ਬੀ ਬੀ ਐੱਮ ਬੀ ਦੇ ਪੁਨਰਗਠਨ ਦਾ ਮੁੱਦਾ ਨੀਤੀ ਆਯੋਗ ਦੀ ਮੀਟਿੰਗ ’ਚ ਚੁੱਕਾਂਗੇ : ਮਾਨ

0
79

ਨੰਗਲ, (ਸੁਰਜੀਤ ਸਿੰਘ)
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਭਾਖੜਾ ਬਿਆਸ ਪ੍ਰਬੰਧਕੀ ਬੋਰਡ (ਬੀ ਬੀ ਅੱੈਮ ਬੀ) ਦੇ ਪੁਨਰਗਠਨ ਦਾ ਮੁੱਦਾ ਸਨਿੱਚਰਵਾਰ ਨੂੰ ਹੋਣ ਵਾਲੀ ਨੀਤੀ ਆਯੋਗ ਦੀ ਮੀਟਿੰਗ ਵਿੱਚ ਉਠਾਏਗੀ।
ਜੇਤੂ ਰੈਲੀ ਨੂੰ ਬੁੱਧਵਾਰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਹ ਇਸ ਮੁੱਦੇ ਨੂੰ ਪ੍ਰਧਾਨ ਮੰਤਰੀ ਦੀ ਪ੍ਰਧਾਨਗੀ ਹੇਠ ਹੋਣ ਵਾਲੀ ਮੀਟਿੰਗ ਵਿੱਚ ਉਠਾਉਣਗੇ। ਉਨ੍ਹਾ ਕਿਹਾ ਕਿ ਕਿਉਕਿ ਪਾਣੀ ਦਾ ਪੱਧਰ ਵਾਰ-ਵਾਰ ਬਦਲ ਰਿਹਾ ਹੈ, ਇਸ ਲਈ ਹਰ ਜਲ ਸਮਝੌਤੇ ਦੀ ਹਰੇਕ 25 ਸਾਲਾਂ ਬਾਅਦ ਸਮੀਖਿਆ ਕੀਤੀ ਜਾਣੀ ਚਾਹੀਦੀ ਹੈ।
ਮੁੱਖ ਮੰਤਰੀ ਨੇ ਅਫ਼ਸੋਸ ਪ੍ਰਗਟ ਕੀਤਾ ਕਿ ਜਿਸ ਤਰੀਕੇ ਨਾਲ ਬੀ ਬੀ ਐੱਮ ਬੀ ਸੂਬੇ ਦੇ ਪਾਣੀਆਂ ਦੇ ਜਾਇਜ਼ ਹਿੱਸੇ ਨੂੰ ਖੋਹਣ ਲਈ ਇੱਕ ਧਿਰ ਬਣ ਗਈ ਹੈ, ਉਹ ਮੰਦਭਾਗਾ ਅਤੇ ਬਹੁਤ ਹੀ ਨਿੰਦਣਯੋਗ ਹੈ। ਉਨ੍ਹਾ ਕਿਹਾ ਕਿ ਹਰਿਆਣਾ ਨੇ ਇਸ ਸਾਲ ਮਾਰਚ ਵਿੱਚ ਆਪਣੇ ਹਿੱਸੇ ਦਾ ਪਾਣੀ ਖ਼ਤਮ ਕਰ ਦਿੱਤਾ ਸੀ, ਪਰ ਬੀ ਬੀ ਐੱਮ ਬੀ ਨੇ ਕੇਂਦਰ ਸਰਕਾਰ ਅਤੇ ਹਰਿਆਣਾ ਸਰਕਾਰ ਦੀ ਕਠਪੁਤਲੀ ਵਾਂਗ ਕੰਮ ਕੀਤਾ, ਤਾਂ ਜੋ ਸੂਬੇ ਦਾ ਪਾਣੀ ਖੋਹਿਆ ਜਾ ਸਕੇ। ਮਾਨ ਨੇ ਕਿਹਾ ਕਿ ਅਲੋਕਾਰੀ ਗੱਲ ਇਹ ਹੈ ਕਿ ਬੀ ਬੀ ਅੱੈਮ ਬੀ ਦੇ ਚੇਅਰਮੈਨ ਖ਼ੁਦ ਸੂਬੇ ਦੇ ਪਾਣੀਆਂ ਨੂੰ ਚੋਰੀ ਕਰਨ ਲਈ ਨੰਗਲ ਆਏ, ਜਿਸ ਨੂੰ ਸੂਬੇ ਦੇ ਲੋਕਾਂ ਨੇ ਨਾਕਾਮ ਕਰ ਦਿੱਤਾ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਉਹੀ ਬੀ ਬੀ ਐਮ ਬੀ ਹੈ, ਜਿਸ ਨੇ ਆਪਣੇ ਬਹੁਤ ਹੀ ਮਹੱਤਵਪੂਰਨ ਪ੍ਰਾਜੈਕਟਾਂ ਲਈ ਪੰਜਾਬ ਤੋਂ 32 ਕਰੋੜ ਰੁਪਏ ਲਏ ਸਨ ਅਤੇ ਇਹ ਪੈਸਾ ਕਦੇ ਵੀ ਸੂਬੇ ਨੂੰ ਵਾਪਸ ਨਹੀਂ ਕੀਤਾ ਗਿਆ। ਉਨ੍ਹਾ ਕਿਹਾ ਕਿ ਪੰਜਾਬ ਦਾ ਬੀ ਬੀ ਐੱਮ ਬੀ ਕੋਲ ਲਗਭਗ 150 ਕਰੋੜ ਰੁਪਏ (ਸਹੀ ਰੂਪ ਵਿੱਚ 142 ਕਰੋੜ ਰੁਪਏ) ਬਕਾਇਆ ਹਨ ਅਤੇ ਸੂਬਾ ਸਰਕਾਰ ਜਲਦੀ ਇਸ ਪੈਸੇ ਦੀ ਵਸੂਲੀ ਲਈ ਦਾਅਵਾ ਕਰੇਗੀ। ਮਾਨ ਨੇ ਕਿਹਾ ਕਿ ਬੀ ਬੀ ਐੱਮ ਬੀ ਵੱਲੋਂ ਪੰਜਾਬ ਦੇ ਕੋਟੇ ਦੀਆਂ ਤਿੰਨ ਹਜ਼ਾਰ ਅਸਾਮੀਆਂ ਜਾਣ-ਬੁੱਝ ਕੇ ਨਹੀਂ ਭਰੀਆਂ ਗਈਆਂ ਹਨ, ਤਾਂ ਜੋ ਪਾਣੀਆਂ ਉੱਤੇ ਸੂਬੇ ਦੇ ਦਾਅਵੇ ਨੂੰ ਕਮਜ਼ੋਰ ਕੀਤਾ ਜਾ ਸਕੇ। ਮਾਨ ਨੇ ਕਿਹਾ ਕਿ ਸੂਬੇ ਦੇ ਪਾਣੀਆਂ ਨੂੰ ਖੋਹਣ ਲਈ ਬੀ ਬੀ ਐੱਮ ਬੀ ਕੇਂਦਰ ਦੇ ਹੱਥਾਂ ਵਿੱਚ ਖੇਡਿਆ, ਪਰ ਸੂਬੇ ਦੇ ਬਹਾਦਰ ਅਤੇ ਮਿਹਨਤੀ ਕਿਸਾਨਾਂ ਨੇ ਉਨ੍ਹਾਂ ਦੇ ਨਾਪਾਕ ਯਤਨਾਂ ਨੂੰ ਨਾਕਾਮ ਕਰ ਦਿੱਤਾ।
ਮੁੱਖ ਮੰਤਰੀ ਨੇ ਕਿਹਾ ਕਿ ਲਗਭਗ 20 ਦਿਨਾਂ ਤੱਕ ਸੂਬੇ ਦੇ ਮਿਹਨਤੀ ਅਤੇ ਸੁਚੇਤ ਲੋਕਾਂ ਨੇ ਹਰਿਆਣਾ ਅਤੇ ਕੇਂਦਰ ਨੂੰ ਪੰਜਾਬ ਤੋਂ ਇੱਕ ਵੀ ਬੂੰਦ ਪਾਣੀ ਚੋਰੀ ਨਹੀਂ ਕਰਨ ਦਿੱਤਾ।
ਇਸ ਮੌਕੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਮੁੱਖ ਮੰਤਰੀ ਅਤੇ ਹੋਰ ਪਤਵੰਤਿਆਂ ਦਾ ਸਵਾਗਤ ਕੀਤਾ, ਜਦੋਂ ਕਿ ਕੈਬਨਿਟ ਮੰਤਰੀ ਬਰਿੰਦਰ ਗੋਇਲ ਨੇ ਰੈਲੀ ਵਿੱਚ ਸ਼ਾਮਲ ਸਾਰੇ ਪਤਵੰਤਿਆਂ ਅਤੇ ਲੋਕਾਂ ਦਾ ਧੰਨਵਾਦ ਕੀਤਾ।