ਐਡਵੋਕੇਟ ਧਾਮੀ ਅੱਜ ਹਰਨਾਮ ਸਿੰਘ ਧੁੰਮਾ ਨੂੰ ਮਨਾਉਣ ਜਾਣਗੇ

0
202

ਅੰਮਿ੍ਰਤਸਰ (ਜਸਬੀਰ ਸਿੰਘ ਪੱਟੀ, ਕੰਵਲਜੀਤ ਸਿੰਘ)
ਜੂਨ 1984 ਦੇ ਘੱਲੂਘਾਰੇ ਦੀ 41ਵੀਂ ਵਰ੍ਹੇਗੰਢ ਮੌਕੇ 6 ਜੂਨ ਨੂੰ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਹੋਣ ਵਾਲੇ ਸ਼ਹੀਦੀ ਸਮਾਗਮ ਵਿੱਚ ਅਕਾਲ ਤਖਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਸਿੱਖ ਕੌਮ ਦੇ ਨਾਂਅ ਸੰਦੇਸ਼ ਜਾਰੀ ਕਰਨ ’ਤੇ ਦਮਦਮੀ ਟਕਸਾਲ ਦੇ ਮੁਖੀ ਹਰਨਾਮ ਸਿੰਘ ਧੰੁਮਾ ਵੱਲੋਂ ਵਿਰੋਧ ਕਰਨ ਦੇ ਐਲਾਨ ਮਗਰੋਂ ਪੈਦਾ ਹੋਈ ਸੰਕਟ ਦੀ ਸਥਿਤੀ ਨੂੰ ਹੱਲ ਕਰਨ ਵਾਸਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਇੱਕ ਵਫਦ 2 ਜੂਨ ਨੂੰ ਉਨ੍ਹਾ ਨਾਲ ਮੁਲਾਕਾਤ ਕਰੇਗਾ। ਸ਼੍ਰੋਮਣੀ ਕਮੇਟੀ ਚਾਹੁੰਦੀ ਹੈ ਕਿ ਘੱਲੂਘਾਰਾ ਦਿਵਸ ਸ਼ਾਂਤਮਈ ਢੰਗ ਨਾਲ ਮਨਾਇਆ ਜਾਵੇ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਦਮਦਮੀ ਟਕਸਾਲ ਦੇ ਮੁਖੀ ਨਾਲ ਮੁਲਾਕਾਤ ਦਾ ਮਕਸਦ ਪੰਥਕ ਏਕਤਾ ਨੂੰ ਮਜ਼ਬੂਤ ਕਰਨਾ ਅਤੇ ਸਮਾਗਮ ਦੌਰਾਨ ਕਿਸੇ ਵੀ ਤਰ੍ਹਾਂ ਦੇ ਟਕਰਾਅ ਨੂੰ ਰੋਕਣਾ ਹੈ। ਉਨ੍ਹਾ ਕਿਹਾ ਕਿ ਇਸ ਦਿਨ ਨੂੰ ਸੁਹਿਰਦ ਪਹੁੰਚ ਨਾਲ ਮਨਾਉਣਾ ਸਭ ਦੀ ਸਾਂਝੀ ਜ਼ਿੰਮੇਵਾਰੀ ਹੈ।
ਧੁੰਮਾ ਨੇ ਕਿਹਾ ਹੈ ਕਿ ਜਥੇਦਾਰ ਗੜਗੱਜ ਦੀ ਥਾਂ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਾਹਿਬਾਨ ਜਾਂ ਸ੍ਰੀ ਅਕਾਲ ਤਖਤ ਦੇ ਮੁੱਖ ਗ੍ਰੰਥੀ ਸਿੱਖ ਕੌਮ ਦੇ ਨਾਂਅ ਸੰਦੇਸ਼ ਜਾਰੀ ਕਰ ਸਕਦੇ ਹਨ ਅਤੇ ਇਸ ਨਾਲ ਸਥਿਤੀ ਸ਼ਾਂਤਪੂਰਨ ਬਣੀ ਰਹੇਗੀ। ਦਮਦਮੀ ਟਕਸਾਲ ਤੇ ਉਸ ਦੀਆਂ ਹਮਖਿਆਲੀ ਸਿੱਖ ਜਥੇਬੰਦੀਆਂ ਵੱਲੋਂ ਜਥੇਦਾਰ ਕੁਲਦੀਪ ਸਿੰਘ ਗੜਗੱਜ ਦੀ ਨਿਯੁਕਤੀ ਨੂੰ ਮਾਨਤਾ ਨਹੀਂ ਦਿੱਤੀ ਗਈ ਸੀ, ਜਿਸ ਦੇ ਖਿਲਾਫ ਉਹ ਵਿਰੋਧ ਪ੍ਰਦਰਸ਼ਨ ਵੀ ਕਰ ਚੁੱਕੇ ਹਨ।
ਇਸੇ ਦੌਰਾਨ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਜੂਨ 1984 ਘੱਲੂਘਾਰੇ ਦੇ ਸ਼ਹੀਦੀ ਹਫਤੇ ਸਬੰਧੀ ਸਮੁੱਚੀ ਸਿੱਖ ਕੌਮ ਨੂੰ ਅਪੀਲ ਕੀਤੀ ਹੈ ਕਿ ਇਹ ਦਿਹਾੜੇ ਪੰਥਕ ਇਕਜੁੱਟਤਾ ਦੀ ਭਾਵਨਾ ਨਾਲ ਸ਼ਹੀਦਾਂ ਨੂੰ ਸਤਿਕਾਰ ਭੇਟ ਕਰਨ ਲਈ ਮਨਾਏ ਜਾਣ।
ਉਨ੍ਹਾ ਕਿਹਾ ਕਿ ਜੂਨ 1984 ਵਿੱਚ ਜਦੋਂ ਸਿੱਖ ਸੰਗਤ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਨੂੰ ਮਨਾਉਣ ਲਈ ਇਕੱਤਰ ਹੋਈ ਸੀ ਤਾਂ ਕੇਂਦਰ ਦੀ ਕਾਂਗਰਸ ਸਰਕਾਰ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਤੇ ਸ੍ਰੀ ਅਕਾਲ ਤਖਤ ਸਾਹਿਬ ਉੱਤੇ ਟੈਂਕਾਂ, ਤੋਪਾਂ ਤੇ ਗੋਲੀਆਂ ਨਾਲ ਹਮਲਾ ਕੀਤਾ ਗਿਆ ਸੀ, ਜਿਸ ਵਿੱਚ ਦਮਦਮੀ ਟਕਸਾਲ ਦੇ 14ਵੇਂ ਮੁਖੀ ਸੰਤ ਗਿਆਨੀ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲੇ, ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਪ੍ਰਧਾਨ ਭਾਈ ਅਮਰੀਕ ਸਿੰਘ, ਬਾਬਾ ਠਾਰਾ ਸਿੰਘ ਤੇ ਜਨਰਲ ਸੁਬੇਗ ਸਿੰਘ ਸਮੇਤ ਸੈਂਕੜੇ ਸਿੱਖ ਸ਼ਹੀਦੀਆਂ ਪ੍ਰਾਪਤ ਕਰ ਗਏ ਸਨ। ਇਸ ਦੌਰਾਨ ਪੰਜਾਬ ਦੇ ਕਈ ਹੋਰ ਗੁਰਦੁਆਰਾ ਸਾਹਿਬਾਨ ਨੂੰ ਵੀ ਨਿਸ਼ਾਨਾ ਬਣਾਇਆ ਗਿਆ। ਕਾਰਜਕਾਰੀ ਜਥੇਦਾਰ ਨੇ ਕਿਹਾ ਕਿ ਜੂਨ 1984 ਦਾ ਫੌਜੀ ਹਮਲਾ ਸਿੱਖ ਕੌਮ ਕਦੇ ਵੀ ਭੁੱਲ ਨਹੀਂ ਸਕਦੀ ਅਤੇ ਹਰ ਸਾਲ ਜੂਨ ਦਾ ਪਹਿਲਾ ਹਫਤਾ ਕੌਮ ਲਈ ਬਹੁਤ ਹੀ ਭਾਵਨਾਤਮਕ ਤੇ ਵਿਰਾਗਮਈ ਹੁੰਦਾ ਹੈ। ਉਨ੍ਹਾ ਕਿਹਾ ਕਿ ਜੂਨ 1984 ਦੇ ਸਮੂਹ ਸ਼ਹੀਦਾਂ ਦੀ ਯਾਦ ਵਿੱਚ 1 ਤੋਂ 6 ਜੂਨ ਤੱਕ ਵਿਸ਼ਵ ਭਰ ਵਿੱਚ ਵਸਦੀ ਸਿੱਖ ਕੌਮ ਵੱਲੋਂ ਵਿਸ਼ੇਸ਼ ਗੁਰਮਤਿ ਸਮਾਗਮ, ਲੈਕਚਰ ਤੇ ਸੈਮੀਨਾਰ ਕਰਵਾਏ ਜਾਣ ਤੇ ਸ਼ਹੀਦਾਂ ਨੂੰ ਯਾਦ ਕਰਦਿਆਂ ਸੱਚੀ ਸ਼ਰਧਾਂਜਲੀ ਭੇਟ ਕਰਨ ਲਈ ਇਨ੍ਹਾਂ ਸ਼ਹੀਦਾਂ ਦੇ ਜੀਵਨ ਉੱਤੇ ਵੱਧ ਤੋਂ ਵੱਧ ਰਿਸਰਚ ਕਰਕੇ ਦਸਤਾਵੇਜ਼ ਤੇ ਪੁਸਤਕਾਂ ਪ੍ਰਕਾਸ਼ਤ ਕੀਤੀਆਂ ਜਾਣ, ਤਾਂ ਜੋ ਆਉਣ ਵਾਲੀ ਪੀੜ੍ਹੀ ਲਈ ਇਹ ਇਤਿਹਾਸ ਸਾਂਭਿਆ ਜਾ ਸਕੇ। ਉਨ੍ਹਾ ਕਿਹਾ ਕਿ ਇਹ ਸਮੇਂ ਦੀ ਲੋੜ ਹੈ ਕਿ ਜੂਨ 1984 ਦੇ ਸਮੂਹ ਸ਼ਹੀਦਾਂ ਦਾ ਇਤਿਹਾਸ ਜਥੇਬੰਦਕ ਢੰਗ ਨਾਲ ਪੰਜਾਬੀ ਤੇ ਅੰਗਰੇਜ਼ੀ ਭਾਸ਼ਾਵਾਂ ਵਿੱਚ ਵੱਡੇ ਪੱਧਰ ਉੱਪਰ ਪ੍ਰਕਾਸ਼ਤ ਕਰਕੇ ਸਮੁੱਚੇ ਵਿਸ਼ਵ ਦੇ ਸਾਹਮਣੇ ਲਿਆਂਦਾ ਜਾਵੇ।
ਜਥੇਦਾਰ ਨੇ ਸਮੂਹ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਨੂੰ ਤਾਕੀਦ ਕੀਤੀ ਕਿ ਜੂਨ 1984 ਦੇ ਸਮੂਹ ਸ਼ਹੀਦਾਂ ਦੀ ਯਾਦ ਵਿੱਚ ਗੁਰੂ ਘਰਾਂ ਅੰਦਰ ਵਿਸ਼ੇਸ਼ ਸ੍ਰੀ ਅਖੰਡ ਪਾਠ ਸਾਹਿਬ ਕਰਵਾਏ ਜਾਣ ਅਤੇ ਜੇਕਰ ਸਮੇਂ ਦੀ ਘਾਟ ਹੋਵੇ ਤਾਂ ਸ੍ਰੀ ਸੁਖਮਨੀ ਸਾਹਿਬ ਦੇ ਜਾਪ ਕੀਤੇ ਜਾਣ।