ਅਕਾਲੀ-ਭਾਜਪਾ ਤੇ ਕਾਂਗਰਸੀ ਸਰਕਾਰਾਂ ਨੇ ਐੱਸ ਸੀ ਭਾਈਚਾਰੇ ਨੂੰ ਸਿਰਫ ਵੋਟ ਬੈਂਕ ਵਜੋਂ ਵਰਤਿਆ : ਮਾਨ

0
15

ਅੰਮਿ੍ਰਤਸਰ (ਜਸਬੀਰ ਸਿੰਘ ਪੱਟੀ ਨਰਿੰਦਰਜੀਤ ਸਿੰਘ)
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਤਵਾਰ ਰਵਾਇਤੀ ਸਿਆਸੀ ਪਾਰਟੀਆਂ ’ਤੇ ਆਰਥਿਕ ਤੌਰ ’ਤੇ ਕਮਜ਼ੋਰ ਅਤੇ ਪੱਛੜੇ ਵਰਗਾਂ ਨੂੰ ਅਣਗੌਲਿਆ ਕਰਨ ਦਾ ਦੋਸ਼ ਲਾਉਦਿਆਂ ਕਿਹਾ ਕਿ ਇਨ੍ਹਾਂ ਸਵਾਰਥੀ ਆਗੂਆਂ ਨੇ ਅਨੁਸੂਚਿਤ ਜਾਤੀਆਂ (ਐਸ ਸੀ) ਭਾਈਚਾਰੇ ਨੂੰ ਹਮੇਸ਼ਾ ਆਪਣੇ ਵੋਟ ਬੈਂਕ ਵਾਂਗ ਵਰਤਿਆ ਹੈ। ਇੱਥੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਜਿਨ੍ਹਾਂ ਲੋਕਾਂ ਨੇ ਪੋਸਟ ਮੈਟਿ੍ਰਕ ਵਜ਼ੀਫਾ ਸਕੀਮ ਤਹਿਤ ਗਰੀਬ ਵਿਦਿਆਰਥੀਆਂ ਦੀ ਭਲਾਈ ਲਈ ਰੱਖੇ ਪੈਸੇ ਨੂੰ ਹੜੱਪ ਲਿਆ ਸੀ, ਉਹ ਹੁਣ ਕਈ ਸਿਹਤ ਬਿਮਾਰੀਆਂ ਨਾਲ ਜੂਝ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਲੁੱਟ ਦਾ ਪੈਸਾ ਹੁਣ ਹਸਪਤਾਲਾਂ ਵਿੱਚ ਉਨ੍ਹਾਂ ਦੇ ਇਲਾਜ ’ਤੇ ਖਰਚ ਕੀਤਾ ਜਾ ਰਿਹਾ ਹੈ ਕਿਉਕਿ ਉਹ ਪ੍ਰਮਾਤਮਾ ਦੇ ਰੋਹ ਦਾ ਸਾਹਮਣਾ ਕਰ ਰਹੇ ਹਨ। ਮਾਨ ਨੇ ਕਿਹਾ ਕਿ ਸੂਬੇ ਦੇ ਇਹ ਹਾਕਮ ਆਮ ਆਦਮੀ ਦੀਆਂ ਸਮੱਸਿਆਵਾਂ ਪ੍ਰਤੀ ਪੂਰੀ ਤਰ੍ਹਾਂ ਸੰਵੇਦਨਹੀਣ ਸਨ ਅਤੇ ਉਨ੍ਹਾਂ ਨੇ ਹਮੇਸ਼ਾ ਅਨੁਸੂਚਿਤ ਜਾਤੀ ਭਾਈਚਾਰੇ ਨਾਲ ਵੋਟ ਬੈਂਕ ਵਾਲਾ ਵਿਵਹਾਰ ਕੀਤਾ।
ਪਿਛਲੀਆਂ ਸਰਕਾਰਾਂ ’ਤੇ ਨਿਸ਼ਾਨਾ ਸਾਧਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਆਗੂਆਂ ਨੇ ਆਪਣੇ ਸਰਕਾਰੀ ਅਹੁਦਿਆਂ ਦੀ ਦੁਰਵਰਤੋਂ ਕਰਕੇ ਬੇਸ਼ੁਮਾਰ ਦੌਲਤ ਇਕੱਠੀ ਕੀਤੀ ਅਤੇ ਵੱਡੇ-ਵੱਡੇ ਮਹਿਲ ਬਣਾਏ ਸਨ। ਉਨ੍ਹਾ ਕਿਹਾ ਕਿ ਇਸ ਮਹਿਲ ਦੀਆਂ ਕੰਧਾਂ ਉੱਚੀਆਂ ਸਨ ਅਤੇ ਆਮ ਲੋਕਾਂ ਲਈ ਦਰਵਾਜ਼ੇ ਅਕਸਰ ਬੰਦ ਰਹਿੰਦੇ ਸਨ। ਮਾਨ ਨੇ ਕਿਹਾ ਕਿ ਇਹ ਆਗੂ ਲੋਕਾਂ ਦੀ ਪਹੁੰਚ ਤੋਂ ਬਾਹਰ ਰਹੇ, ਜਿਸ ਕਾਰਨ ਲੋਕਾਂ ਨੇ ਵੀ ਇਨ੍ਹਾਂ ਨੂੰ ਸੱਤਾ ਤੋਂ ਬਾਹਰ ਦਾ ਰਸਤਾ ਦਿਖਾ ਦਿੱਤਾ।
ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਲੋਕਾਂ ਨੇ ਉਨ੍ਹਾਂ ਸਿਆਸੀ ਪਾਰਟੀਆਂ ਨੂੰ ਬੁਰੀ ਤਰ੍ਹਾਂ ਨਕਾਰ ਦਿੱਤਾ ਜੋ ਹਰ ਪੰਜ ਸਾਲਾਂ ਬਾਅਦ ਉਨ੍ਹਾਂ ਨੂੰ ਲੁੱਟਣ ਲਈ ‘ਉੱਤਰ ਕਾਟੋ, ਮੈਂ ਚੜ੍ਹਾਂ’ ਵਾਂਗ ਆਪਸ ਵਿੱਚ ਮਿਲੀਭੁਗਤ ਕਰਕੇ ਸੱਤਾ ਹਥਿਆਉਦੀਆਂ ਸਨ। ਉਨ੍ਹਾ ਕਿਹਾ ਕਿ ਇਨ੍ਹਾਂ ਆਗੂਆਂ ਨੇ ਲੰਬੇ ਸਮੇਂ ਤੋਂ ਲੋਕਾਂ ਨੂੰ ਮੂਰਖ ਬਣਾਇਆ ਹੈ ਪਰ ਹੁਣ ਲੋਕ ਉਨ੍ਹਾਂ ਦੇ ਕੂੜ ਪ੍ਰਚਾਰ ਵਿੱਚ ਨਹੀਂ ਆਉਦੇ। ਮਾਨ ਨੇ ਕਿਹਾ ਕਿ ਇਨ੍ਹਾਂ ਹੰਕਾਰੀ ਸਿਆਸਤਦਾਨਾਂ ਨੇ ਹਮੇਸ਼ਾ ਸੂਬੇ ਦੇ ਲੋਕਾਂ ਨੂੰ ਹਲਕੇ ਵਿੱਚ ਲਿਆ ਹੈ ਜਿਸ ਕਾਰਨ ਉਨ੍ਹਾਂ ਨੂੰ ਲੋਕਾਂ ਨੇ ਅੰਤ ਵਿੱਚ ਬਾਹਰ ਦਾ ਰਸਤਾ ਦਿਖਾ ਦਿੱਤਾ।
ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਕਾਨਵੈਂਟ ਸਕੂਲਾਂ ਦੇ ਪੜ੍ਹੇ-ਲਿਖੇ ਆਗੂਆਂ ਨੇ ਕਦੇ ਵੀ ਸੂਬੇ ਵਿੱਚ ਸਿੱਖਿਆ ਦੇ ਪੱਧਰ ਨੂੰ ਸੁਧਾਰਨ ਲਈ ਕੋਈ ਕਦਮ ਨਹੀਂ ਚੁੱਕਿਆ। ਉਨ੍ਹਾ ਕਿਹਾ ਕਿ ਇਸ ਦਾ ਇੱਕੋ-ਇੱਕ ਕਾਰਨ ਇਹ ਸੀ ਕਿ ਉਨ੍ਹਾਂ ਦੇ ਆਪਣੇ ਬੱਚੇ ਪਹਾੜਾਂ ਦੇ ਵੱਡੇ ਪ੍ਰਾਈਵੇਟ ਸਕੂਲਾਂ ਵਿੱਚ ਪੜ੍ਹਦੇ ਸਨ ਜਦੋਂ ਕਿ ਸਰਕਾਰੀ ਸਕੂਲਾਂ ਵਿੱਚ ਸਿਰਫ਼ ਸਧਾਰਨ ਪਰਵਾਰਾਂ ਦੇ ਬੱਚੇ ਹੀ ਪੜ੍ਹਦੇ ਸਨ। ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਇਹ ਯਕੀਨੀ ਬਣਾਉਣ ’ਤੇ ਧਿਆਨ ਕੇਂਦਰਿਤ ਕਰ ਰਹੀ ਹੈ ਕਿ ਆਮ ਘਰਾਂ ਦੇ ਬੱਚਿਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਕੇ ਉਨ੍ਹਾਂ ਦੇ ਜੀਵਨ ਨੂੰ ਬਦਲਿਆ ਜਾ ਸਕੇ।
ਲਾਭਪਾਤਰੀਆਂ ਨੂੰ ਕਰਜ਼ਾ ਮੁਆਫ਼ੀ ਦੇ ਸਰਟੀਫਿਕੇਟ ਸੌਂਪਣ ਲਈ ਕਰਵਾਏ ਸਮਾਗਮ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਆਮ ਆਦਮੀ ਨੂੰ ਹੋਰ ਵਧੇਰੇ ਸਮਰੱਥ ਬਣਾਉਣ ਲਈ ਮਿਸ਼ਨਰੀ ਭਾਵਨਾ ਨਾਲ ਲੋਕਾਂ ਦੀ ਸੇਵਾ ਕਰ ਰਹੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਵੱਲੋਂ ਅਮੀਰ ਲੋਕਾਂ ਦੇ ਕਰਜ਼ੇ ਮੁਆਫ਼ ਕੀਤੇ ਜਾਂਦੇ ਸਨ, ਜਦਕਿ ਗਰੀਬ ਲੋਕਾਂ ਦੀ ਭਲਾਈ ਦੀ ਕੋਈ ਪ੍ਰਵਾਹ ਨਹੀਂ ਕੀਤੀ ਜਾਂਦੀ ਸੀ। ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਸੂਬੇ ਦੇ ਪੱਛੜੇ ਤੇ ਕਮਜ਼ੋਰ ਵਰਗਾਂ ਨੂੰ ਇਹ ਰਾਹਤ ਮਿਲੀ ਹੈ। ਉਨ੍ਹਾ ਕਿਹਾ ਕਿ ਇਹ ਇਸ ਕਰਕੇ ਸੰਭਵ ਹੋਇਆ ਹੈ ਕਿਉਕਿ ਪਹਿਲੀ ਵਾਰ ਸੂਬੇ ਦਾ ਬਜਟ ਆਮ ਆਦਮੀ ਦੀ ਭਲਾਈ ਲਈ ਰੱਖਿਆ ਗਿਆ ਹੈ।
ਮੁੱਖ ਮੰਤਰੀ ਨੇ ਕਿਹਾ ਕਿ 67.84 ਕਰੋੜ ਰੁਪਏ ਦੀ ਕਰਜ਼ਾ ਮੁਆਫੀ ਨਾਲ ਤਕਰੀਬਨ 4800 ਪਰਵਾਰਾਂ ਨੂੰ ਲਾਭ ਮਿਲਿਆ ਹੈ।ਉਨ੍ਹਾਂ ਕਿਹਾ ਕਿ ਇਹ ਸਕੀਮ ਸਿਰਫ਼ ਕਰਜ਼ਾ ਮੁਆਫ਼ੀ ਤੱਕ ਮਹਿਦੂਦ ਨਹੀਂ ਹੈ ਸਗੋਂ ਭਾਈਚਾਰੇ ਦਾ ਮਾਣ-ਸਨਮਾਨ ਬਹਾਲ ਕਰਨ, ਇਨਸਾਫ ਦੇਣ ਅਤੇ ਨਵੀਂ ਸ਼ੁਰੂਆਤ ਲਈ ਮੌਕੇ ਪ੍ਰਦਾਨ ਕਰਦੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਕਦਮ ਨੇ ਦਹਾਕਿਆਂ ਤੋਂ ਕਰਜ਼ੇ ਦੇ ਬੋਝ ਹੇਠ ਦੱਬੇ ਪਰਵਾਰਾਂ ਲਈ ਰਾਹਤ ਅਤੇ ਮਾਣ-ਸਨਮਾਨ ਵਾਲਾ ਜੀਵਨ ਜਿਉਣ ਦੀ ਨਵੀਂ ਸ਼ੁਰੂਆਤ ਕੀਤੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਹ ਪਰਵਾਰ ਘਰ ਦੇ ਕਮਾਊ ਜੀਅ ਦਾ ਦੇਹਾਂਤ ਹੋ ਜਾਣ, ਲੰਬੀ ਬਿਮਾਰੀ ਕਾਰਨ ਸਾਰੀ ਬੱਚਤ ਖਤਮ ਹੋ ਜਾਣ ਜਾਂ ਆਮਦਨ ਦਾ ਕੋਈ ਹੋਰ ਵਸੀਲਾ ਨਾ ਹੋਣ ਵਰਗੀਆਂ ਪ੍ਰਸਥਿਤੀਆਂ ਕਾਰਨ ਆਪਣੇ ਕਰਜ਼ੇ ਵਾਪਸ ਨਹੀਂ ਕਰ ਸਕੇ। ਉਨ੍ਹਾ ਕਿਹਾ ਕਿ ਸੂਬਾ ਸਰਕਾਰ ਦਾ ਮੰਨਣਾ ਹੈ ਕਿ ਅਜਿਹੇ ਲੋਕਾਂ ਤੋਂ ਇਸ ਕਰਜ਼ੇ ਦੀ ਵਸੂਲੀ ਕਰਨਾ ਸਰਾਸਰ ਬੇਇਨਸਾਫ਼ੀ ਹੈ, ਜਿਸ ਕਰਕੇ ਕਰਜ਼ਾ ਮੁਆਫ ਕਰਨ ਦਾ ਫੈਸਲਾ ਕੀਤਾ ਗਿਆ।
ਇਸ ਮੌਕੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਡਾ. ਬਲਜੀਤ ਕੌਰ, ਹਰਭਜਨ ਸਿੰਘ ਈ.ਟੀ.ਓ., ਲਾਲ ਚੰਦ ਕਟਾਰੂਚੱਕ ਅਤੇ ਕੁਲਦੀਪ ਸਿੰਘ ਧਾਲੀਵਾਲ ਤੋਂ ਇਲਾਵਾ ਹੋਰ ਸ਼ਖਸੀਅਤਾਂ ਹਾਜ਼ਰ ਸਨ।