ਧੂਰੀ (ਮੋਹਿਤ ਗਰਗ, ਬਿੰਨੀ ਗਰਗ)
ਨਵੀਂ ਤੇ ਅਗਾਂਹਵਧੂ ਲੈਂਡ ਪੂਲਿੰਗ ਸਕੀਮ ਨੂੰ ਕਿਸਾਨ ਪੱਖੀ ਤੇ ਵਿਕਾਸ ਮੁਖੀ ਐਲਾਨਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਮਵਾਰ ਸੂਬੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਅਹਿਮ ਸਕੀਮ ਬਾਰੇ ਵਿਰੋਧੀ ਧਿਰ ਦੇ ਗੰੁਮਰਾਹਕੁਨ ਪ੍ਰਚਾਰ ਤੋਂ ਸੁਚੇਤ ਰਹਿਣ।
ਧੂਰੀ ਵਿਧਾਨ ਸਭਾ ਹਲਕੇ ਦੇ 70 ਪਿੰਡਾਂ ਨੂੰ ਵਿਕਾਸ ਕਾਰਜਾਂ ਲਈ 31.30 ਕਰੋੜ ਰੁਪਏ ਦੀਆਂ ਗਰਾਂਟਾਂ ਵੰਡਣ ਮਗਰੋਂ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਨਵੀਂ ਤੇ ਅਗਾਂਹਵਧੂ ਲੈਂਡ ਪੂਲਿੰਗ ਸਕੀਮ ਤਹਿਤ ਜ਼ਮੀਨ ਜਬਰੀ ਐਕੁਆਇਰ ਨਹੀਂ ਹੋਵੇਗੀ ਅਤੇ ਇਸ ਦਾ ਸੂਬੇ ਦੇ ਕਿਸਾਨਾਂ ਨੂੰ ਵੱਡਾ ਲਾਭ ਹੋਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕਈ ਮਸਲਿਆਂ ਉੱਤੇ ਪੰਜਾਬੀਆਂ ਦੀ ਪਿੱਠ ਵਿੱਚ ਛੁਰਾ ਮਾਰਨ ਵਾਲੇ ਅਜਿਹੇ ਆਗੂਆਂ ਦੇ ਸ਼ੱਕੀ ਕਿਰਦਾਰ ਬਾਰੇ ਪੰਜਾਬ ਦੇ ਲੋਕ ਚੰਗੀ ਤਰ੍ਹਾਂ ਜਾਣੂੰ ਹਨ। ਜਿਹੜੇ ਕਿਸਾਨ ਸਹਿਮਤ ਹੋਣਗੇ, ਉਨ੍ਹਾਂ ਦੀ ਜ਼ਮੀਨ ਹੀ ਇਸ ਨੀਤੀ ਤਹਿਤ ਲਈ ਜਾਵੇਗੀ। ਇਸ ਨੀਤੀ ਤਹਿਤ ਕਿਸਾਨਾਂ ਨੂੰ ਰਿਹਾਇਸ਼ੀ ਤੇ ਕਮਰਸ਼ੀਅਲ ਪਲਾਟ ਮਿਲਣਗੇ।ਮੁੱਖ ਮੰਤਰੀ ਨੇ ਕਿਹਾ ਕਿ ਇਸ ਲੈਂਡ ਪੂਲਿੰਗ ਸਕੀਮ ਤਹਿਤ ਬਣਨ ਵਾਲੀਆਂ ਯੋਜਨਾਬੱਧ ਕਾਲੋਨੀਆਂ ਵਿੱਚ ਕਮਰਸ਼ੀਅਲ ਜਾਇਦਾਦ ਕਿਸਾਨਾਂ ਲਈ ਆਮਦਨ ਦਾ ਸਥਾਈ ਸਰੋਤ ਬਣੇਗੀ। ਉਨ੍ਹਾ ਕਿਹਾ ਕਿ ਸੂਬਾ ਸਰਕਾਰ ਦੀ ਨਵੀਂ ਲੈਂਡ ਪੂਲਿੰਗ ਸਕੀਮ ਦਾ ਮੰਤਵ ਸੂਬੇ ਦੀ ਸਮੁੱਚੀ ਤਰੱਕੀ ਨੂੰ ਰਫ਼ਤਾਰ ਦੇਣਾ ਹੈ। ਉਨ੍ਹਾ ਕਿਹਾ ਕਿ ਇਹ ਸਕੀਮ ਸੂਬੇ ਦੇ ਸਮੁੱਚੇ ਵਿਕਾਸ ਨੂੰ ਹੁਲਾਰਾ ਦੇ ਕੇ ਹਰੇਕ ਆਮ ਆਦਮੀ ਨੂੰ ਲਾਭ ਪਹੁੰਚਾਏਗੀ। ਭਗਵੰਤ ਸਿੰਘ ਮਾਨ ਨੇ ਭਰੋਸਾ ਦਿੱਤਾ ਕਿ ਜ਼ਮੀਨ ਜਬਰੀ ਐਕੁਆਇਰ ਨਹੀਂ ਹੋਵੇਗੀ ਅਤੇ ਐਕੁਆਇਰ ਕੀਤੀ ਜ਼ਮੀਨ ਉਤੇ ਸਮੁੱਚਾ ਵਿਕਾਸ ਪਾਰਦਰਸ਼ੀ ਤੇ ਕਾਨੂੰਨ ਮੁਤਾਬਕ ਹੋਵੇਗਾ।





