ਲੁਧਿਆਣਾ : ਆਮ ਆਦਮੀ ਪਾਰਟੀ ਦੇ ਆਗੂ ਅਤੇ 2022 ਦੀਆਂ ਵਿਧਾਨ ਸਭਾ ਚੋਣਾਂ ’ਚ ਕਾਂਗਰਸ ਪਾਰਟੀ ਵੱਲੋਂ ਹਲਕਾ ਆਤਮ ਨਗਰ ਤੋਂ ਵਿਧਾਇਕ ਦੀ ਚੋਣ ਲੜਨ ਵਾਲੇ ਕਮਲਜੀਤ ਸਿੰਘ ਕੜਵਲ ਐਤਵਾਰ ਕਾਂਗਰਸ ’ਚ ਪਰਤ ਆਏ। ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਵਿਧਾਨ ਸਭਾ ਹਲਕਾ ਲੁਧਿਆਣਾ ਪੱਛਮੀ ਦੇ ਇੰਚਾਰਜ ਰਾਣਾ ਗੁਰਜੀਤ ਸਿੰਘ ਤੇ ਹਲਕਾ ਲੁਧਿਆਣਾ ਪੱਛਮੀ ਦੀ ਜ਼ਿਮਨੀ ਚੋਣ ਲਈ ਕਾਂਗਰਸ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਨੇ ਉਨ੍ਹਾ ਦਾ ਸਵਾਗਤ ਕੀਤਾ। ਕੜਵਲ ਨੇ ਕਿਹਾ ਕਿ ਉਹ ਹੁਣ ਪੂਰਾ ਸਿਆਸੀ ਸਫਰ ਕਾਂਗਰਸ ’ਚ ਰਹਿ ਕੇ ਹੀ ਤੈਅ ਕਰਨਗੇ।
‘ਆਪ’ ਨੇ ਪ੍ਰੀਤੀ ਮਲਹੋਤਰਾ ਨੂੰ ਪ੍ਰਧਾਨਗੀ ਤੋਂ ਹਟਾਇਆ
ਪਟਿਆਲਾ : ਆਮ ਆਦਮੀ ਪਾਰਟੀ ਦੀ ਸੂਬਾਈ ਮਹਿਲਾ ਵਿੰਗ ਦੀ ਪ੍ਰਧਾਨ ਪ੍ਰੀਤੀ ਮਲਹੋਤਰਾ ਦੀ ਅਗਵਾਈ ਹੇਠ ਧਰਨਾ ਦੇ ਕੇ ‘ਪੰਜਾਬ ਬਚਾਓ ਦਿੱਲੀ ਵਾਲੇ ਭਜਾਓ’ ਦੇ ਨਾਅਰੇ ਲਾਏ ਗਏ। ਇਸ ਤੋਂ ਬਾਅਦ ‘ਆਪ’ ਹਾਈ ਕਮਾਨ ਨੇ ਪ੍ਰੀਤੀ ਮਲਹੋਤਰਾ ਨੂੰ ਅਹੁਦੇ ਤੋਂ ਹਟਾ ਦਿੱਤਾ ਤੇ ਮੀਤ ਪ੍ਰਧਾਨ ਅਮਨਦੀਪ ਕੌਰ ਨੂੰ ਵਾਧੂ ਚਾਰਜ ਦੇ ਦਿੱਤਾ।
ਡਾ. ਸੁੱਖੀ ਤੋਂ ਸਪੀਕਰ ਨੇ ਸਪੱਸ਼ਟੀਕਰਨ ਮੰਗਿਆ
ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਬਾਗੀ ਵਿਧਾਇਕ ਡਾ. ਸੁਖਵਿੰਦਰ ਕੁਮਾਰ ਸੁੱਖੀ ਨੂੰ ਆਮ ਆਦਮੀ ਪਾਰਟੀ ਦਾ ਉਪ ਪ੍ਰਧਾਨ ਨਿਯੁਕਤ ਕੀਤੇ ਜਾਣ ਤੋਂ ਇੱਕ ਦਿਨ ਬਾਅਦ, ਪੰਜਾਬ ਵਿਧਾਨ ਸਭਾ ਨੇ ਵਿਧਾਇਕ ਨੂੰ 29 ਜੁਲਾਈ ਨੂੰ ਆਪਣੀ ਸਥਿਤੀ ਸਪੱਸ਼ਟ ਕਰਨ ਲਈ ਕਿਹਾ ਹੈ। ਐਡਵੋਕੇਟ ਐੱਚ ਸੀ ਅਰੋੜਾ ਵੱਲੋਂ ਦਾਇਰ ਪਟੀਸ਼ਨ ’ਤੇ ਵਿਧਾਇਕ ਕੋਲੋਂ ਸਪੱਸ਼ਟੀਕਰਨ ਮੰਗਿਆ ਗਿਆ ਹੈ। ਅਰੋੜਾ ਨੇ ਪਟੀਸ਼ਨ ਵਿੱਚ ਡਾ. ਸੁੱਖੀ ਨੂੰ ਅਯੋਗ ਠਹਿਰਾਉਣ ਦੀ ਮੰਗ ਕੀਤੀ ਹੈ। ਈ ਐੱਨ ਟੀ ਮਾਹਰ ਡਾ. ਸੁੱਖੀ ਪਹਿਲੀ ਵਾਰ 2017 ਵਿੱਚ ਬੰਗਾ ਤੋਂ ਵਿਧਾਇਕ ਚੁਣੇ ਗਏ ਸਨ ਅਤੇ 2022 ਵਿੱਚ ਮੁੜ ਚੁਣੇ ਗਏ। ਹਾਲਾਂਕਿ ਉਹ ਪਿਛਲੇ ਸਾਲ ਅਗਸਤ ਵਿੱਚ ‘ਆਪ’ ਵਿੱਚ ਸ਼ਾਮਲ ਹੋ ਗਏ ਸਨ। ਬਾਅਦ ਵਿੱਚ ਉਨ੍ਹਾ ਨੂੰ ਪੰਜਾਬ ਸਟੇਟ ਕੰਟੇਨਰ ਅਤੇ ਵੇਅਰਹਾਊਸਿੰਗ ਕਾਰਪੋਰੇਸ਼ਨ ਦਾ ਚੇਅਰਪਰਸਨ ਬਣਾਇਆ ਗਿਆ ਅਤੇ ਕੈਬਨਿਟ ਮੰਤਰੀ ਦਾ ਦਰਜਾ ਦਿੱਤਾ ਗਿਆ। ਲੰਘੇ ਦਿਨ ‘ਆਪ’ ਦੇ ਉਪ ਪ੍ਰਧਾਨ ਵਜੋਂ ਉਨ੍ਹਾ ਦੀ ਨਿਯੁਕਤੀ ਨੇ ਸਿਆਸੀ ਹਲਚਲ ਮਚਾ ਦਿੱਤੀ ਸੀ, ਕਿਉਂਕਿ ਉਹ ਅਜੇ ਵੀ ਅਕਾਲੀ ਦਲ ਦੇ ਵਿਧਾਇਕ ਹਨ। ਡਾ. ਸੁੱਖੀ ਵਿਰੁੱਧ ਪਟੀਸ਼ਨ ਦੀ ਸਥਿਤੀ ਬਾਰੇ ਪੁੱਛੇ ਜਾਣ ’ਤੇ, ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਕਿਉਂਕਿ ਡਾ. ਸੁੱਖੀ ਪੰਜਾਬ ਵਿਧਾਨ ਸਭਾ ਦੇ ਮੈਂਬਰ ਹਨ, ਇਸ ਲਈ ਉਨ੍ਹਾ ਨੂੰ 29 ਜੁਲਾਈ ਨੂੰ ਆਪਣਾ ਜਵਾਬ ਦੇਣ ਲਈ ਕਿਹਾ ਗਿਆ ਹੈ।




