ਮੁਹਾਲੀ : ਵਿਜੀਲੈਂਸ ਵੱਲੋਂ ਡਰੱਗ ਮਨੀ ਮਾਮਲੇ ਵਿੱਚ ਗਿ੍ਰਫਤਾਰ ਕੀਤੇ ਗਏ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਖਿਲਾਫ ਇੱਕ ਹੋਰ ਐੱਫ ਆਈ ਆਰ ਦਰਜ ਕਰਨ ਦੀ ਤਿਆਰੀ ਚੱਲ ਰਹੀ ਹੈ। ਮਜੀਠੀਆ ਦੇ ਘਰ ’ਤੇ ਛਾਪੇਮਾਰੀ ਦੌਰਾਨ ਉਨ੍ਹਾ ਦੇ ਸਮਰਥਕਾਂ ਨੇ ਕਥਿਤ ਤੌਰ ’ਤੇ ਪੁਲਸ ਵਿਰੁੱਧ ਹਿੰਸਾ ਭੜਕਾਈ। ਜਾਂਚ ਟੀਮ ਨੇ ਮਜੀਠੀਆ ’ਤੇ ਵਿਜੀਲੈਂਸ ਅਧਿਕਾਰੀਆਂ ਨੂੰ ਡਰਾਉਣ-ਧਮਕਾਉਣ, ਧੱਕਾ-ਮੁੱਕੀ, ਸਬੂਤਾਂ ਨੂੰ ਨਸ਼ਟ ਕਰਨ ਦੀ ਸਾਜ਼ਿਸ਼ ਘੜਨ ਅਤੇ ਆਪਣੇ ਸਮਰਥਕਾਂ ਨੂੰ ਪੁਲਸ ’ਤੇ ਹਮਲੇ ਲਈ ਉਕਸਾਉਣ ਦਾ ਦੋਸ਼ ਲਗਾਇਆ ਹੈ। ਵਿਜੀਲੈਂਸ ਟੀਮ ਦੀ ਸ਼ਿਕਾਇਤ ਮੁਤਾਬਕ ਮਜੀਠੀਆ ਨੇ ਸਮਰਥਕਾਂ ਨੂੰ ਵਿਜੀਲੈਂਸ ਟੀਮ ਵੱਲੋਂ ਕੀਤੀ ਜਾਂਚ ਵਿਚ ਅੜਿੱਕਾ ਪਾਉਣ ਲਈ ਉਕਸਾਇਆ ਅਤੇ ਟੀਮ ’ਤੇ ਹਮਲਾ ਇਸ ਲਈ ਕੀਤਾ ਗਿਆ ਤਾਂ ਜੋ ਉਨ੍ਹਾਂ ਨੂੰ ਮਹੱਤਵਪੂਰਨ ਸਬੂਤ ਇਕੱਠੇ ਕਰਨ ਤੋਂ ਰੋਕਿਆ ਜਾ ਸਕੇ।




