ਪਟਨਾ ਸਾਹਿਬ ਦਾ ਹੁਕਮਨਾਮਾ ਰੱਦ

0
73

ਪੰਜਾਬ ਵਿਚਲੇ ਤਿੰਨਾਂ ਤਖਤਾਂ ਦੇ ਪੰਜ ਪਿਆਰਿਆਂ ਵੱਲੋਂ ਬੇਅਸੂਲਾ ਕਰਾਰ
ਅੰਮਿ੍ਰਤਸਰ : ਤਖਤ ਸ੍ਰੀ ਪਟਨਾ ਸਾਹਿਬ ਦੇ ਪੰਜ ਪਿਆਰੇ ਸਾਹਿਬਾਨ ਵੱਲੋਂ ਬੁੱਧਵਾਰ ਕੀਤੇ ਗਏ ਫੈਸਲੇ ਨੂੰ ਸ੍ਰੀ ਅਕਾਲ ਤਖਤ, ਤਖਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਤਖਤ ਸ੍ਰੀ ਦਮਦਮਾ ਸਾਹਿਬ ਦੇ ਪੰਜ ਪਿਆਰਿਆਂ ਵੱਲੋਂ ਗੈਰ-ਸਿਧਾਂਤਕ ਅਤੇ ਗੈਰ-ਵਾਜਬ ਦੱਸ ਕੇ ਰੱਦ ਕਰ ਦਿੱਤਾ ਗਿਆ ਹੈ। ਤਖਤ ਸ੍ਰੀ ਪਟਨਾ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਬਲਦੇਵ ਸਿੰਘ ਨੇ ਤਖਤ ਦੇ ਹੈੱਡ ਗ੍ਰੰਥੀ ਅਤੇ ਗ੍ਰੰਥੀਆਂ ਨੂੰ ਨਾਲ ਲੈ ਕੇ ਬੁੱਧਵਾਰ ਮੀਟਿੰਗ ਕੀਤੀ ਸੀ ਅਤੇ ਅਕਾਲ ਤਖਤ ਵੱਲੋਂ ਲਏ ਗਏ ਫੈਸਲੇ ਨੂੰ ਰੱਦ ਕਰ ਦਿੱਤਾ ਸੀ। ਉਨ੍ਹਾ ਨੇ ਅਕਾਲ ਤਖਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਟੇਕ ਸਿੰਘ ਧਨੌਲਾ ਨੂੰ ਤਨਖਾਹੀਆ ਕਰਾਰ ਦਿੱਤਾ ਸੀ। ਇਸੇ ਮਾਮਲੇ ਵਿੱਚ ਸੁਖਬੀਰ ਸਿੰਘ ਬਾਦਲ ਨੂੰ ਸਾਜ਼ਿਸ਼ਕਰਤਾ ਵਜੋਂ ਸ਼ਮੂਲੀਅਤ ਦਾ ਦੋਸ਼ ਲਾਉਂਦਿਆਂ 10 ਦਿਨ ਵਿੱਚ ਉਨ੍ਹਾ ਨੂੰ ਤਖਤ ਸ੍ਰੀ ਪਟਨਾ ਸਾਹਿਬ ਵਿਖੇ ਪੇਸ਼ ਹੋ ਕੇ ਸਪੱਸ਼ਟੀਕਰਨ ਦੇਣ ਲਈ ਆਦੇਸ਼ ਕੀਤਾ ਸੀ।
ਇਸ ਮਾਮਲੇ ਵਿੱਚ ਵੀਰਵਾਰ ਇੱਥੇ ਅਕਾਲ ਤਖਤ ਦੇ ਪੰਜ ਪਿਆਰੇ ਸਾਹਿਬਾਨ, ਜਿਨ੍ਹਾਂ ਵਿੱਚ ਭਾਈ ਕੁਲਵੰਤ ਸਿੰਘ, ਭਾਈ ਸੁਖਦੇਵ ਸਿੰਘ, ਭਾਈ ਸੁਖਵਿੰਦਰ ਸਿੰਘ, ਭਾਈ ਰਸਪਾਲ ਸਿੰਘ ਅਤੇ ਭਾਈ ਸੰਦੀਪ ਸਿੰਘ ਸ਼ਾਮਲ ਸਨ, ਨੇ ਮੀਟਿੰਗ ਕਰਕੇ ਤਖਤ ਸ੍ਰੀ ਪਟਨਾ ਸਾਹਿਬ ਦੇ ਪੰਜ ਪਿਆਰੇ ਸਾਹਿਬਾਨ ਵੱਲੋਂ ਕੀਤੇ ਗਏ ਫੈਸਲੇ ਨੂੰ ਪੰਥਕ ਏਕਤਾ ਨੂੰ ਢਾਹ ਲਾਉਣ ਵਾਲਾ ਅਤੇ ਸਿੱਖ ਕੌਮ ਦਾ ਅਕਸ ਖਰਾਬ ਕਰਨ ਵਾਲਾ ਕਰਾਰ ਦਿੱਤਾ। ਉਨ੍ਹਾਂ ਤਖਤ ਸ੍ਰੀ ਪਟਨਾ ਸਾਹਿਬ ਦੇ ਗ੍ਰੰਥੀ ਸਿੰਘਾਂ ਵੱਲੋਂ ਕੀਤੇ ਗਏ ਫੈਸਲੇ ਨੂੰ ਗੈਰ-ਸਿਧਾਂਤਕ ਦੱਸਦਿਆਂ ਰੱਦ ਕਰ ਦਿੱਤਾ। ਇਸੇ ਤਰ੍ਹਾਂ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਪੰਜ ਪਿਆਰੇ ਸਾਹਿਬਾਨ ਅਤੇ ਤਖਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਦੇ ਪੰਜ ਪਿਆਰੇ ਸਾਹਿਬਾਨ ਨੇ ਵੀ ਤਖਤ ਸ੍ਰੀ ਪਟਨਾ ਸਾਹਿਬ ਦੇ ਗ੍ਰੰਥੀ ਸਿੰਘਾਂ ਵੱਲੋਂ ਕੀਤੇ ਫੈਸਲੇ ਨੂੰ ਰੱਦ ਕਰ ਦਿੱਤਾ ਹੈ। ਉਨ੍ਹਾਂ ਸਿੱਖ ਰਹਿਤ ਮਰਿਆਦਾ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਸਥਾਨਕ ਸੰਗਤ ਦੇ ਫੈਸਲਿਆਂ ਦੀ ਅਪੀਲ ਸ੍ਰੀ ਅਕਾਲ ਤਖਤ ਦੇ ਪਾਸ ਹੀ ਕੀਤੀ ਜਾ ਸਕਦੀ ਹੈ, ਨਾ ਕਿ ਇਸ ਸੰਬੰਧੀ ਕੋਈ ਵੱਖਰਾ ਹੁਕਮਨਾਮਾ ਜਾਰੀ ਕੀਤਾ ਜਾ ਸਕਦਾ ਹੈ। ਜੇ ਸਥਾਨਕ ਸੰਗਤ ਨੂੰ ਕਿਸੇ ਵੀ ਫੈਸਲੇ ’ਤੇ ਕੋਈ ਇਤਰਾਜ਼ ਹੋਵੇ ਤਾਂ ਇਸ ਦੀ ਮੁੜ ਵਿਚਾਰ ਲਈ ਅਕਾਲ ਤਖਤ ਵਿਖੇ ਹੀ ਅਪੀਲ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਤਖਤ ਸ੍ਰੀ ਪਟਨਾ ਸਾਹਿਬ ਦੇ ਪੰਜ ਪਿਆਰੇ ਸਾਹਿਬਾਨ ਜਲਦੀ ਤੋਂ ਜਲਦੀ ਤਖਤ ਅਕਾਲ ਤਖਤ ਵਿਖੇ ਪੇਸ਼ ਹੋ ਕੇ ਮੁਆਫੀ ਮੰਗਦਿਆਂ ਹੋਇਆਂ ਆਪਣੇ ਫੈਸਲੇ ਵਾਪਸ ਲੈਣ। ਪੰਥ ਅਜਿਹੀ ਸਿੱਖ ਵਿਰੋਧੀ ਕਾਰਵਾਈ ਨੂੰ ਬਰਦਾਸ਼ਤ ਨਹੀਂ ਕਰੇਗਾ। ਇਸ ਤੋਂ ਇਲਾਵਾ ਸ੍ਰੀ ਅਕਾਲ ਤਖਤ ਦੇ ਸਕੱਤਰ ਵੱਲੋਂ ਜਾਰੀ ਕੀਤੇ ਗਏ ਇੱਕ ਬਿਆਨ ਵਿੱਚ ਦੱਸਿਆ ਗਿਆ ਹੈ ਕਿ ਬੀਤੇ ਦਿਨ ਪੰਜ ਸਿੰਘ ਸਾਹਿਬਾਨ ਵੱਲੋਂ ਵਿਚਾਰਿਆ ਗਿਆ ਤਖਤ ਸ੍ਰੀ ਪਟਨਾ ਸਾਹਿਬ ਦਾ ਮਾਮਲਾ ਕੋਈ ਅੱਜ ਦਾ ਮਾਮਲਾ ਨਹੀਂ ਬਲਕਿ ਦੋ ਤੋਂ ਤਿੰਨ ਸਾਲ ਪਹਿਲਾਂ ਦਾ ਮਾਮਲਾ ਹੈ। ਇਸ ਮਾਮਲੇ ਵਿੱਚ ਤਖਤ ਸ੍ਰੀ ਪਟਨਾ ਸਾਹਿਬ ਦੇ ਪੰਜ ਪਿਆਰੇ ਸਾਹਿਬਾਨ ਵੱਲੋਂ ਕੀਤੀ ਗਈ ਕਾਰਵਾਈ ਨੂੰ ਸਿਧਾਂਤਕ ਤੌਰ ’ਤੇ ਗਲਤ ਕਰਾਰ ਦਿੰਦਿਆਂ ਰੱਦ ਕੀਤਾ ਗਿਆ ਹੈ।
ਚੇਤੇ ਰਹੇ ਕਿ ਬੁੱਧਵਾਰ ਨੂੰ ਸ੍ਰੀ ਅਕਾਲ ਤਖਤ ਵਿਖੇ ਪੰਜ ਸਿੰਘ ਸਾਹਿਬਾਨ ਦੀ ਹੋਈ ਮੀਟਿੰਗ ਵਿੱਚ ਤਖਤ ਸ੍ਰੀ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਣਜੀਤ ਸਿੰਘ ਗੌਹਰ ’ਤੇ ਲੱਗੇ ਦੋਸ਼ਾਂ ਸੰਬੰਧੀ ਮਾਮਲਾ ਵਿਚਾਰਿਆ ਗਿਆ ਸੀ। ਇਸ ਦੀ ਇੱਕ ਰਿਪੋਰਟ ਸ੍ਰੀ ਅਕਾਲ ਤਖਤ ਵਿਖੇ ਪੁੱਜੀ ਸੀ, ਜਿਸ ਨੂੰ ਵਿਚਾਰਨ ਉਪਰੰਤ ਇਸ ਜਾਂਚ ਰਿਪੋਰਟ ਦੀ ਰੌਸ਼ਨੀ ਵਿੱਚ ਸਾਬਕਾ ਜਥੇਦਾਰ ਗਿਆਨੀ ਗੌਹਰ ਨੂੰ ਦੋਸ਼ਮੁਕਤ ਕੀਤਾ ਗਿਆ ਸੀ। ਇੱਕ ਹੋਰ ਵੱਖਰੇ ਮਾਮਲੇ ਵਿੱਚ ਜਥੇਦਾਰ ਗਿਆਨੀ ਬਲਦੇਵ ਸਿੰਘ ਅਤੇ ਗਿਆਨੀ ਗੁਰਦਿਆਲ ਸਿੰਘ ਦੀਆਂ ਸੇਵਾਵਾਂ ’ਤੇ ਰੋਕ ਲਾਈ ਗਈ ਸੀ ਅਤੇ ਤਖਤ ਸ੍ਰੀ ਪਟਨਾ ਸਾਹਿਬ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਅਤੇ ਹੋਰ ਅਹੁਦੇਦਾਰਾਂ ਨੂੰ ਆਪਣਾ ਪੱਖ ਰੱਖਣ ਲਈ ਅਕਾਲ ਤਖਤ ਵਿਖੇ ਸੱਦਿਆ ਗਿਆ ਸੀ।