ਸ਼ਹਿਣਾ (ਬਰਨਾਲਾ) : ਨੌਜਵਾਨਾਂ ਵਿੱਚ ਪੜ੍ਹਨ ਦੀ ਆਦਤ ਪ੍ਰਫੁੱਲਤ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨੀਵਾਰ ਬਰਨਾਲਾ ਜ਼ਿਲ੍ਹੇ ਵਿੱਚ 2.80 ਕਰੋੜ ਰੁਪਏ ਦੀ ਲਾਗਤ ਨਾਲ ਬਣੀਆਂ ਅੱਠ ਜਨਤਕ ਲਾਇਬ੍ਰੇਰੀਆਂ ਸਮਰਪਤ ਕੀਤੀਆਂ।ਇਸ ਮੌਕੇ ਮੁੱਖ ਮੰਤਰੀ ਨੇ ਦੱਸਿਆ ਕਿ ਭਦੌੜ ਅਤੇ ਮਹਿਲ ਕਲਾਂ ਵਿਧਾਨ ਸਭਾ ਹਲਕਿਆਂ ਵਿੱਚ ਅੱਠ ਲਾਇਬ੍ਰੇਰੀਆਂ ਲੋਕਾਂ ਨੂੰ ਸਮਰਪਿਤ ਕੀਤੀਆਂ ਹਨ। ਉਨ੍ਹਾ ਕਿਹਾ ਕਿ ਪਿੰਡ ਸ਼ਹਿਣਾ, ਧੌਲਾ, ਤਲਵੰਡੀ, ਮੱਝੂਕੇ, ਕੁਤਬਾ, ਦੀਵਾਨਾ, ਵਜੀਦਕੇ ਕਲਾਂ ਅਤੇ ਠੁੱਲ੍ਹੀਵਾਲ ਵਿਖੇ ਬਣੀਆਂ ਇਨ੍ਹਾਂ ਅੱਠ ਲਾਇਬ੍ਰੇਰੀਆਂ ’ਤੇ ਕੁੱਲ 2.80 ਕਰੋੜ ਰੁਪਏ ਖਰਚ ਕੀਤੇ ਗਏ ਹਨ। ਉਨ੍ਹਾ ਦੱਸਿਆ ਕਿ ਹਰੇਕ ਲਾਇਬ੍ਰੇਰੀ 35 ਲੱਖ ਰੁਪਏ ਦੀ ਲਾਗਤ ਨਾਲ ਬਣਾਈ ਗਈ ਹੈ। ਆਧੁਨਿਕ ਬੁਨਿਆਦੀ ਢਾਂਚੇ ਨਾਲ ਲੈਸ ਇਨ੍ਹਾਂ ਲਾਇਬ੍ਰੇਰੀਆਂ ਵਿੱਚ ਕੰਪਿਊਟਰ, ਇੰਟਰਨੈੱਟ ਦੀ ਸਹੂਲਤ, ਮਿਆਰੀ ਸਾਹਿਤ ਅਤੇ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਲਈ ਕਿਤਾਬਾਂ ਮੁਹੱਈਆ ਕਰਵਾਈਆਂ ਗਈਆਂ ਹਨ।ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਲਾਇਬ੍ਰੇਰੀਆਂ ਨੇ ਵਿਦਿਆਰਥੀਆਂ ਵਿੱਚ ਆਪਣੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਨਵੀਂ ਉਮੀਦ ਜਗਾਈ ਹੈ।
ਉਨ੍ਹਾ ਕਿਹਾ ਕਿ ਹੁਣ ਦੂਰ-ਦੁਰਾਡੇ ਦੇ ਪਿੰਡਾਂ ਦੇ ਵਿਦਿਆਰਥੀ ਆਪਣੇ ਪਿੰਡਾਂ ਵਿੱਚ ਰਹਿ ਕੇ ਕਿਤਾਬਾਂ ਰਾਹੀਂ ਦੁਨੀਆ ਭਰ ਦਾ ਗਿਆਨ ਹਾਸਲ ਕਰ ਸਕਦੇ ਹਨ।
ਉਹਨਾ ਕਿਹਾ ਕਿ ਇਨ੍ਹਾਂ ਲਾਇਬ੍ਰੇਰੀਆਂ ਨੂੰ ਵਾਈ-ਫਾਈ, ਸੋਲਰ ਪਾਵਰ ਡਿਜੀਟਲ ਐਨਾਲੌਗ ਅਤੇ ਹੋਰ ਆਧੁਨਿਕ ਸਹੂਲਤਾਂ ਨਾਲ ਲੈਸ ਕੀਤਾ ਗਿਆ ਹੈ। ਲਾਇਬ੍ਰੇਰੀਆਂ ਵਿੱਚ ਸਮਕਾਲੀ ਸਾਹਿਤ ਤੇ ਸਿਲੇਬਸ ਦੀਆਂ ਕਿਤਾਬਾਂ ਦੇ ਨਾਲ-ਨਾਲ ਵਿਸ਼ਵ ਸਾਹਿਤ ਦੀਆਂ ਕਿਤਾਬਾਂ ਹਨ, ਜੋ ਸਿੱਖਣ ਦਾ ਅਮੀਰ ਅਨੁਭਵ ਪ੍ਰਦਾਨ ਕਰਦੀਆਂ ਹਨ।





