ਜਲੰਧਰ, (ਗਿਆਨ ਸੈਦਪੁਰੀ)-ਕੁਲ ਹਿੰਦ ਕਿਸਾਨ ਸਭਾ ਵੱਲੋਂ 6 ਜੂਨ ਨੂੰ ਪੁਲਸ ਵਧੀਕੀਆਂ ਵਿਰੁੱਧ ਮਹਿਤਪੁਰ ਵਿਖੇ ਰੋਸ ਮੁਜ਼ਾਹਰਾ ਕੀਤਾ ਜਾਵੇਗਾ। ਕੁਲ ਹਿੰਦ ਕਿਸਾਨ ਸਭਾ ਦੀ ਪੰਜਾਬ ਇਕਾਈ ਦੇ ਪ੍ਰਧਾਨ ਬਲਦੇਵ ਸਿੰਘ ਨਿਹਾਲਗੜ੍ਹ, ਜਨਰਲ ਸਕੱਤਰ ਬਲਕਰਨ ਸਿੰਘ ਬਰਾੜ, ਕਾਰਜਕਾਰੀ ਪ੍ਰਧਾਨ ਮਹਾਂਵੀਰ ਸਿੰਘ ਪੱਟੀ ਅਤੇ ਸੀਨੀਅਰ ਮੀਤ ਪ੍ਰਧਾਨ ਸੂਰਤ ਸਿੰਘ ਧਰਮਕੋਟ ਨੇ ਸਾਂਝੇ ਪ੍ਰੈੱਸ ਬਿਆਨ ਰਾਹੀਂ ਕਿਹਾ ਕਿ ਪਿਛਲੇ ਲੰਬੇ ਅਰਸੇ ਤੋਂ ਪੁਲਸ ਵੱਲੋਂ ਕਿਰਤੀ ਲੋਕਾਂ ਦੇ ਹਰ ਵਰਗ ’ਤੇ ਜਬਰ ਜਾਰੀ ਹੈ। ਇਸ ਦੀ ਧਾਰ ਹੋਰ ਤਿੱਖੀ ਹੁੰਦੀ ਜਾ ਰਹੀ ਹੈ। ਜਬਰ ਦੀ ਇਸ ਧਾਰ ਨੂੰ ਖੁੰਢੀ ਕਰਨ ਲਈ ਸੰਘਰਸ਼ ਹੀ ਇੱਕੋ-ਇੱਕ ਰਾਹ ਹੈ। ਕੁਲ ਹਿੰਦ ਕਿਸਾਨ ਸਭਾ ਜ਼ਿਲ੍ਹਾ ਜਲੰਧਰ ਦੇ ਪ੍ਰਧਾਨ ਸੰਦੀਪ ਅਰੋੜਾ ਵਿਰੁੱਧ ਕੇਸ ਦਰਜ ਕਰਨ ਦੀ ਗੱਲ ਕਰਦਿਆਂ ਆਗੂਆਂ ਨੇ ਕਿਹਾ ਕਿ ਪੈਸਿਆਂ ਦੇ ਲੈਣ-ਦੇਣ ਦੇ ਮਾਮਲੇ ਨੂੰ ਪੁਲਸ ਨੇ ਸਿਆਸੀ ਰੰਗਤ ਦੇ ਕੇ ਆਗੂ ਦਾ ਚਰਿੱਤਰ ਘਾਤ ਕਰਨ ਦੀ ਕੋਸ਼ਿਸ਼ ਕੀਤੀ ਹੈ। ਇਸ ਮਸਲੇ ਨੂੰ ਲੈ ਕੇ ਕਿਸਾਨ ਸਭਾ ਅੰਦਰ ਪੁਲਸ ਵਿਰੁੱਧ ਭਾਰੀ ਰੋਸ ਹੈ। ਕਿਸਾਨ ਆਗੂਆਂ ਨੇ ਕਮਿਊਨਿਸਟ ਧਿਰਾਂ, ਇਲਾਕੇ ਅਤੇ ਕਸਬੇ ਦੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ 6 ਜੂਨ ਨੂੰ ਕੀਤੇ ਜਾ ਰਹੇ ਰੋਸ ਮੁਜ਼ਾਹਰੇ ਵਿੱਚ ਵੱਡੀ ਪੱਧਰ ’ਤੇ ਸ਼ਮੂਲੀਅਤ ਕੀਤੀ ਜਾਵੇ। ਆਗੂਆਂ ਨੇ ਅੱਗੇ ਕਿਹਾ ਕਿ ਸੰਦੀਪ ਅਰੋੜਾ ਨੂੰ ਇਨਸਾਫ਼ ਨਾ ਮਿਲਣ ਦੀ ਸੂਰਤ ਵਿੱਚ ਅਗਲਾ ਪ੍ਰੋਗਰਾਮ ਉਲੀਕਿਆ ਜਾਵੇਗਾ।




