ਅੰਮਿ੍ਰਤਸਰ (ਜਸਬੀਰ ਸਿੰਘ ਪੱਟੀ, ਨਰਿੰਦਰਜੀਤ ਸਿੰਘ)
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੀਰਵਾਰ ‘ਈਜ਼ੀ ਜਮ੍ਹਾਂਬੰਦੀ’ ਪੋਰਟਲ ਦੀ ਸ਼ੁਰੂਆਤ ਕੀਤੀ, ਜਿਸ ਨਾਲ ਪੰਜਾਬ ਨੇ ਆਪਣੇ ਨਾਗਰਿਕਾਂ ਨੂੰ ਭਿ੍ਰਸ਼ਟਾਚਾਰ ਮੁਕਤ, ਸੁਚਾਰੂ, ਪ੍ਰੇਸ਼ਾਨੀ ਰਹਿਤ ਅਤੇ ਪਾਰਦਰਸ਼ੀ ਸੇਵਾਵਾਂ ਦੇਣ ਵਿੱਚ ਸਫਲਤਾ ਦਾ ਨਵਾਂ ਮੁਕਾਮ ਹਾਸਲ ਕੀਤਾ ਹੈ।
ਦੋਵਾਂ ਆਗੂਆਂ ਨੇ ਕਿਹਾ ਕਿ ਇਸ ਸ਼ੁਰੂਆਤ ਨਾਲ ਮਾਲ ਵਿਭਾਗ ਦੀਆਂ ਪ੍ਰਮੁੱਖ ਸੇਵਾਵਾਂ ਪ੍ਰਦਾਨ ਕਰਨ ਦੀ ਪ੍ਰਕਿਰਿਆ ਵਿੱਚੋਂ ਭਿ੍ਰਸ਼ਟਾਚਾਰ ਨੂੰ ਜੜ੍ਹੋਂ ਪੁੱਟਣ ਲਈ ਇੱਕ ਹੋਰ ਇਤਿਹਾਸਕ ਕਦਮ ਚੁੱਕਿਆ ਹੈ। ਇਨ੍ਹਾਂ ਸੇਵਾਵਾਂ ਨਾਲ ਹਰੇਕ ਸਾਲ ਲੱਖਾਂ ਲੋਕਾਂ ਦਾ ਸਿੱਧਾ ਵਾਹ ਪੈਂਦਾ ਹੈ।
ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਹ ਪੋਰਟਲ ਲੋਕਾਂ ਨੂੰ ਪੰਜ ਮੁੱਖ ਸੇਵਾਵਾਂ ਪ੍ਰਦਾਨ ਕਰੇਗਾ, ਜਿਨ੍ਹਾਂ ਵਿੱਚ ਵਟਸਐਪ ’ਤੇ ਜਮ੍ਹਾਂਬੰਦੀ ਪ੍ਰਾਪਤ ਕਰਨਾ, ਇੰਤਕਾਲ ਕਰਵਾਉਣ, ਰਪਟ ਐਂਟਰੀ ਅਤੇ ਫਰਦ ਬਦਰ (ਜ਼ਮੀਨ ਰਿਕਾਰਡਾਂ ਵਿੱਚ ਸੁਧਾਰ) ਲਈ ਆਨਲਾਈਨ ਸੇਵਾਵਾਂ ਹਾਸਲ ਹੋਣਗੀਆਂ। ਇਸ ਦਾ ਵਿਸਥਾਰ ਵਿੱਚ ਪ੍ਰਗਟਾਵਾ ਕਰਦਿਆਂ ਉਨ੍ਹਾਂ ਕਿਹਾ ਕਿ ਵਟਸਐਪ ਰਾਹੀਂ ਜਮ੍ਹਾਂਬੰਦੀ ਪ੍ਰਾਪਤ ਕਰਨ ਦਾ ਫੈਸਲਾ ਲੋਕਾਂ ਨੂੰ ਵੱਡੇ ਪੱਧਰ ’ਤੇ ਸਹੂਲਤ ਪ੍ਰਦਾਨ ਕਰੇਗਾ, ਕਿਉਕਿ ਹਰ ਸਾਲ 40 ਲੱਖ ਲੋਕਾਂ ਨੂੰ ਜ਼ਮੀਨੀ ਰਿਕਾਰਡ ਦੀਆਂ ਫਰਦਾਂ (ਜਮ੍ਹਾਂਬੰਦੀ) ਪ੍ਰਾਪਤ ਕਰਨ ਲਈ ਜਾਂ ਤਾਂ ਆਪਣੇ ਪਟਵਾਰੀ ਕੋਲ ਗੇੜੇ ਕੱਢਣੇ ਪੈਂਦੇ ਸਨ ਜਾਂ ਫਰਦ ਕੇਂਦਰਾਂ ’ਤੇ ਜਾਣਾ ਪੈਂਦਾ ਸੀ।
ਉਨ੍ਹਾ ਕਿਹਾ ਕਿ ਸੂਬਾ ਸਰਕਾਰ ਨੇ ਪੰਜਾਬ ਦੇ 99 ਫੀਸਦੀ ਪਿੰਡਾਂ ਦਾ ਜ਼ਮੀਨੀ ਰਿਕਾਰਡ ਡਿਜੀਟਾਈਜ਼ ਕਰ ਦਿੱਤਾ ਹੈ, ਸਾਰੇ ਜ਼ਮੀਨੀ ਰਿਕਾਰਡ ਇਸ ਸੇਵਾ ਰਾਹੀਂ ਪ੍ਰਾਪਤ ਕੀਤੇ ਜਾ ਸਕਦੇ ਹਨ ਅਤੇ ਨਾਲ ਹੀ ਬਾਕੀ ਰਹਿੰਦੇ ਪਿੰਡਾਂ ਨੂੰ ਵੀ ਅਗਲੇ ਦੋ ਮਹੀਨਿਆਂ ਵਿੱਚ ਡਿਜੀਟਾਈਜ਼ ਕਰ ਦਿੱਤਾ ਜਾਵੇਗਾ। ਫਰਦ ਬਦਰ (ਜ਼ਮੀਨ ਰਿਕਾਰਡ ਵਿੱਚ ਸੋਧ) ਬਾਰੇ ਜਾਣਕਾਰੀ ਦਿੰਦਿਆਂ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਹਰ ਸਾਲ ਲਗਭਗ 60,000 ਫਰਦ ਬਦਰ (ਰਿਕਾਰਡ ਵਿੱਚ ਸੋਧ) ਬਾਰੇ ਬੇਨਤੀਆਂ ਪ੍ਰਾਪਤ ਹੁੰਦੀਆਂ ਹਨ। ਉਨ੍ਹਾ ਕਿਹਾ ਕਿ ਜ਼ਮੀਨੀ ਰਿਕਾਰਡ (ਜਿਵੇਂ ਕਿ ਨਾਂਅ ਵਿੱਚ ਸੋਧ) ਵਿੱਚ ਗਲਤੀਆਂ ਨੂੰ ਠੀਕ ਕਰਨ ਲਈ ਲੋਕਾਂ ਨੂੰ ਹੁਣ ਸਰਕਾਰੀ ਦਫ਼ਤਰਾਂ ਦੇ ਚੱਕਰ ਲਾਉਣ ਜਾਂ ਤਹਿਸੀਲਦਾਰਾਂ ਦੇ ਰਹਿਮੋ-ਕਰਮ ’ਤੇ ਰਹਿਣ ਦੀ ਲੋੜ ਨਹੀਂ ਪਵੇਗੀ। ਦੋਵਾਂ ਆਗੂਆਂ ਕਿਹਾ ਕਿ ਇਸ ਸੰਬੰਧੀ ਹੁਣ ਲੋੜੀਂਦੇ ਦਸਤਾਵੇਜ਼ਾਂ ਵਾਲਾ ਸਧਾਰਨ ਫਾਰਮ ਆਨਲਾਈਨ ਜਮ੍ਹਾਂ ਕੀਤਾ ਜਾ ਸਕਦਾ ਹੈ ਅਤੇ ਅਰਜ਼ੀ ਦੀ ਪ੍ਰਕਿਰਿਆ 15 ਦਿਨਾਂ ਦੀ ਸਮਾਂ ਸੀਮਾ ਅੰਦਰ ਕੀਤੀ ਜਾਵੇਗੀ ਅਤੇ ਨਾਲ ਹੀ ਇਨ੍ਹਾਂ ਸੇਵਾਵਾਂ ਲਈ ਨਾਮਾਤਰ ਅਰਜ਼ੀ ਫੀਸ ਵੀ ਆਨਲਾਈਨ ਅਦਾ ਕੀਤੀ ਜਾਵੇਗੀ।ਉਨ੍ਹਾ ਕਿਹਾ ਕਿ ਇਹਨਾਂ ਦਫ਼ਤਰਾਂ ਵਿੱਚ ਅਕਸਰ ਭਿ੍ਰਸ਼ਟਾਚਾਰ ਦਾ ਬੋਲਬਾਲਾ ਹੁੰਦਾ ਸੀ, ਪਰ ਹੁਣ ਉਨ੍ਹਾਂ ਨੂੰ ਵਾਰ-ਵਾਰ ਪਟਵਾਰੀਆਂ ਜਾਂ ਤਹਿਸੀਲਦਾਰਾਂ ਦੇ ਦਫ਼ਤਰਾਂ ਦੇ ਗੇੜੇ ਨਹੀਂ ਲਾਉਣੇ ਪੈਣਗੇ। ਹੁਣ ਕੋਈ ਵੀ ਵਿਅਕਤੀ ਆਪਣੇ ਘਰ ਬੈਠ ਕੇ ਮਾਲ ਵਿਭਾਗ ਦੀ ਵੈੱਬਸਾਈਟ ਸਿਰਫ਼ ਇੱਕ ਕਲਿੱਕ ਨਾਲ ਇਹ ਸੇਵਾਵਾਂ ਪ੍ਰਾਪਤ ਕਰ ਸਕਦਾ ਹੈ।





