ਸੰਜੀਵ ਅਰੋੜਾ ਮੰਤਰੀ ਬਣੇ, ਕਾਮਰੇਡ ਕੁਲਦੀਪ ਧਾਲੀਵਾਲ ਬਾਹਰ

0
159

ਚੰਡੀਗੜ੍ਹ : ਵਿਧਾਨ ਸਭਾ ਹਲਕਾ ਲੁਧਿਆਣਾ ਪੱਛਮੀ ਤੋਂ ਨਵੇਂ ਚੁਣੇ ਗਏ ਵਿਧਾਇਕ ਸੰਜੀਵ ਅਰੋੜਾ ਨੂੰ ਵੀਰਵਾਰ ਪੰਜਾਬ ਵਜ਼ਾਰਤ ਵਿੱਚ ਨਵੇਂ ਮੰਤਰੀ ਵਜੋਂ ਸ਼ਾਮਲ ਕੀਤਾ ਗਿਆ, ਜਦੋਂਕਿ ਕੁਲਦੀਪ ਸਿੰਘ ਧਾਲੀਵਾਲ ਦੀ ਪੰਜਾਬ ਕੈਬਨਿਟ ’ਚੋਂ ਛੁੱਟੀ ਕਰ ਦਿੱਤੀ ਗਈ। ਅਰੋੜਾ ਨੇ ਪੰਜਾਬ ਰਾਜ ਭਵਨ ਵਿੱਚ ਸੰਖੇਪ ਸਮਾਗਮ ਦੌਰਾਨ ਨਵੇਂ ਕੈਬਨਿਟ ਮੰਤਰੀ ਵਜੋਂ ਹਲਫ ਲਿਆ।
ਪਤਾ ਲੱਗਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਵਜ਼ਾਰਤ ਵਿੱਚ ਫੇਰਬਦਲ ਤੋਂ ਪਹਿਲਾਂ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੂੰ ਆਪਣੀ ਰਿਹਾਇਸ਼ ’ਤੇ ਸੱਦ ਕੇ ਅਸਤੀਫਾ ਦੇਣ ਲਈ ਕਿਹਾ ਸੀ। ਧਾਲੀਵਾਲ ਨੇ ਮੌਕੇ ’ਤੇ ਹੀ ਆਪਣੇ ਅਹੁਦੇ ਤੋਂ ਲਿਖਤੀ ਅਸਤੀਫਾ ਮੁੱਖ ਮੰਤਰੀ ਨੂੰ ਸੌਂਪ ਦਿੱਤਾ। ਇਸ ਤੋਂ ਪਹਿਲਾਂ ਧਾਲੀਵਾਲ ਤੋਂ ਖੇਤੀ ਅਤੇ ਪੰਚਾਇਤ ਵਿਭਾਗ ਵੀ ਵਾਪਸ ਲੈ ਲਿਆ ਗਿਆ ਸੀ। ਮੁੱਖ ਮੰਤਰੀ ਨੇ ਇਸ ਮੌਕੇ ਧਾਲੀਵਾਲ ਨੂੰ ਭਰੋਸਾ ਦਿੱਤਾ ਕਿ ਉਨ੍ਹਾ ਨੂੰ ਜਲਦ ਨਵੀਂ ਜ਼ਿੰਮੇਵਾਰੀ ਸੌਂਪੀ ਜਾਵੇਗੀ।
ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਰਾਜ ਭਵਨ ਵਿਚ ਰੱਖੇ ਸੰਖੇਪ ਸਮਾਗਮ ਦੌਰਾਨ ਅਰੋੜਾ ਨੂੰ ਅਹੁਦੇ ਦਾ ਹਲਫ ਦਿਵਾਇਆ। ਅਰੋੜਾ ਨੂੰ ਪੰਜਾਬ ਕੈਬਨਿਟ ਵਿਚ ਇੰਡਸਟਰੀ ਤੇ ਐੱਨ ਆਰ ਆਈ ਮਾਮਲੇ ਵਿਭਾਗ ਦਿੱਤਾ ਗਿਆ ਹੈ। ਐੱਨ ਆਰ ਆਈ ਵਿਭਾਗ ਪਹਿਲਾਂ ਕੁਲਦੀਪ ਧਾਲੀਵਾਲ ਕੋਲ ਸੀ। ਇਸੇ ਤਰ੍ਹਾਂ ਉਦਯੋਗ ਵਿਭਾਗ ਪਹਿਲਾਂ ਤਰੁਣਪ੍ਰੀਤ ਸਿੰਘ ਸੌਂਦ ਕੋਲ ਸੀ, ਜਿਨ੍ਹਾ ਕੋਲ ਪੇਂਡੂ ਵਿਕਾਸ, ਕਿਰਤ ਅਤੇ ਸੈਰ-ਸਪਾਟਾ ਵਿਭਾਗਾਂ ਦਾ ਚਾਰਜ ਜਾਰੀ ਰਹੇਗਾ। ਧਾਲੀਵਾਲ ਦੇ ਅਸਤੀਫੇ ਨਾਲ ਭਗਵੰਤ ਮਾਨ ਕੈਬਨਿਟ ਵਿੱਚ ਮੰਤਰੀਆਂ ਦੀ ਕੁੱਲ ਗਿਣਤੀ 16 ਰਹਿ ਗਈ ਹੈ। ਕੈਬਨਿਟ ਵਿੱਚ ਅਜੇ ਵੀ ਦੋ ਅਹੁਦੇ ਖਾਲੀ ਹਨ।
ਸਹੁੰ ਚੁੱਕ ਸਮਾਗਮ ਛੇ ਮਿੰਟ ਦੇ ਕਰੀਬ ਚੱਲਿਆ। ਪਿਛਲੇ ਹਫਤੇ ਵਿਧਾਇਕ ਚੁਣੇ ਜਾਣ ਤੋਂ ਬਾਅਦ ਹੀ ਅਰੋੜਾ ਦਾ ਮੰਤਰੀ ਮੰਡਲ ਵਿੱਚ ਸ਼ਾਮਲ ਹੋਣਾ ਲਗਭਗ ਤੈਅ ਸੀ। ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਜ਼ਿਮਨੀ ਚੋਣਾਂ ਵਿੱਚ ਪ੍ਰਚਾਰ ਦੌਰਾਨ ਅਰੋੜਾ ਨੂੰ ਮੰਤਰੀ ਬਣਾਉਣ ਦਾ ਐਲਾਨ ਕੀਤਾ ਸੀ, ਜਦੋਂ ਕਿ ਪਿਛਲੇ ਹਫਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਪੁਸ਼ਟੀ ਕੀਤੀ ਸੀ ਕਿ ਉਹ ਅਰੋੜਾ ਨੂੰ ਆਪਣੀ ਕੈਬਨਿਟ ਵਿੱਚ ਲਿਆ ਰਹੇ ਹਨ। ਆਮ ਆਦਮੀ ਪਾਰਟੀ ਦੀ ਸਰਕਾਰ ਦੇ ਤਿੰਨ ਸਾਲਾਂ ਦੇ ਕਾਰਜਕਾਲ ਦੌਰਾਨ ਮੰਤਰੀ ਮੰਡਲ ਵਿੱਚ ਸੱਤਵੀਂ ਵਾਰ ਵਿਸਥਾਰ ਕੀਤਾ ਗਿਆ ਹੈ।
ਪੀਲੇ ਰੰਗ ਦਾ ਕੁੜਤਾ ਪਜਾਮਾ ਪਹਿਨ ਕੇ ਆਏ ਸੰਜੀਵ ਅਰੋੜਾ ਨੇ ਪੰਜਾਬੀ ਵਿੱਚ ਸਹੁੰ ਚੁੱਕੀ। ਸਮਾਗਮ ਦੀ ਕਾਰਵਾਈ ਮੁੱਖ ਸਕੱਤਰ ਪੰਜਾਬ ਕੇ ਏ ਪੀ ਸਿਨਹਾ ਵੱਲੋਂ ਚਲਾਈ ਗਈ। ਸਮਾਗਮ ਕੌਮੀ ਗੀਤ ਨਾਲ ਸ਼ੁਰੂ ਹੋਇਆ, ਜਿਸ ਤੋਂ ਬਾਅਦ ਰਾਜਪਾਲ ਨੇ ਨਵੇਂ ਮੰਤਰੀ ਨੂੰ ਸਹੁੰ ਚੁਕਾਈ। ਸਮਾਰੋਹ ਕੌਮੀ ਗੀਤ ਨਾਲ ਸਮਾਪਤ ਹੋਇਆ।
ਮੁੱਖ ਮੰਤਰੀ ਭਗਵੰਤ ਮਾਨ, ਉਨ੍ਹਾ ਦੀ ਪਤਨੀ ਗੁਰਪ੍ਰੀਤ ਕੌਰ ਮਾਨ ਅਤੇ ਹੋਰ ਬਹੁਤ ਸਾਰੇ ਮੰਤਰੀ ਅਤੇ ਪਤਵੰਤੇ ਸਹੁੰ ਚੁੱਕ ਸਮਾਗਮ ਵਿੱਚ ਮੌਜੂਦ ਸਨ।