ਮਾਨ ਦੀ ਧਾਮੀ ਨਾਲ ਮੁਲਾਕਾਤ

0
126

ਅੰਮਿ੍ਰਤਸਰ (ਜਸਬੀਰ ਸਿੰਘ ਪੱਟੀ, ਨਰਿੰਦਰਜੀਤ ਸਿੰਘ)
ਸ੍ਰੀ ਹਰਿਮੰਦਰ ਸਾਹਿਬ ’ਚ ਬੰਬ ਦੀਆਂ ਧਮਕੀਆਂ ਦੇਣ ਦੇ ਮਾਮਲੇ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੁਲਸ ਇਨ੍ਹਾਂ ਵਿਅਕਤੀਆਂ ਦੇ ਨੇੜੇ ਪੁੱਜ ਚੁੱਕੀ ਹੈ ਅਤੇ ਜਲਦੀ ਹੀ ਜ਼ਿੰਮੇਵਾਰ ਵਿਅਕਤੀਆਂ ਨੂੰ ਗਿ੍ਰਫਤਾਰ ਕੀਤਾ ਜਾਵੇਗਾ। ਮਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕੀਤੀ। ਇਸ ਤੋਂ ਪਹਿਲਾਂ ਉਨ੍ਹਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨਾਲ ਮਿਲ ਕੇ ਇਸ ਮਾਮਲੇ ਸੰਬੰਧੀ ਵਿਸ਼ੇਸ਼ ਚਰਚਾ ਕੀਤੀ। ਸੂਚਨਾ ਕੇਂਦਰ ਦੇ ਬਾਹਰ ਮੀਡੀਆ ਨਾਲ ਗੱਲ ਕਰਦਿਆਂ ਮੁੱਖ ਮੰਤਰੀ ਨੇ ਦੱਸਿਆ ਕਿ ਇਹ ਇੱਕ ਸੰਵੇਦਨਸ਼ੀਲ ਮਾਮਲਾ ਹੈ ਅਤੇ ਹਾਈ ਸਿਕਿਉਰਟੀ ਨਾਲ ਜੁੜਿਆ ਹੋਇਆ ਹੈ। ਇਸ ਲਈ ਉਹ ਇਸ ਮਾਮਲੇ ਵਿੱਚ ਵਧੇਰੇ ਖੁਲਾਸੇ ਨਹੀਂ ਕਰ ਸਕਦੇ। ਉਨ੍ਹਾ ਦੱਸਿਆ ਕਿ ਇਸ ਮਾਮਲੇ ਵਿੱਚ ਸਾਈਬਰ ਮੰਚ ਤੋਂ ਧਮਕੀਆਂ ਦੇਣ ਵਾਲਿਆਂ ਦੇ ਆਈ ਪੀ ਐਡਰੈਸ ਪਤਾ ਕੀਤੇ ਜਾ ਰਹੇ ਹਨ ਅਤੇ ਜਿਵੇਂ ਹੀ ਇਹ ਆਈ ਪੀ ਐਡਰੈਸ ਮਿਲਦੇ ਹਨ, ਪੁਲਸ ਵੱਲੋਂ ਮੁਲਜ਼ਮਾਂ ਨੂੰ ਕਾਬੂ ਕਰ ਲਿਆ ਜਾਵੇਗਾ। ਉਨ੍ਹਾ ਦੱਸਿਆ ਕਿ ਫਿਲਹਾਲ ਇਨ੍ਹਾਂ ਧਮਕੀਆਂ ਨੂੰ ਮੱਦੇਨਜ਼ਰ ਰੱਖਦੇ ਹੋਏ ਪੁਲਸ ਵੱਲੋਂ ਸਖਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਇਸ ਦੇ ਨਾਲ ਹੀ ਪੁਲਸ ਨੂੰ ਹਦਾਇਤ ਕੀਤੀ ਗਈ ਹੈ ਕਿ ਕਿਸੇ ਯਾਤਰੂ ਨੂੰ ਨਜਾਇਜ਼ ਤੰਗ ਪਰੇਸ਼ਾਨ ਨਾ ਕੀਤਾ ਜਾਵੇ। ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਵੀ ਵੱਖਰੇ ਤੌਰ ’ਤੇ ਗੱਲਬਾਤ ਕਰਦਿਆਂ ਦੱਸਿਆ ਕਿ ਮੁੱਖ ਮੰਤਰੀ ਨੂੰ ਸਮੁੱਚੀ ਸਥਿਤੀ ਤੋਂ ਜਾਣੂ ਕਰਵਾਇਆ ਗਿਆ ਹੈ। ਹੁਣ ਤੱਕ ਸ਼੍ਰੋਮਣੀ ਕਮੇਟੀ ਨੂੰ ਅਜਿਹੀਆਂ ਲੱਗਭੱਗ 10 ਧਮਕੀਆਂ ਭਰੇ ਈਮੇਲ ਆ ਚੁੱਕੇ ਹਨ।