ਚੋਣ ਕਮਿਸ਼ਨ ਦਾ ਰਾਹੁਲ ਨੂੰ ਸੱਦਾ-ਪੱਤਰ

0
100

ਨਵੀਂ ਦਿੱਲੀ : ਭਾਰਤੀ ਚੋਣ ਕਮਿਸ਼ਨ ਨੇ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੂੰ ਪਿਛਲੇ ਸਾਲ ਹੋਈਆਂ ਮਹਾਰਾਸ਼ਟਰ ਵਿਧਾਨ ਸਭਾ ਚੋਣਾਂ ਵਿੱਚ ਉਨ੍ਹਾ ਦੇ ਦੋਸ਼ਾਂ ਨਾਲ ਸੰਬੰਧਤ ਮੁੱਦਿਆਂ ’ਤੇ ਚਰਚਾ ਕਰਨ ਲਈ ਸੱਦਾ ਦਿੱਤਾ ਹੈ। ਸੂਤਰਾਂ ਅਨੁਸਾਰ ਇਹ ਪੱਤਰ 12 ਜੂਨ ਨੂੰ ਈਮੇਲ ਰਾਹੀਂ ਭੇਜਿਆ ਗਿਆ ਸੀ ਅਤੇ ਉਨ੍ਹਾ ਦੀ ਰਿਹਾਇਸ਼ ’ਤੇ ਵੀ ਪ੍ਰਾਪਤ ਹੋਇਆ ਸੀ। ਸਾਬਕਾ ਕਾਂਗਰਸ ਪ੍ਰਧਾਨ ਨੇ ਹਾਲ ਹੀ ਵਿੱਚ ਮਹਾਰਾਸ਼ਟਰ ਵਿਧਾਨ ਸਭਾ ਚੋਣਾਂ ਵਿੱਚ ਚੋਣ ਧਾਂਦਲੀ ਨੂੰ ਲੈ ਕੇ ਚੋਣ ਸੰਸਥਾ ’ਤੇ ਦੋਸ਼ ਲਗਾਏ ਹਨ। ਹਾਲਾਂਕਿ, ਚੋਣ ਕਮਿਸ਼ਨ ਨੇ ਇਨ੍ਹਾਂ ਦੋਸ਼ਾਂ ਨੂੰ ਖਾਰਜ ਕਰ ਦਿੱਤਾ ਹੈ। ਐਕਸ ’ਤੇ ਇੱਕ ਪੋਸਟ ਵਿੱਚ ਰਾਹੁਲ ਨੇ ਮਸ਼ੀਨ-ਪੜ੍ਹਨਯੋਗ ਡਿਜੀਟਲ ਵੋਟਰ ਸੂਚੀਆਂ ਅਤੇ ਸੀ ਸੀ ਟੀ ਵੀ ਫੁਟੇਜ ਨੂੰ ਤੁਰੰਤ ਜਾਰੀ ਕਰਨ ਦੀ ਮੰਗ ਕੀਤੀ। ਉਨ੍ਹਾ ਦਾਅਵਾ ਕੀਤਾ ਕਿ ਬੂਥ ਪੱਧਰੀ ਅਧਿਕਾਰੀਆਂ ਨੇ ਨਾਗਪੁਰ ਦੱਖਣੀ ਪੱਛਮੀ ਵਿੱਚ ਅਣਜਾਣ ਵਿਅਕਤੀਆਂ ਵੱਲੋਂ ਵੋਟਾਂ ਪਾਉਣ ਦੀ ਰਿਪੋਰਟ ਦਿੱਤੀ, ਜਿੱਥੇ ਮੁੱਖ ਮੰਤਰੀ ਦਵਿੰਦਰ ਫੜਨਵੀਸ ਨੇ ਪਿਛਲੇ ਸਾਲ 38,000 ਤੋਂ ਵੱਧ ਵੋਟਾਂ ਨਾਲ ਜਿੱਤ ਪ੍ਰਾਪਤ ਕੀਤੀ ਸੀ। ਉਨ੍ਹਾ ਇਹ ਵੀ ਦੱਸਿਆ ਕਿ ਮੀਡੀਆ ਨੇ ਹਜ਼ਾਰਾਂ ਵੋਟਰਾਂ ਦਾ ਵੀ ਖੁਲਾਸਾ ਕੀਤਾ ਹੈ ਜਿਨ੍ਹਾਂ ਦਾ ਕੋਈ ਪ੍ਰਮਾਣਤ ਪਤਾ ਨਹੀਂ ਹੈ। ਰਾਹੁਲ ਗਾਂਧੀ ਨੇ ਕਿਹਾ, ‘‘ਇਸੇ ਲਈ ਅਸੀਂ ਮਸ਼ੀਨ-ਪੜ੍ਹਨਯੋਗ ਡਿਜੀਟਲ ਵੋਟਰ ਸੂਚੀਆਂ ਅਤੇ ਸੀ ਸੀ ਟੀ ਵੀ ਫੁਟੇਜ ਨੂੰ ਤੁਰੰਤ ਜਾਰੀ ਕਰਨ ਦੀ ਮੰਗ ਕਰਦੇ ਹਾਂ।’’