ਨਵੀਂ ਦਿੱਲੀ : ਸੰਸਦੀ ਮਾਮਲਿਆਂ ਬਾਰੇ ਕੇਂਦਰੀ ਮੰਤਰੀ ਕਿਰਨ ਰਿਜੀਜੂ ਨੇ ਬੁੱਧਵਾਰ ਐਲਾਨ ਕੀਤਾ ਕਿ ਸੰਸਦ ਦਾ ਮੌਨਸੂਨ ਸੈਸ਼ਨ 21 ਜੁਲਾਈ ਤੋਂ ਸ਼ੁਰੂ ਹੋਵੇਗਾ ਅਤੇ 12 ਅਗਸਤ ਤੱਕ ਚੱਲੇਗਾ। ਸੰਸਦ ਦੇ ਦੋਵੇਂ ਸਦਨ ਤਿੰਨ ਮਹੀਨਿਆਂ ਤੋਂ ਵੱਧ ਸਮੇਂ ਦੇ ਵਕਫੇ ਤੋਂ ਬਾਅਦ 21 ਜੁਲਾਈ ਨੂੰ ਸਵੇਰੇ 11 ਵਜੇ ਜੁੜਨਗੇ।
ਵਿਰੋਧੀ ਧਿਰ ਦੇ ਆਗੂ ਭਿਆਨਕ ਪਹਿਲਗਾਮ ਅੱਤਵਾਦੀ ਹਮਲੇ ਤੋਂ ਬਾਅਦ ਦੀਆਂ ਘਟਨਾਵਾਂ ਬਾਰੇ ਸੰਸਦ ਦਾ ਵਿਸ਼ੇਸ਼ ਸੈਸ਼ਨ ਬੁਲਾਉਣ ਦੀ ਮੰਗ ਕਰ ਰਹੇ ਸਨ, ਪਰ ਸਰਕਾਰ ਨੇ ਇਹ ਮੰਗ ਨਹੀਂ ਮੰਨੀ ਹੈ।
ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਰਾਹੁਲ ਗਾਂਧੀ, ਪਿ੍ਰਅੰਕਾ ਗਾਂਧੀ, ਟੀ ਐੱਮ ਸੀ ਸੰਸਦ ਮੈਂਬਰ ਅਭਿਸ਼ੇਕ ਬੈਨਰਜੀ ਸਮੇਤ ਪ੍ਰਮੁੱਖ ਵਿਰੋਧੀ ਆਗੂਆਂ ਵੱਲੋਂ ਸਹੀਬੰਦ ਪੱਤਰ ਦਾ ਹਵਾਲਾ ਦਿੰਦਿਆਂ ਐਕਸ ’ਤੇ ਪਾਈ ਇੱਕ ਪੋਸਟ ਵਿੱਚ ਫਿਰ ਕਿਹਾ ਹੈ, “ਅਸੀਂ, ‘ਇੰਡੀਆ’ ਗੱਠਜੋੜ ਦੇ ਆਗੂ ਸੰਸਦ ਦਾ ਇੱਕ ਵਿਸ਼ੇਸ਼ ਸੈਸ਼ਨ ਬੁਲਾਉਣ ਦੀ ਆਪਣੀ ਸਮੂਹਕ ਅਤੇ ਜ਼ਰੂਰੀ ਬੇਨਤੀ ਨੂੰ ਦੁਹਰਾਉਂਦੇ ਹਾਂ।’’


