ਨਵੀਂ ਦਿੱਲੀ : ਭਾਜਪਾ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੇ ਉਨ੍ਹਾਂ ਦੋਸ਼ਾਂ ਦੀ ਫੋਰੈਂਸਿਕ ਜਾਂਚ ਦੀ ਮੰਗ ਕੀਤੀ ਹੈ, ਜਿਨ੍ਹਾਂ ’ਚ ਉਨ੍ਹਾਂ ਦਾਅਵਾ ਕੀਤਾ ਹੈ ਕਿ ਰਾਜਧਾਨੀ ਦੀ ਮੁੱਖ ਵਿਰੋਧੀ ਪਾਰਟੀ ਭਾਜਪਾ ਨੇ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੂੰ ਪਾਲਾ ਬਦਲਣ ਲਈ ਪੈਸੇ ਦੀ ਪੇਸ਼ਕਸ਼ ਕੀਤੀ ਸੀ। ਦਿੱਲੀ ਤੋਂ ਭਾਜਪਾ ਦੇ ਸੱਤ ਸੰਸਦ ਮੈਂਬਰਾਂ ਨੇ ਬੁੱਧਵਾਰ ਇਸ ਸੰਬੰਧ ’ਚ ਉਪ ਰਾਜਪਾਲ ਵੀ ਕੇ ਸਕਸੈਨਾ ਨੂੰ ਪੱਤਰ ਲਿਖ ਕੇ ਢੁਕਵਾਂ ਕਦਮ ਚੁੱਕਣ ਦੀ ਅਪੀਲ ਕੀਤੀ ਹੈ। ਭਾਜਪਾ ਹੈੱਡਕੁਆਰਟਰ ਵਿਖੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਭਾਜਪਾ ਦੇ ਸੰਸਦ ਮੈਂਬਰ ਮਨੋਜ ਤਿਵਾੜੀ ਨੇ ਕਿਹਾ ਕਿ ‘ਆਪ’ ਆਗੂ ਆਬਕਾਰੀ ਨੀਤੀ ਅਤੇ ਸਕੂਲ ਕਲਾਸਰੂਮਾਂ ਦੀ ਉਸਾਰੀ ’ਚ ਘਪਲਿਆਂ ਤੋਂ ਲੋਕਾਂ ਦਾ ਧਿਆਨ ਹਟਾਉਣ ਲਈ ਝੂਠੇ ਦੋਸ਼ ਲਗਾ ਰਹੇ ਹਨ।
ਤਿਵਾੜੀ ਨੇ ਕਿਹਾ-ਅਰਵਿੰਦ ਕੇਜਰੀਵਾਲ ਨੇ ਦੋਸ਼ ਲਗਾਇਆ ਹੈ ਕਿ ‘ਆਪ’ ਵਿਧਾਇਕਾਂ ਨੂੰ ਖਰੀਦਣ ਦੀ ਕੋਸ਼ਿਸ਼ ਕੀਤੀ ਗਈ ਸੀ ਅਤੇ ਇਸ ਸੰਬੰਧ ’ਚ ਫੋਨ ਆਇਆ ਸੀ, ਜੇ ਕਿਸੇ ਦਾ ਫੋਨ ਆਵੇ ਤਾਂ ਉਹ ਲੁਕ ਨਹੀਂ ਸਕਦਾ। ਅਸੀਂ ਭਾਜਪਾ ਦੇ ਸੰਸਦ ਮੈਂਬਰ ਚਾਹੁੰਦੇ ਹਾਂ ਕਿ ਕੇਜਰੀਵਾਲ ਸਪੱਸ਼ਟ ਕਰਨ ਕਿ ਕਿਸਦਾ ਫੋਨ ਆਇਆ ਅਤੇ ਕਿਸ ਨੂੰ ਆਇਆ।