ਹੁਣ ਨਸ਼ਾ ਕਾਰੋਬਾਰ ਦੇ ਜਰਨੈਲਾਂ ਦੀ ਵਾਰੀ : ਮਾਨ

0
147

ਚੰਡੀਗੜ੍ਹ (ਗੁਰਜੀਤ ਬਿੱਲਾ, ਗਰਗ)
ਮੁੱਖ ਮੰਤਰੀ ਭਗਵੰਤ ਮਾਨ ਨੇ ਵੀਰਵਾਰ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਗਿ੍ਰਫਤਾਰੀ ਨੂੰ ਸਹੀ ਦੱਸਦਿਆਂ ਇਸ਼ਾਰਾ ਕੀਤਾ ਕਿ ਆਉਂਦੇ ਦਿਨਾਂ ਵਿੱਚ ਨਸ਼ਾ ਤਸਕਰੀ ਦੇ ਮਾਮਲਿਆਂ ’ਚ ਹੋਰ ਵੱਡੇ ਸਿਆਸਤਦਾਨਾਂ ਅਤੇ ਅਫਸਰਾਂ ਨੂੰ ਹੱਥ ਪਵੇਗਾ। ਉਨ੍ਹਾ ਕਿਹਾ ਕਿ ਨਸ਼ਿਆਂ ਦੇ ਕਾਰੋਬਾਰ ਵਿੱਚ ਸ਼ਾਮਲ ਕਿਸੇ ਵੀ ਰਾਜਸੀ ਆਗੂ ਜਾਂ ਅਧਿਕਾਰੀ ਨੂੰ ਬਖਸ਼ਿਆ ਨਹੀਂ ਜਾਵੇਗਾ।
ਆਪਣੀ ਸਰਕਾਰੀ ਰਿਹਾਇਸ਼ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਵਿਰੋਧੀ ਆਗੂ ਪਹਿਲਾਂ ਆਖਦੇ ਸਨ ਕਿ ‘ਵੱਡੇ ਮਗਰਮੱਛ’ ਨਸ਼ਾ ਤਸਕਰੀ ਕੇਸਾਂ ਵਿੱਚ ਫੜੇ ਨਹੀਂ ਜਾ ਰਹੇ ਹਨ ਅਤੇ ਹੁਣ ਜਦੋਂ ਪੰਜਾਬ ਸਰਕਾਰ ਨੇ ਇਨ੍ਹਾਂ ਨੂੰ ਹੱਥ ਪਾਇਆ ਹੈ ਤਾਂ ਵਿਰੋਧੀ ਪਲਟੀ ਖਾ ਗਏ ਹਨ ਕਿ ਇਹ ਐਕਸ਼ਨ ਸਰਕਾਰ ਨੇ ਗਲਤ ਕੀਤਾ ਹੈ। ਉਨ੍ਹਾ ਕਿਹਾ ਕਿ ਵਿਰੋਧੀ ਆਗੂ ਵੀ ਇਸ ਮਾਮਲੇ ਵਿੱਚ ਬੇਪਰਦ ਹੋ ਗਏ ਹਨ। ਇਸ ਤੋਂ ਸਪੱਸ਼ਟ ਹੈ ਕਿ ਸਾਰੇ ਹੀ ਸਿਆਸੀ ਆਗੂ ਆਪਸ ਵਿੱਚ ਮਿਲੇ ਹੋਏ ਹਨ।
ਮੁੱਖ ਮੰਤਰੀ ਨੇ ਕਿਹਾ ਕਿ ‘ਯੁੱਧ ਨਸ਼ਿਆਂ ਵਿਰੁੱਧ’ ਦੀ ਸ਼ੁਰੂਆਤ ਇਲਾਕਾਈ ਤਸਕਰਾਂ ਨੂੰ ਫੜ ਕੇ ਕੀਤੀ ਸੀ ਅਤੇ ਹੁਣ ਜਰਨੈਲਾਂ ਨੂੰ ਹੱਥ ਪਾਇਆ ਜਾ ਰਿਹਾ ਹੈ। ਉਨ੍ਹਾ ਕਿਹਾ ਕਿ ਹੁਣ ਤੱਕ ਫੜੇ ਗਏ 80 ਤੋਂ 90 ਫੀਸਦੀ ਤਸਕਰਾਂ ਦੀ ਜ਼ਮਾਨਤ ਨਹੀਂ ਹੋ ਸਕੀ ਹੈ। ਉਨ੍ਹਾ ਇਹ ਵੀ ਸਾਫ ਕੀਤਾ ਕਿ ਨਸ਼ਾ ਤਸਕਰੀ ਕਰਨ ਵਾਲਿਆਂ ’ਤੇ ਕੋਈ ਤਰਸ ਨਹੀਂ ਕੀਤਾ ਜਾਵੇਗਾ ਅਤੇ ਨਾ ਹੀ ਕਿਸੇ ਸਿਫਾਰਸ਼ ਦੀ ਪ੍ਰਵਾਹ ਕੀਤੀ ਜਾਵੇਗੀ। ਉਨ੍ਹਾ ਕਿਹਾ ਕਿ ਉਹ ਪੰਜਾਬੀਆਂ ਨੂੰ ਜਵਾਬਦੇਹ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਦੇ ਘਰਾਂ ਵਿੱਚ ਸੱਥਰ ਵਿਛਾਉਣ ਵਾਲੇ ਬਖ਼ਸ਼ੇ ਨਹੀਂ ਜਾਣਗੇ। ਪੰਜਾਬ ਸਰਕਾਰ ਵੱਲੋਂ ਇਸ ਵਾਰ ਪੱਕੇ ਪੈਰੀਂ ਕਾਰਵਾਈ ਕੀਤੀ ਗਈ ਹੈ। ਇਸ ਦੌਰਾਨ ਹਵਾਲਾ ਰਾਹੀਂ ਕਰੋੜਾਂ ਰੁਪਏ ਦਾ ਕੈਸ਼ ਟਰਾਂਸਫਰ ਹੋਣ ਦੇ ਸਬੂਤ ਵੀ ਮਿਲੇ ਹਨ, ਜਿਸ ਬਾਰੇ ਜਾਂਚ ਕੀਤੀ ਜਾ ਰਹੀ ਹੈ। ਮਾਨ ਨੇ ਕਿਹਾ ਕਿ ਪੰਜਾਬ ਵਿੱਚ ਮੌਜੂਦਾ ਸਮੇਂ ਆਮ ਆਦਮੀ ਪਾਰਟੀ ਬਨਾਮ ਸਾਰੀਆਂ ਰਾਜਸੀ ਪਾਰਟੀਆਂ ਵਰਗੇ ਹਾਲਾਤ ਬਣੇ ਹੋਏ ਹਨ।
ਉਂਜ ਪਹਿਲੀ ਵਾਰ ਸੀ ਜਦੋਂ ਮੁੱਖ ਮੰਤਰੀ ਨੇ ਮਜੀਠੀਆ ਦਾ ਨਾਂਅ ਲਏ ਬਗੈਰ ਕਿਹਾ ਕਿ ਵੱਡੇ ਮਗਰਮੱਛ ਫੜੇ ਜਾਣ ਕਰਕੇ ਪੰਜਾਬ ’ਚੋਂ ਲੋਕਾਂ ਦੇ ਫੋਨ ਆ ਰਹੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਪੰਚਾਇਤਾਂ ਵੱਲੋਂ ਵੀ ਹੁਣ ਮਤੇ ਪਾਏ ਜਾ ਰਹੇ ਹਨ ਕਿ ਉਹ ਕਿਸੇ ਵੀ ਨਸ਼ਾ ਤਸਕਰ ਦੀ ਜ਼ਮਾਨਤ ਨਹੀਂ ਦੇਣਗੇ।