ਅੰਮਿ੍ਰਤਸਰ : ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕਿ੍ਰਸ਼ੀ ਵਿਗਿਆਨ ਕੇਂਦਰ ਨਾਗ ਕਲਾਂ ਵਿਚ ਹਾੜ੍ਹੀ ਦੀਆਂ ਫਸਲਾਂ ਲਈ ਲਾਏ ਗਏ ਕਿਸਾਨ ਮੇਲੇ ’ਚ ਮੁੱਖ ਮਹਿਮਾਨ ਪੰਜਾਬ ਦੇ ਕੈਬਨਿਟ ਮੰਤਰੀ ਡਾ. ਇੰਦਰਬੀਰ ਸਿੰਘ ਨਿੱਝਰ ਨੇ ਕਿਹਾ ਕਿ ਪਰਾਲੀ ਅਤੇ ਪਾਣੀ ਦੀ ਸੰਭਾਲ ਅਜੋਕੇ ਸਮੇਂ ਦੀ ਭਖਵੀਂ ਮੰਗ ਹੈ। ਉਨ੍ਹਾ ਪ੍ਰਤਾਪ ਸਿੰਘ ਕੈਰੋਂ ਨੂੰ ਯਾਦ ਕਰਦਿਆਂ ਪੀ ਏ ਯੂ ਦੀ ਸਥਾਪਨਾ ਦੇ ਦੌਰ ਬਾਰੇ ਗੱਲਾਂ ਕਰਦਿਆਂ ਕਿਹਾ ਕਿ ਵਿਗਿਆਨਕ ਖੇਤੀ ਦਾ ਰਾਹ ਵੀ ਵਾਤਾਵਰਨ ਦੀ ਸੰਭਾਲ ਨਾਲ ਜੁੜਿਆ ਹੋਇਆ ਹੈ। ਪੰਜਾਬੀਆਂ ਨੂੰ ਪਾਣੀ ਦਾ ਮੁੱਲ ਪਾਉਣ ਦੀ ਲੋੜ ਹੈ।
ਉਨ੍ਹਾ ਦੱਸਿਆ ਕਿ ਸਰਕਾਰ ਦੀ ਯੋਜਨਾ ਹੈ ਕਿ ਧਰਤੀ ਹੇਠਲੇ ਪਾਣੀ ਦੀ ਥਾਂ ਸ਼ਹਿਰਾਂ ਲਈ ਨਹਿਰੀ ਪਾਣੀ ਉਪਲੱਬਧ ਕਰਾਇਆ ਜਾਵੇ। ਉਨ੍ਹਾ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਅਤੇ ਰੁੱਖ ਲਾਉਣ ਦੀ ਅਪੀਲ ਕੀਤੀ।
ਪ੍ਰਧਾਨਗੀ ਭਾਸ਼ਣ ਵਿਚ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ ਨੇ ਕਿਹਾ ਕਿ ਕੋਰੋਨਾ ਮਹਾਂਮਾਰੀ ਤੋਂ ਬਾਅਦ ਮੇਲਾ ਲੱਗਣਾ ਬਹੁਤ ਸ਼ੁਭ ਸਗਨ ਹੈ।
ਉਨ੍ਹਾ ਕਿਸਾਨਾਂ ਨੂੰ ਕਿਹਾ ਕਿ ਇਸ ਮੇਲੇ ਵਿੱਚੋਂ ਸੁਧਰੇ ਬੀਜ, ਖੇਤੀ ਸਾਹਿਤ, ਫਲਾਂ ਤੇ ਸਬਜ਼ੀਆਂ ਦੀ ਪਨੀਰੀ ਆਦਿ ਖਰੀਦ ਕੇ ਲਿਜਾਣ। ਨਾਲ ਹੀ ਇਨ੍ਹਾਂ ਮੇਲਿਆਂ ਦਾ ਦੂਹਰਾ ਮੰਤਵ ਖੇਤੀ ਖੋਜਾਂ ਨੂੰ ਕਿਸਾਨਾਂ ਤੱਕ ਪਹੁੰਚਾਉਣ ਅਤੇ ਕਿਸਾਨਾਂ ਕੋਲੋਂ ਸਿੱਖਣ ਦਾ ਵੀ ਹੁੰਦਾ ਹੈ। ਡਾ. ਗੋਸਲ ਨੇ ਕਿਹਾ ਕਿ ਕਿਹਾ ਕਿ ਖੇਤੀ ਦੀ ਆਮਦਨ ਵਧਾਉਣ ਦੇ ਨਾਲ ਹੀ ਖਰਚਿਆਂ ’ਤੇ ਕਾਬੂ ਰੱਖਣ ਦੀ ਲੋੜ ਹੈ। ਅਟਾਰੀ ਦੇ ਡਾਇਰੈਕਟਰ ਡਾ. ਰਾਜਬੀਰ ਸਿੰਘ ਬਰਾੜ ਤੇ ਪੀ ਏ ਯੂ ਦੇ ਨਿਰਦੇਸ਼ਕ ਖੋਜ ਡਾ. ਅਜਮੇਰ ਸਿੰਘ ਢੱਟ ਨੇ ਵੀ ਵਿਚਾਰ ਰੱਖੇ।




