‘ਸ਼੍ਰੋਮਣੀ ਗੋਲਕ ਪ੍ਰਬੰਧਕ ਕਮੇਟੀ’

0
113

ਅੰਮਿ੍ਰਤਸਰ (ਨਰਿੰਦਰ ਜੀਤ ਸਿੰਘ)- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਕਾਲੀ ਆਗੂਆਂ ’ਤੇ ਤਿੱਖਾ ਨਿਸ਼ਾਨਾ ਸਾਧਦਿਆਂ ਦੋਸ਼ ਲਾਇਆ ਕਿ ਉਨ੍ਹਾਂ ਨੇ ਪੈਸੇ ਦੇ ਲਾਲਚ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ‘ਸ਼੍ਰੋਮਣੀ ਗੋਲਕ ਪ੍ਰਬੰਧਕ ਕਮੇਟੀ’ ਬਣਾ ਕੇ ਰੱਖ ਦਿੱਤਾ। ਮੁੱਖ ਮੰਤਰੀ ਨੇ ਦੋਸ਼ ਲਾਇਆ ਕਿ ਬਾਦਲਾਂ ਨੇ ਧਾਰਮਿਕ ਮਾਮਲਿਆਂ ਵਿੱਚ ਦਖ਼ਲ ਦੇਣ ਲਈ ਆਪਣੀ ਸਿਆਸੀ ਤਾਕਤ ਦੀ ਦੁਰਵਰਤੋਂ ਕੀਤੀ ਅਤੇ ਇੱਥੋਂ ਤੱਕ ਕਿ ਆਪਣੇ ਨਿੱਜੀ ਹਿੱਤਾਂ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰਾਂ ਦੀ ਨਿਯੁਕਤੀ ਵਿੱਚ ਪਾਰਦਰਸ਼ਤਾ ਅਤੇ ਨਿਰਪੱਖਤਾ ਨਹੀਂ ਰੱਖੀ। ਉਨ੍ਹਾ ਦਾਅਵਾ ਕੀਤਾ ਕਿ ਪੈਸੇ ਦੀ ਲਾਲਸਾ ਵਿੱਚ ਅਕਾਲੀਆਂ ਨੇ ਸਿੱਖਾਂ ਦੀ ਵੱਕਾਰੀ ਸੰਸਥਾ ਸ਼੍ਰੋਮਣੀ ਕਮੇਟੀ ਦੀ ਪਵਿੱਤਰਤਾ ਨੂੰ ਢਾਹ ਲਾਈ ਹੈ ਅਤੇ ਸੌੜੇ ਸਿਆਸੀ ਲਾਭ ਲਈ ਸ਼੍ਰੋਮਣੀ ਕਮੇਟੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ, ਦੋਵਾਂ ਦੀ ਦੁਰਵਰਤੋਂ ਕੀਤੀ।
ਮਾਨ ਨੇ ਅਕਾਲੀਆਂ ਵੱਲੋਂ ਲੋਕਾਂ ਨੂੰ ਹਨੇਰੇ ਵਿੱਚ ਰੱਖਣ ਅਤੇ ਆਪਣੇ ਏਜੰਡੇ ਪੂਰੇ ਕਰਨ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਨੂੰ ਤੋੜ-ਮਰੋੜ ਕੇ ਪੇਸ਼ ਕਰਨ ਦਾ ਦੋਸ਼ ਲਾਇਆ।ਮੁੱਖ ਮੰਤਰੀ ਨੇ ਕਿਹਾ, ‘‘ਗਰੀਬਾਂ ਅਤੇ ਇਮਾਨਦਾਰ ਲੋਕਾਂ ਦੀਆਂ ਅਰਦਾਸਾਂ ਹਮੇਸ਼ਾ ਪ੍ਰਮਾਤਮਾ ਤੱਕ ਪਹੁੰਚਦੀਆਂ ਹਨ ਅਤੇ ਇਸੇ ਲਈ ਬਾਦਲਾਂ ਨੂੰ ਹੁਣ ਆਪਣੇ ਪਾਪਾਂ ਦੀ ਕੀਮਤ ਚੁਕਾਉਣੀ ਪੈ ਰਹੀ ਹੈ।’’