ਅੰਮਿ੍ਰਤਸਰ : ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਬਣ ਰਹੀਆਂ ਉੱਚੀਆਂ ਇਮਾਰਤਾਂ ਦਾ ਸਥਾਨਕ ਸਰਕਾਰਾਂ ਵਿਭਾਗ ਨੇ ਨੋਟਿਸ ਲਿਆ ਹੈ ਅਤੇ ਇਸ ਸੰਬੰਧ ਵਿੱਚ ਨਗਰ ਨਿਗਮ ਦੇ ਕਮਿਸ਼ਨਰ ਨੂੰ ਇੱਕ ਪੱਤਰ ਭੇਜਿਆ ਹੈ, ਜਿਸ ਵਿੱਚ ਉਨ੍ਹਾ ਨੂੰ ਗੁਰੂਘਰ ਦੇ ਆਲੇ-ਦੁਆਲੇ ਹੋ ਰਹੀਆਂ ਉਸਾਰੀਆਂ ਦੀ ਉਚਾਈ ਨੂੰ ਨਿਯਮਤ ਕਰਨ ਵਾਸਤੇ ਦਿਸ਼ਾ-ਨਿਰਦੇਸ਼ ਦਿੱਤੇ ਗਏ ਹਨ। ਕੁਝ ਸਮਾਂ ਪਹਿਲਾਂ ਕੁਝ ਜਥੇਬੰਦੀਆਂ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਬਣ ਰਹੀਆਂ ਉੱਚੀਆਂ ਇਮਾਰਤਾਂ ’ਤੇ ਇਤਰਾਜ਼ ਪ੍ਰਗਟਾਇਆ ਗਿਆ ਸੀ ਅਤੇ ਇਸ ਸੰਬੰਧ ਵਿੱਚ ਸਰਕਾਰ ਨੂੰ ਨੋਟਿਸ ਲੈਣ ਦੀ ਅਪੀਲ ਕੀਤੀ ਸੀ।
ਸਥਾਨਕ ਸਰਕਾਰਾਂ ਵਿਭਾਗ ਦੇ ਅਧੀਨ ਸਕੱਤਰ ਵੱਲੋਂ ਨਗਰ ਨਿਗਮ ਦੇ ਕਮਿਸ਼ਨਰ ਨੂੰ ਭੇਜੇ ਪੱਤਰ ’ਚ ਕਿਹਾ ਗਿਆ ਹੈ ਕਿ ਸਥਾਨਕ ਸਰਕਾਰਾਂ ਮੰਤਰੀ ਦੇ ਧਿਆਨ ਵਿੱਚ ਲਿਆਂਦਾ ਗਿਆ ਹੈ ਕਿ ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਉੱਚੀਆਂ ਇਮਾਰਤਾਂ ਬਣ ਰਹੀਆਂ ਹਨ, ਜਿਸ ਦਾ ਪ੍ਰਭਾਵ ਗੁਰੂ ਘਰ ਦੀ ਦਿੱਖ ’ਤੇ ਪੈ ਰਿਹਾ ਹੈ। ਉਨ੍ਹਾ ਕਿਹਾ ਕਿ ਇਹ ਸਿੱਖ ਜਗਤ ਦਾ ਹੀ ਨਹੀਂ ਸਗੋਂ ਸਮੁੱਚੀ ਲੁਕਾਈ ਵਾਸਤੇ ਵੱਡੀ ਆਸਥਾ ਦਾ ਸਥਾਨ ਹੈ। ਇਸ ਤੋਂ ਇਲਾਵਾ ਇਹ ਗੁਰੂ ਅਸਥਾਨ ਵਿਲੱਖਣ ਅਤੇ ਵਿਰਾਸਤੀ ਦਰਜਾ ਵੀ ਰੱਖਦਾ ਹੈ।
ਉਨ੍ਹਾ ਕਮਿਸ਼ਨਰ ਨੂੰ ਹਦਾਇਤ ਕੀਤੀ ਹੈ ਕਿ ਇਸ ਸੰਬੰਧ ਵਿੱਚ ਇਮਾਰਤਾਂ ਦੀ ਉਚਾਈ ਨੂੰ ਨਿਯਮਤ ਕੀਤਾ ਜਾਵੇ ਅਤੇ ਜੇ ਕੋਈ ਪਹਿਲਾਂ ਕਾਨੂੰਨ ਹੈ ਤਾਂ ਉਸ ਦੀ ਉਲੰਘਣਾ ਹੇਠ ਸਖਤ ਕਾਰਵਾਈ ਕੀਤੀ ਜਾਵੇ। ਸਥਾਨਕ ਸਰਕਾਰਾਂ ਵਿਭਾਗ ਨੇ ਕਮਿਸ਼ਨਰ ਕੋਲੋਂ ਇੱਕ ਹਫਤੇ ਵਿੱਚ ਕਾਰਵਾਈ ਰਿਪੋਰਟ ਮੰਗੀ ਹੈ।
ਇਸ ਤੋਂ ਪਹਿਲਾਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਇਸ ਮਾਮਲੇ ਵਿੱਚ ਵਿਭਾਗ ਨੂੰ ਕਾਰਵਾਈ ਵਾਸਤੇ ਹਦਾਇਤ ਕੀਤੀ ਗਈ ਸੀ। ਕੁਝ ਸਮਾਂ ਪਹਿਲਾਂ ਇਸ ਮਾਮਲੇ ਵਿੱਚ ਸ਼੍ਰੋਮਣੀ ਕਮੇਟੀ ਵੱਲੋਂ ਇੱਥੇ ਨੇੜੇ ਹੀ ਬਣਾਈ ਜਾ ਰਹੀ ਇੱਕ ਇਮਾਰਤ ਦੀ ਉਚਾਈ ’ਤੇ ਵੀ ਇਤਰਾਜ਼ ਕੀਤਾ ਗਿਆ ਸੀ, ਜਿਸ ਤੋਂ ਬਾਅਦ ਸ਼੍ਰੋਮਣੀ ਕਮੇਟੀ ਵੱਲੋਂ ਇਮਾਰਤ ਦੀ ਵਧੇਰੇ ਉਚਾਈ ਨੂੰ ਰੋਕਣ ਬਾਰੇ ਭਰੋਸਾ ਦਿੱਤਾ ਗਿਆ ਸੀ।




