ਪਾਣੀ ਤੇ ਵਾਤਾਵਰਣ ਦੀ ਸੰਭਾਲ ਲਈ ਲੋਕ ਸਾਥ ਦੇਣ : ਮਾਨ

0
124

ਸੁਲਤਾਨਪੁਰ ਲੋਧੀ, (ਬਲਵਿੰਦਰ ਸਿੰਘ ਧਾਲੀਵਾਲ, ਬਲਬੀਰ ਸਾਲ੍ਹਾਪੁਰੀ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਜ਼ਮੀਨ ਹੇਠਲੇ ਪਾਣੀ ਨੂੰ ਬਚਾਉਣ ਅਤੇ ਵਾਤਾਵਰਨ ਪ੍ਰਦੂਸ਼ਣ ਨੂੰ ਕੰਟਰੋਲ ਕਰਨ ਲਈ ਲੋਕਾਂ ਨੂੰ ਹਲਫ਼ ਲੈਣ ਦਾ ਸੱਦਾ ਦਿੱਤਾ।ਇੱਥੇ ਪਵਿੱਤਰ ਕਾਲੀ ਵੇਈਂ ਦੀ ਸਫ਼ਾਈ ਦੀ 25ਵੀਂ ਵਰ੍ਹੇਗੰਢ ਸੰੰਬੰਧੀ ਕਰਵਾਏ ਸਮਾਰੋਹ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਭਾਵੇਂ ਪੰਜਾਬ ਨੂੰ ਦਰਿਆਵਾਂ ਦੀ ਧਰਤੀ ਵਜੋਂ ਜਾਣਿਆ ਜਾਂਦਾ ਹੈ, ਪਰ ਮੌਜੂਦਾ ਸਮੇਂ ਸੂਬਾ ਗੰਭੀਰ ਜਲ ਸੰਕਟ ਦਾ ਸਾਹਮਣਾ ਕਰ ਰਿਹਾ ਹੈ, ਜਿਸ ਲਈ ਪਾਣੀ ਦੀ ਸੰਭਾਲ ਵੱਡੀ ਚੁਣੌਤੀ ਬਣ ਰਹੀ ਹੈ। ਉਨ੍ਹਾ ਕਿਹਾ ਕਿ ਆਪਣਾ ਕਾਰਜਭਾਰ ਸੰਭਾਲਣ ਮਗਰੋਂ ਸਾਡੀ ਸਰਕਾਰ ਨੇ ਸੂਬੇ ਭਰ ਵਿੱਚ 15,947 ਖ਼ਾਲੇ ਤੇ ਕੱਸੀਆਂ ਨੂੰ ਸੁਰਜੀਤ ਕੀਤਾ ਹੈ, ਜਿਸ ਕਾਰਨ ਦੂਰ-ਦੁਰਾਡੇ ਦੇ ਪਿੰਡਾਂ ਵਿੱਚ ਪਾਣੀ ਪਹੁੰਚ ਰਿਹਾ ਹੈ। ਮਾਨ ਨੇ ਕਿਹਾ ਕਿ ਜਦੋਂ ਉਨ੍ਹਾ ਕਾਰਜਭਾਰ ਸੰਭਾਲਿਆ, ਉਦੋਂ ਪੰਜਾਬ ਵਿੱਚ ਸਿਰਫ਼ 21 ਫੀਸਦੀ ਨਹਿਰੀ ਪਾਣੀ ਦੀ ਵਰਤੋਂ ਸਿੰਜਾਈ ਲਈ ਹੋ ਰਹੀ ਸੀ। ਮੁੱਖ ਮੰਤਰੀ ਨੇ ਕਿਹਾ ਕਿ ਅੱਜ ਇਹ ਦੱਸਦਿਆਂ ਮੈਨੂੰ ਮਾਣ ਮਹਿਸੂਸ ਹੁੰਦਾ ਹੈ ਕਿ ਹੁਣ ਨਹਿਰੀ ਪਾਣੀ ਦਾ 63 ਫੀਸਦੀ ਸਿੰਜਾਈ ਲਈ ਵਰਤਿਆ ਜਾ ਰਿਹਾ ਹੈ। ਉਨ੍ਹਾ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪਾਣੀ ਤੇ ਵਾਤਾਵਰਨ ਦੀ ਸੰਭਾਲ ਨੂੰ ਲੋਕ ਲਹਿਰ ਵਿੱਚ ਬਦਲਣ ਲਈ ਸੂਬਾ ਸਰਕਾਰ ਦੇ ਮੋਢੇ ਨਾਲ ਮੋਢਾ ਜੋੜ ਕੇ ਚੱਲਣ।
ਮੁੱਖ ਮੰਤਰੀ ਨੇ ਕਿਹਾ ਕਿ 165 ਕਿਲੋਮੀਟਰ ਲੰਮੀ ਕਾਲੀ ਵੇਈਂ ਦੀ ਸਫ਼ਾਈ ਦੇ ਵਿਸ਼ਾਲ ਹੰਭਲੇ ਨੂੰ ਇਤਿਹਾਸ ਵਿੱਚ ਸੁਨਹਿਰੀ ਅੱਖਰਾਂ ਨਾਲ ਉਕਰਿਆ ਗਿਆ ਹੈ। ਉਨ੍ਹਾ ਕਿਹਾ ਕਿ ਇਸ ਮਿਸਾਲੀ ਪਹਿਲਕਦਮੀ ਨਾਲ ਹਵਾ ਤੇ ਪਾਣੀ ਨੂੰ ਬਚਾਉਣ ਦੀ ਅਹਿਮੀਅਤ ਬਾਰੇ ਵਿਸ਼ਵ ਵਿੱਚ ਮਜ਼ਬੂਤ ਸੁਨੇਹਾ ਗਿਆ ਹੈ। ਉਹਨਾ ਬਾਬਾ ਬਲਬੀਰ ਸਿੰਘ ਸੀਚੇਵਾਲ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਨ੍ਹਾ 16 ਜੁਲਾਈ 2000 ਨੂੰ ਗੁਰਦੁਆਰਾ ਬੇਰ ਸਾਹਿਬ ਤੋਂ ਅਰਦਾਸ ਨਾਲ ਕਾਰ ਸੇਵਾ ਦੀ ਸ਼ੁਰੂਆਤ ਕੀਤੀ ਸੀ।ਇਸ ਮੌਕੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਪਤਵੰਤਿਆਂ ਦਾ ਸਵਾਗਤ ਕੀਤਾ।