ਸੰਗਰੂਰ : ਸੱਤ ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਦੀ ਮੀਟਿੰਗ ਗ਼ਦਰ ਮੈਮੋਰੀਅਲ ਭਵਨ ਵਿਖੇ ਹੋਈ, ਜਿਸ ਵਿਚ ਬਾਰਾਂ ਸਤੰਬਰ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੰਗਰੂਰ ਰਿਹਾਇਸ਼ ਅੱਗੇ ਲਾਏ ਜਾਣ ਵਾਲੇ ਪੱਕੇ ਮੋਰਚੇ ਦੀਆਂ ਤਿਆਰੀਆਂ ਸੰਬੰਧੀ ਚਰਚਾ ਕੀਤੀ ਗਈ।
ਮੀਟਿੰਗ ਵਿਚ ਮੌਜੂਦ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਆਗੂ ਲਛਮਣ ਸੇਵੇਵਾਲਾ, ਦਿਹਾਤੀ ਮਜ਼ਦੂਰ ਸਭਾ ਦੇ ਦਰਸ਼ਨ ਨਾਹਰ, ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਲਖਵੀਰ ਸਿੰਘ ਲੌਂਗੋਵਾਲ, ਪੰਜਾਬ ਖੇਤ ਮਜ਼ਦੂਰ ਸਭਾ ਦੇ ਦੇਵੀ ਕੁਮਾਰੀ, ਮਜ਼ਦੂਰ ਮੁਕਤੀ ਮੋਰਚਾ ਦੇ ਮੱਖਣ ਸਿੰਘ ਰਾਮਗੜ੍ਹ, ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਮੁਕੇਸ਼ ਮਲੌਦ ਤੇ ਪਰਮਜੀਤ ਕੌਰ ਲੌਂਗੋਵਾਲ ਅਤੇ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਕਸ਼ਮੀਰ ਸਿੰਘ ਘੁੱਗਸ਼ੋਰ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਪੱਕੇ ਮੋਰਚੇ ਵਿਚ ਹਜ਼ਾਰਾਂ ਦੀ ਗਿਣਤੀ ’ਚ ਪੇਂਡੂ ਅਤੇ ਖੇਤ ਮਜ਼ਦੂਰ ਸ਼ਮੂਲੀਅਤ ਕਰਨਗੇ। ਉਨ੍ਹਾਂ ਕਿਹਾ ਕਿ ਆਮ ਲੋਕਾਂ ਦਾ ਨਾਂਅ ਲੈ ਕੇ ਸੱਤਾ ’ਚ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਮਜ਼ਦੂਰਾਂ ਦੀਆਂ ਹੱਕੀ ਮੰਗਾਂ ਨੂੰ ਅਣਗੌਲਿਆ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੱਕੇ ਰੁਜ਼ਗਾਰ ਦਾ ਪ੍ਰਬੰਧ ਅਤੇ ਦਿਹਾੜੀ 700 ਰੁਪਏ ਕਰਨ, ਤੀਜੇ ਹਿੱਸੇ ਦੀ ਪੰਚਾਇਤੀ ਜ਼ਮੀਨ ਦਲਿਤਾਂ ਨੂੰ ਘੱਟ ਰੇਟ ਉੱਪਰ ਦੇਣ ਅਤੇ ਡੰਮੀ ਬੋਲੀ ਰੋਕਣ ਦਾ ਪੱਕਾ ਹੱਲ ਕਰਵਾਉਣ, ਨਜ਼ੂਲ ਜ਼ਮੀਨਾਂ ਉੱਪਰੋਂ ਧਨਾਢਾਂ ਦੇ ਨਾਜਾਇਜ਼ ਕਬਜ਼ੇ ਹਟਾਏ ਜਾਣ, ਦਲਿਤਾਂ ਨੂੰ ਮਾਲਕੀ ਹੱਕ ਦੇਣ, ਮਜ਼ਦੂਰਾਂ ਦੇ ਸਮੁੱਚੇ ਕਰਜ਼ੇ ਮੁਆਫ਼ ਕਰਵਾਉਣ, ਬੇਘਰੇ ਅਤੇ ਲੋੜਵੰਦ ਪਰਵਾਰਾਂ ਨੂੰ 10-10 ਮਰਲੇ ਪਲਾਟ, ਉਸਾਰੀ ਲਈ 5 ਲੱਖ ਰੁਪਏ ਗ੍ਰਾਂਟ ਜਾਰੀ ਕਰਵਾਉਣ, ਕੱਟੇ ਹੋਏ ਪਲਾਟਾਂ ਦਾ ਕਬਜ਼ਾ ਦੇਣ, ਸਿੱਖਿਆ ਤੇ ਸਿਹਤ ਸਹੂਲਤਾਂ ਯਕੀਨੀ ਬਣਾਉਣ, ਲਾਲ ਲਕੀਰ ਅੰਦਰ ਆਉਂਦੇ ਮਕਾਨਾਂ ਦੇ ਮਾਲਕੀ ਹੱਕ ਦੇਣ, ਜ਼ਮੀਨ ਹੱਦਬੰਦੀ ਕਾਨੂੰਨ ਤੋਂ ਉੱਪਰਲੀ ਜ਼ਮੀਨ ਬੇਜ਼ਮੀਨੇ ਮਜ਼ਦੂਰਾਂ ਵਿੱਚ ਵੰਡਣ, ਦਲਿਤਾਂ ’ਤੇ ਹੋ ਰਹੇ ਅੱਤਿਆਚਾਰ ਨੂੰ ਤੁਰੰਤ ਨੱਥ ਪਾਉਣ, ਚੋਣਾਂ ਦੌਰਾਨ ਕੀਤੇ ਵਾਅਦੇ ਪੂਰੇ ਕਰਾਉਣ, ਮਨਰੇਗਾ ਸਕੀਮ ਤਹਿਤ ਮਜ਼ਦੂਰਾਂ ਨੂੰ ਸਾਰਾ ਸਾਲ ਕੰਮ ਦੇਣ, ਬੇਜ਼ਮੀਨੇ ਦਲਿਤਾਂ ਨੂੰ ਸਹਿਕਾਰੀ ਸਭਾ ਦਾ ਮੈਂਬਰ ਬਣਾਉਣ ਅਤੇ ਸਸਤੇ ਕਰਜ਼ੇ ਦਾ ਪ੍ਰਬੰਧ ਕਰਨ ਆਦਿ ਮੰਗਾਂ ਨੂੰ ਲੈ ਕੇ ਪੰਜਾਬ ਭਰ ਦੇ ਕਿਰਤੀ ਇਸ ਮੋਰਚੇ ਵਿਚ ਸ਼ਮੂਲੀਅਤ ਕਰਨਗੇ। ਉਨ੍ਹਾਂ ਮੁੱਖ ਮੰਤਰੀ ਦੀ ਰਿਹਾਇਸ਼ ਅੱਗੇ ਧਰਨੇ ਲਾਉਣ ਉਪਰ ਲਾਈ ਪਾਬੰਦੀ ਤੁਰੰਤ ਹਟਾ ਕੇ ਮਜ਼ਦੂਰਾਂ ਦੇ ਮੋਰਚੇ ’ਚ ਪਹੁੰਚਣ ਵਾਲੇ ਹਜ਼ਾਰਾਂ ਲੋਕਾਂ ਲਈ ਸਾਫ ਪਾਣੀ, ਡਾਕਟਰੀ ਟੀਮਾਂ/ ਐਂਬੂਲੈਂਸ ਲਾਈਟਾਂ ਅਤੇ ਪਖਾਨੇ ਆਦਿ ਦਾ ਢੁਕਵਾਂ ਪ੍ਰਬੰਧ ਕਰਾਉਣ ਲਈ ਸੰਗਰੂਰ ਪ੍ਰਸ਼ਾਸਨ ਨੂੰ ਮਿਲਣ ਦਾ ਵੀ ਫੈਸਲਾ ਕੀਤਾ। ਮੀਟਿੰਗ ਵਿਚ ਗੁਰਨਾਮ ਸਿੰਘ ਦਾਊਦ, ਹਰਮੇਸ਼ ਮਾਲੜੀ, ਪਰਗਟ ਸਿੰਘ ਕਾਲਾਝਾੜ ਤੇ ਕਿ੍ਰਸ਼ਨ ਚੌਹਾਨ ਵੀ ਮੌਜੂਦ ਸਨ।




