ਜਲੰਧਰ (ਰਾਜੇਸ਼ ਥਾਪਾ)
ਇੱਥੇ ਸਥਾਨਕ ਦਿਹਾਤੀ ਮਜ਼ਦੂਰ ਸਭਾ ਦੇ ਸੂਬਾ ਦਫ਼ਤਰ ਵਿਖੇ ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਦੀ ਮੀਟਿੰਗ, ਪੰਜਾਬ ਖੇਤ ਮਜ਼ਦੂਰ ਸਭਾ ਦੇ ਸੂਬਾ ਪ੍ਰਧਾਨ ਸਾਥੀ ਗੁਲਜ਼ਾਰ ਗੋਰੀਆ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਪਹਿਲਾਂ ਹੀ ਐਲਾਨੀਆਂ ਗਈਆਂ ਦੋ ਸੂਬਾਈ ਕਨਵੈਨਸ਼ਨਾਂ ਦੀ ਤਿਆਰੀ ਦਾ ਜਾਇਜ਼ਾ ਲੈਣ ਉਪਰੰਤ ਤਸੱਲੀ ਪ੍ਰਗਟ ਕੀਤੀ ਗਈ।
ਜ਼ਿਕਰਯੋਗ ਹੈ ਕਿ ਮਜ਼ਦੂਰਾਂ ਦਾ ਸਾਂਝਾ ਮੋਰਚਾ ਪਿਛਲੇ ਲੰਮੇ ਸਮੇਂ ਤੋਂ ਮਜ਼ਦੂਰ ਮੰਗਾਂ ਲਈ ਸੰਘਰਸ਼ ਕਰਦਾ ਆ ਰਿਹਾ ਹੈ, ਪਰ ਕਾਰਪੋਰੇਟ ਪੱਖੀ ਅਤੇ ਮਜ਼ਦੂਰਾਂ ਵਿਰੋਧੀ ਸੂਬਾ ਸਰਕਾਰ ਵੱਲੋਂ ਮਜ਼ਦੂਰਾਂ ਦੀਆਂ ਹੱਕੀ ਮੰਗਾਂ ਮੰਨਣ ਦੀ ਬਜਾਏ ਲਗਾਤਾਰ ਮਜ਼ਦੂਰ ਵਿਰੋਧੀ ਨੀਤੀਆਂ ਬਣਾਈਆਂ ਤੇ ਲਾਗੂ ਕੀਤੀਆਂ ਜਾ ਰਹੀਆਂ ਹਨ । ਸਾਂਝੇ ਮੋਰਚੇ ਦੇ ਆਗੂਆਂ, ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਵਿੱਤ ਸਕੱਤਰ ਹਰਮੇਸ਼ ਮਾਲੜੀ, ਦਿਹਾਤੀ ਮਜ਼ਦੂਰ ਸਭਾ ਦੇ ਸੂਬਾ ਸਕੱਤਰ ਗੁਰਨਾਮ ਸਿੰਘ ਦਾਊਦ, ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਤਰਸੇਮ ਪੀਟਰ, ਕੁਲ ਹਿੰਦ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਸਕੱਤਰ ਗੁਰਮੇਸ਼ ਸਿੰਘ ਅਤੇ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੇ ਸੂਬਾ ਪ੍ਰਧਾਨ ਗੋਬਿੰਦ ਸਿੰਘ ਛਾਜਲੀ ਨੇ ਕਿਹਾ ਕਿ ਅੱਤ ਦੀ ਮਹਿੰਗਾਈ ਅਤੇ ਰੁਜ਼ਗਾਰ ਦੀ ਭਾਰੀ ਥੁੜ ਕਾਰਨ ਬੇਜ਼ਮੀਨੇ ਮਜ਼ਦੂਰਾਂ ਨੂੰ ਦੋ ਡੰਗ ਦਾ ਚੁੱਲ੍ਹਾ ਤਪਾਉਣ ਅਤੇ ਹੋਰ ਸਮਾਜਿਕ ਲੋੜਾਂ ਪੂਰੀਆਂ ਕਰਨ ਲਈ ਭਾਰੀ ਵਿਆਜ ’ਤੇ ਕਰਜ਼ੇ ਚੁੱਕਣੇ ਪੈ ਰਹੇ ਹਨ, ਪਰ ਸਰਕਾਰ ਨਿਗੂਣੀਆਂ ਰਾਹਤਾਂ ਦੇ ਕੇ ਕੱਛਾਂ ਵਜਾ ਰਹੀ ਹੈ। ਉਨ੍ਹਾਂ ਅੱਜ ਦੀ ਮੀਟਿੰਗ ਵਿੱਚ ਇਸ ਗੱਲ ਦਾ ਗੰਭੀਰ ਨੋਟਿਸ ਲੈਂਦਿਆਂ ਕਿਹਾ ਕਿ ਮਜ਼ਦੂਰਾਂ ਦੀ ਕੰਮ ਦਿਹਾੜੀ ਦੇ ਘੰਟੇ ਵਧਾ ਦਿੱਤੇ ਗਏ, ਸੰਘਰਸ਼ਸ਼ੀਲ ਮਜ਼ਦੂਰਾਂ ’ਤੇ ਸਰਕਾਰੀ ਜਬਰ ਤੇਜ਼ ਕੀਤਾ ਜਾ ਰਿਹਾ ਹੈ ਤੇ ਇਉ ਕਰਕੇ ਜਿੱਥੇ ਸਰਕਾਰ ਸੰਘਰਸ਼ ਕਰਨ ਦਾ ਜਮਹੂਰੀ ਹੱਕ ਖੋਹ ਰਹੀ ਹੈ, ਉਥੇ ਪੇਂਡੂ ਧਨਾਢਾਂ ਨੂੰ ਮਜ਼ਦੂਰਾਂ ’ਤੇ ਜਬਰ ਕਰਨ ਲਈ ਹੱਲਾਸ਼ੇਰੀ ਵੀ ਦੇ ਰਹੀ ਹੈ ਜਿਸ ਨੂੰ ਕਤੱਈ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਉਨ੍ਹਾਂ ਦੱਸਿਆ ਕਿ 20 ਜੁਲਾਈ ਨੂੰ ਸੰਗਰੂਰ ਦੀ ਬਜਾਏ ਬਠਿੰਡਾ ਦੇ ਟੀਚਰਜ਼ ਹੋਮ ਵਿਖੇ ਅਤੇ 22 ਜੁਲਾਈ ਨੂੰ ਜਲੰਧਰ ਦੇਸ਼ ਭਗਤ ਯਾਦਗਾਰ ਹਾਲ ਵਿਖੇ ਕੀਤੀਆਂ ਜਾ ਰਹੀਆਂ ਸੂਬਾਈ ਕਨਵੈਨਸ਼ਨਾਂ ਵਿਚ ਅਗਲੇ ਸੂਬਾ ਪੱਧਰੀ ਸਾਂਝੇ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ, ਜਿਸ ਦੀ ਤਿਆਰੀ ਲਈ ਪੰਜਾਬ ਭਰ ਵਿੱਚ ਪਿੰਡ-ਪਿੰਡ ਮੀਟਿੰਗਾਂ, ਰੈਲੀਆਂ ਕੀਤੀਆਂ ਜਾਣਗੀਆਂ।
ਇਸ ਮੌਕੇ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਪ੍ਰਧਾਨ ਮੁਕੇਸ਼ ਮਲੌਦ ਅਤੇ ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਦੇ ਸੂਬਾ ਪ੍ਰਧਾਨ ਕੁਲਵੰਤ ਸਿੰਘ ਸੇਲਵਰਾ ਨੇ ਇਨ੍ਹਾਂ ਫੈਸਲਿਆਂ ਨਾਲ ਸਹਿਮਤੀ ਪ੍ਰਗਟ ਕੀਤੀ ਜੋ ਕਿ ਜ਼ਰੂਰੀ ਰੁਝੇਵਿਆਂ ਕਾਰਨ ਮੀਟਿੰਗ ਵਿੱਚ ਹਾਜ਼ਰ ਨਹੀਂ ਹੋ ਸਕੇ। ਇਸ ਮੌਕੇ ਇਕ ਮਤੇ ਰਾਹੀਂ ਸਾਂਝੇ ਮਜ਼ਦੂਰ ਮੋਰਚੇ ਵੱਲੋਂ 25 ਜੁਲਾਈ ਨੂੰ ਮਜ਼ਦੂਰ ਅਤੇ ਕਿਸਾਨ ਜਥੇਬੰਦੀਆਂ ਵੱਲੋਂ ਸੰਗਰੂਰ ਵਿਖੇ ਕੀਤੀ ਜਾ ਰਹੀ ਸਰਕਾਰੀ ਜਬਰ ਵਿਰੋਧੀ ਰੈਲੀ ਦੇ ਸਮਰਥਨ ਦਾ ਐਲਾਨ ਕੀਤਾ ਅਤੇ ਦੂਜੇ ਮਤੇ ਰਾਹੀਂ 9 ਜੁਲਾਈ ਦੀ ਦੇਸ਼-ਵਿਆਪੀ ਹੜਤਾਲ ਦੇ ਸਮਰਥਨ ਦਾ ਵੀ ਐਲਾਨ ਕੀਤਾ ਗਿਆ। ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਸਰਵਸਾਥੀ ਦਰਸ਼ਨ ਨਾਹਰ, ਬਲਦੇਵ ਨੂਰਪੁਰੀ, ਸੋਢੀ ਰਾਮ ਉੱਪਲਭੂਪਾ ਅਤੇ ਬਲਵਿੰਦਰ ਸਿੰਘ ਆਦਿ ਹਾਜ਼ਰ ਸਨ।





