ਸੰਗਰੂਰ (ਪ੍ਰਵੀਨ ਸਿੰਘ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀਰਵਾਰ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਭਾਖੜਾ ਡੈਮ ’ਤੇ ਸੀ ਆਈ ਐੱਸ ਐੱਫ. ਤਾਇਨਾਤ ਕਰਨ ਬਾਰੇ ਕੇਂਦਰ ਸਰਕਾਰ ਦੇ ਫੈਸਲੇ ਦਾ ਡਟ ਕੇ ਵਿਰੋਧ ਕੀਤਾ ਜਾਵੇਗਾ ਅਤੇ ਕੇਂਦਰੀ ਬਲਾਂ ਦੀ ਤਾਇਨਾਤੀ ਦੇ ਖਰਚੇ ਵਜੋਂ ਸੂਬਾ ਧੇਲਾ ਵੀ ਨਹੀਂ ਦੇਵੇਗਾ।ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਇਕ ਗੱਲ ਪੱਲੇ ਬੰਨ੍ਹ ਲੈਣੀ ਚਾਹੀਦੀ ਹੈ ਕਿ ਨਾ ਤਾਂ ਸਾਡੇ ਕੋਲ ਕਿਸੇ ਹੋਰ ਸੂਬੇ ਨੂੰ ਦੇਣ ਲਈ ਇਕ ਬੂੰਦ ਵਾਧੂ ਪਾਣੀ ਹੈ ਅਤੇ ਨਾ ਹੀ ਧੱਕੇ ਨਾਲ ਤਾਇਨਾਤ ਕੀਤੀ ਜਾ ਰਹੀ ਸੀ ਆਈ ਐੱਸ ਐੱਫ ਲਈ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਦੇਣ ਲਈ ਕੋਈ ਪੈਸਾ ਹੈ।ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਇਹ ਰਕਮ ਕਦੇ ਵੀ ਅਦਾ ਨਹੀਂ ਕਰੇਗੀ, ਕਿਉਕਿ ਕੇਂਦਰ ਸਰਕਾਰ ਡੈਮ ’ਤੇ ਕੇਂਦਰੀ ਬਲਾਂ ਨੂੰ ਤਾਇਨਾਤ ਕਰਕੇ ਸੂਬੇ ਦੇ ਪਾਣੀ ਨੂੰ ਚੋਰੀ ਕਰਨ ਦੀ ਨੀਅਤ ਨਾਲ ਇਹ ਘਟੀਆ ਚਾਲ ਖੇਡ ਰਹੀ ਹੈ। ਮਾਨ ਨੇ ਕਿਹਾ ਕਿ ਪੰਜਾਬ ਨੂੰ ਦੇਸ਼ ਪ੍ਰਤੀ ਉਸ ਦੇ ਵੱਡੇ ਯੋਗਦਾਨ ਲਈ ਕੋਈ ਵਿਸ਼ੇਸ਼ ਪੈਕੇਜ ਦੇਣ ਦੀ ਬਜਾਏ ਭਾਜਪਾ ਸੂਬੇ ਨਾਲ ਮਤਰੇਈ ਮਾਂ ਵਾਲਾ ਸਲੂਕ ਕਰ ਰਹੀ ਹੈ।ਮੁੱਖ ਮੰਤਰੀ ਨੇ ਕਿਹਾ ਕਿ ਉਹ ਆਉਦੇ ਸ਼ਨੀਵਾਰ ਨੂੰ ਹੋਣ ਵਾਲੀ ਨੀਤੀ ਆਯੋਗ ਦੀ ਮੀਟਿੰਗ ਵਿੱਚ ਪ੍ਰਧਾਨ ਮੰਤਰੀ ਦੇ ਸਾਹਮਣੇ ਇਸ ਮੁੱਦੇ ਨੂੰ ਜ਼ੋਰਦਾਰ ਢੰਗ ਨਾਲ ਉਠਾਉਣਗੇ। ਮੁੱਖ ਮੰਤਰੀ ਨੇ ਕਿਹਾ ਕਿ ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀ ਬੀ ਐੱਮ ਬੀ) ਕੇਂਦਰ ਦੇ ਹੱਥਾਂ ਦੀ ਕਠਪੁਤਲੀ ਹੈ, ਜੋ ਸੂਬੇ ਦੇ ਹਿੱਤਾਂ ਨੂੰ ਨੁਕਸਾਨ ਪਹੁੰਚਾਉਣ ਵਿੱਚ ਕੋਈ ਕਸਰ ਨਹੀਂ ਛੱਡਦਾ ਅਤੇ ਗ੍ਰਹਿ ਮੰਤਰਾਲੇ ਦਾ ਨਵਾਂ ਪ੍ਰਬੰਧ ਵੀ ਏਸੇ ਸਾਜ਼ਿਸ਼ ਦਾ ਹੀ ਹਿੱਸਾ ਹੈ। ਉਨ੍ਹਾ ਵਿਸਥਾਰ ਵਿੱਚ ਦੱਸਿਆ ਕਿ ਭਾਖੜਾ ਡੈਮ ’ਤੇ ਸੀ ਆਈ ਐੱਸ ਐੱਫ ਦੇ 296 ਪੁਲਸ ਕਰਮਚਾਰੀ ਤਾਇਨਾਤ ਕੀਤੇ ਜਾਣਗੇ, ਜਿਸ ’ਤੇ ਸੂਬੇ ਨੂੰ 8.58 ਕਰੋੜ ਰੁਪਏ ਦਾ ਖਰਚਾ ਦੇਣਾ ਪਵੇਗਾ। ਮਾਨ ਨੇ ਕਿਹਾ ਕਿ ਜਦੋਂ ਪੰਜਾਬ ਪੁਲਸ ਪਹਿਲਾਂ ਹੀ ਡੈਮ ਦੀ ਸੁਰੱਖਿਆ ਨੂੰ ਮੁਫਤ ਵਿੱਚ ਯਕੀਨੀ ਬਣਾ ਰਹੀ ਹੈ ਤਾਂ ਅਸੀਂ ਇਹ ਪੈਸਾ ਬੀ ਬੀ ਐੱਮ ਬੀ ਨੂੰ ਕਿਉ ਦੇਈਏ।ਮੁੱਖ ਮੰਤਰੀ ਨੇ ਕਿਹਾ ਕਿ ਇਸ ਦੀ ਹਰਗਿਜ਼ ਇਜਾਜ਼ਤ ਨਹੀਂ ਦਿੱਤੀ ਜਾਵੇਗੀ, ਕਿਉਕਿ ਇਹ ਕਦਮ ਬੀ ਬੀ ਐੱਮ ਬੀ ਅਤੇ ਭਾਜਪਾ ਵੱਲੋਂ ਸੀ ਆਈ ਐੱਸ ਐੱਫ ਤਾਇਨਾਤ ਕਰਕੇ ਸੂਬੇ ਦੇ ਪਾਣੀਆਂ ’ਤੇ ਡਾਕਾ ਮਾਰਨ ਦਾ ਨਾਪਾਕ ਮਨਸੂਬਾ ਹੈ। ਉਨ੍ਹਾ ਕਿਹਾ ਕਿ ਖੁਦ ਨੂੰ ਪਾਣੀਆਂ ਦੇ ਰਾਖੇ ਦੱਸਣ ਵਾਲੇ ਕੈਪਟਨ ਅਮਰਿੰਦਰ ਸਿੰਘ, ਸੁਨੀਲ ਜਾਖੜ, ਮਨਪ੍ਰੀਤ ਸਿੰਘ ਬਾਦਲ, ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਵਰਗੇ ਭਾਜਪਾਈ ਬਣੇ ‘ਕਾਂਗਰਸੀ ਆਗੂਆਂ’ ਨੂੰ ਇਸ ਬਾਰੇ ਆਪਣਾ ਰੁਖ਼ ਸਪੱਸ਼ਟ ਕਰਨਾ ਚਾਹੀਦਾ ਹੈ। ਮਾਨ ਨੇ ਸਾਫ ਸ਼ਬਦਾਂ ਵਿੱਚ ਕਿਹਾ ਕਿ ਇਹ ਭਾਜਪਾ ਅਤੇ ਬੀ ਬੀ ਐੱਮ ਬੀ ਵੱਲੋਂ ਪਾਣੀਆਂ ਉੱਤੇ ਪੰਜਾਬ ਦੇ ਹਿੱਸੇ ਨੂੰ ਘਟਾਉਣ ਦੀ ਸੌੜੀ ਚਾਲ ਹੈ।





