੂਬੇ ਵਿੱਚੋਂ ਇਨ੍ਹਾਂ ਬੁਰਾਈਆਂ ਨੂੰ ਖ਼ਤਮ ਕਰਨਾ ਸਮੇਂ ਦੀ ਲੋੜ ਹੈ, ਜਿਸ ਲਈ ਨੌਜਵਾਨਾਂ ਦਾ ਸਮਰਥਨ ਬਹੁਤ ਜ਼ਰੂਰੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਪਿਛਲੇ ਤਿੰਨ ਸਾਲਾਂ ’ਚ ਨੌਜਵਾਨਾਂ ਨੂੰ 54,142 ਨੌਕਰੀਆਂ ਪ੍ਰਦਾਨ ਕੀਤੀਆਂ ਹਨ। ਨਵੇਂ ਭਰਤੀ ਹੋਏ ਨੌਜਵਾਨਾਂ ਲਈ ਅੱਜ ਦਾ ਦਿਨ ਬਹੁਤ ਹੀ ਮਹੱਤਵਪੂਰਨ ਹੈ, ਜਿਨ੍ਹਾਂ ਮਕਾਨ ਉਸਾਰੀ, ਖੇਤੀਬਾੜੀ, ਜਲ ਸਰੋਤ, ਖੇਡਾਂ ਅਤੇ ਯੁਵਕ ਸੇਵਾਵਾਂ, ਸਥਾਨਕ ਸਰਕਾਰਾਂ, ਸਿਹਤ ਅਤੇ ਪਰਵਾਰ ਭਲਾਈ, ਸਕੂਲ ਸਿੱਖਿਆ, ਜਲ ਸਪਲਾਈ ਅਤੇ ਸੈਨੀਟੇਸ਼ਨ, ਆਬਕਾਰੀ ਤੇ ਕਰ, ਵਿੱਤ ਅਤੇ ਸੈਰ-ਸਪਾਟਾ ਵਿਭਾਗਾਂ ਵਿੱਚ ਨੌਕਰੀ ਹਾਸਲ ਕੀਤੀ ਹੈ।
ਮੁੱਖ ਮੰਤਰੀ ਨੇ ਵਿਅੰਗ ਕੱਸਦਿਆਂ ਕਿਹਾ ਕਿ ਆਜ਼ਾਦੀ ਤੋਂ ਬਾਅਦ ਸੱਤਾ ਸੰਭਾਲਣ ਵਾਲਿਆਂ ਨੇ ਬਸਤੀਵਾਦੀ ਸ਼ਾਸਕਾਂ ਤੋਂ ਵੀ ਵੱਧ ਬੇਰਹਿਮੀ ਨਾਲ ਦੇਸ਼ ਨੂੰ ਲੁੱਟਿਆ। ਸਾਡੇ ਸ਼ਹੀਦਾਂ ਦਾ ਇਹ ਦੇਖ ਕੇ ਦਿਲ ਦੁਖਦਾ ਹੋਵੇਗਾ ਕਿ ਜਿਨ੍ਹਾਂ ਤਾਕਤਾਂ ਨੂੰ ਉਨ੍ਹਾਂ ਆਜ਼ਾਦੀ ਸੰਘਰਸ਼ ਦੌਰਾਨ ਦੇਸ਼ ਤੋਂ ਬਾਹਰ ਕੱਢਿਆ, ਹੁਣ ਪੰਜਾਬ ਦੇ ਨੌਜਵਾਨ ਉਨ੍ਹਾਂ ਦੇ ਦੇਸ਼ਾਂ ਵਿੱਚ ਜਾ ਕੇ ਵਸਣ ਲਈ ਕਤਾਰਾਂ ਬੰਨ੍ਹੀ ਖੜ੍ਹੇ ਹਨ। ਮਾਨ ਨੇ ਕਿਹਾ ਕਿ ਜਿਨ੍ਹਾਂ ਪੰਜਾਬੀਆਂ ਨੇ ਕਦੇ ਬਸਤੀਵਾਦ ਵਿਰੁੱਧ ਲੜਾਈ ਦੀ ਅਗਵਾਈ ਕੀਤੀ ਸੀ, ਅੱਜ ਉਹ ਵਿਦੇਸ਼ਾਂ ਵਿੱਚ ਪਰਵਾਸ ਲਈ ਸਭ ਤੋਂ ਅੱਗੇ ਹਨ।
ਉਹਨਾ ਕਿਹਾ ਕਿ ਇਹ ਬਹੁਤ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਆਪ ਦੀ ਸਰਕਾਰ ਵੱਲੋਂ 55,000 ਨੌਜਵਾਨਾਂ ਨੂੰ ਪਾਰਦਰਸ਼ੀ ਢੰਗ ਨਾਲ ਯੋਗਤਾ ਦੇ ਆਧਾਰ ’ਤੇ ਨੌਕਰੀਆਂ ਦਿੱਤੀਆਂ ਗਈਆਂ ਹਨ। ਉਨ੍ਹਾ ਕਿਹਾ ਕਿ ਇਸ ਪਹਿਲਕਦਮੀ ਦਾ ਉਦੇਸ਼ ਨੌਜਵਾਨਾਂ ਨੂੰ ਸੂਬੇ ਵਿੱਚ ਹੀ ਰੋਜ਼ਗਾਰ ਦੇ ਕੇ ਉਨ੍ਹਾਂ ਦੇ ਪਰਵਾਸ ਦੇ ਰੁਝਾਨ ਨੂੰ ਪੁੱਠਾ ਗੇੜਾ ਦੇਣਾ ਹੈ। ਮਾਨ ਨੇ ਖੁਸ਼ੀ ਨਾਲ ਕਿਹਾ ਕਿ ਅੱਜ ਬਹੁਤ ਸਾਰੇ ਨੌਜਵਾਨ, ਜੋ ਕਦੇ ਵਿਦੇਸ਼ ਜਾਣ ਦੀ ਸੋਚ ਰਹੇ ਸਨ, ਹੁਣ ਸਰਕਾਰੀ ਨੌਕਰੀਆਂ ਲੈਣ ਲਈ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਕਰ ਰਹੇ ਹਨ।ਇਸ ਮੌਕੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਬਰਿੰਦਰ ਗੋਇਲ, ਡਾ. ਰਵਜੋਤ ਸਿੰਘ ਤੇ ਹੋਰ ਵੀ ਮੌਜੂਦ ਸਨ।





