ਅੰਮਿ੍ਰਤਸਰ : ਅੰਮਿ੍ਰਤਸਰ ਕਮਿਸ਼ਨਰੇਟ ਪੁਲਸ ਨੇ ਬੀ ਐੱਸ ਐੱਫ ਅਤੇ ਰਾਜਸਥਾਨ ਪੁਲਸ ਨਾਲ ਮਿਲ ਕੇ 60 ਕਿੱਲੋ ਤੋਂ ਵੱਧ ਹੈਰੋਇਨ ਬਰਾਮਦ ਕੀਤੀ ਹੈ। ਇਸ ਕਾਰਵਾਈ ਤਹਿਤ ਪੁਲਸ ਨੇ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿੱਚ ਸ਼ਾਮਲ ਕੌਮਾਂਤਰੀ ਡਰੱਗ ਸਿੰਡੀਕੇਟ ਦਾ ਵੀ ਪਰਦਾਫਾਸ਼ ਕੀਤਾ ਹੈ।
ਅਧਿਕਾਰੀਆਂ ਨੇ ਦੱਸਿਆ ਕਿ ਇੱਕ ਔਰਤ ਸਮੇਤ ਨੌਂ ਵਿਅਕਤੀਆਂ ਨੂੰ ਗਿ੍ਰਫਤਾਰ ਕੀਤਾ ਗਿਆ ਹੈ, ਜਿਹੜੇ ਪੰਜਾਬ, ਹਰਿਆਣਾ, ਰਾਜਸਥਾਨ ਅਤੇ ਜੰਮੂ-ਕਸ਼ਮੀਰ ਦੇ ਹਨ। ਹੈਰੋਇਨ ਪਾਕਿਸਤਾਨ ਦੀ ਸਰਹੱਦ ਨਾਲ ਲੱਗਦੇ ਰਾਜਸਥਾਨ ਦੇ ਇਲਾਕੇ ਬਾੜਮੇਰ ਤੋਂ ਬਰਾਮਦ ਕੀਤੀ ਗਈ ਹੈ। ਇਸ ਮਾਮਲੇ ਵਿੱਚ ਗਿ੍ਰਫਤਾਰ ਕੀਤੇ ਗਏ ਮੁਲਜ਼ਮਾਂ ਵਿੱਚ ਗੁਰਸਾਹਿਬ ਸਿੰਘ, ਜਸ਼ਨਪ੍ਰੀਤ ਸਿੰਘ, ਕੁਲਵਿੰਦਰ ਸਿੰਘ, ਪੁਰਸ਼ੋਤਮ ਸਿੰਘ, ਗਗਨਦੀਪ ਸਿੰਘ ਅਤੇ ਰਜਿੰਦਰ ਕੌਰ ਅੰਮਿ੍ਰਤਸਰ ਜ਼ਿਲ੍ਹੇ ਨਾਲ ਸੰਬੰਧਤ ਹਨ। ਡੀ ਜੀ ਪੀ ਗੌਰਵ ਯਾਦਵ ਨੇ ਖੁਲਾਸਾ ਕੀਤਾ ਕਿ ਨਸ਼ੀਲੇ ਪਦਾਰਥਾਂ ਦਾ ਇਹ ਗਰੋਹ ਕੈਨੇਡਾ ਅਧਾਰਤ ਤਸਕਰ ਜੋਬਨ ਕਲੇਰ ਅਤੇ ਪਾਕਿਸਤਾਨੀ ਤਸਕਰ ਤਨਵੀਰ ਸ਼ਾਹ ਵੱਲੋਂ ਚਲਾਇਆ ਜਾ ਰਿਹਾ ਸੀ।




